ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਦਾਅਵਾ ਕਿ ਪਾਵਨ ਸਰੂਪ ਲਾਪਤਾ ਨਹੀਂ ਹੋਏ, ਸਿਰਫ ਭੇਟਾ ਦੀ ਹੇਰਾਫੇਰੀ ਹੋਈ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵਲੋਂ ਦਾਅਵਾ ਕਿ ਪਾਵਨ ਸਰੂਪ ਲਾਪਤਾ ਨਹੀਂ ਹੋਏ, ਸਿਰਫ ਭੇਟਾ ਦੀ ਹੇਰਾਫੇਰੀ ਹੋਈ

ਅੰਮ੍ਰਿਤਸਰ ਟਾਈਮਜ਼ ਬਿਊਰੋ

ਅੰਮ੍ਰਿਤਸਰ-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਾਅਵਾ ਕੀਤਾ ਹੈ ਕਿ ਪਿਛਲੇ ਲੰਬੇ ਸਮੇਂ ਤੋਂ ਜਿਨ੍ਹਾਂ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਦੀ ਗੱਲ ਕਹੀ ਜਾ ਰਹੀ ਹੈ, ਉਹ ਅਸਲ ਵਿੱਚ ਲਾਪਤਾ ਨਹੀਂ ਹੋਏ ਹਨ ਤੇ ਨਾ ਹੀ ਕੋਈ ਬੇਅਦਬੀ ਹੋਈ ਹੈ। 

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੇ ਦਾਅਵਾ ਕੀਤਾ ਹੈ ਕਿ   ਉਸ ਵੇਲੇ ਦੇ ਜ਼ਿੰਮੇਵਾਰ ਅਮਲੇ ਵੱਲੋਂ ਇਹ ਸਰੂਪ ਸੰਗਤ ਨੂੰ ਦਿੱਤੇ ਗਏ, ਪਰ ਇਨ੍ਹਾਂ ਦੀ ਭੇਟਾ ਦਰਜ ਨਹੀਂ ਕੀਤੀ ਗਈ ਤੇ ਇਹ ਭੇਟਾ ਉਨ੍ਹਾਂ ਦੀ ਜੇਬ ਵਿੱਚ ਚਲੀ ਗਈ। ਉਨ੍ਹਾਂ ਕਿਹਾ ਕਿ ਇਹ ਸਿੱਧੇ ਤੌਰ ’ਤੇ ਧੋਖਾਧੜੀ ਦਾ ਮਾਮਲਾ ਹੈ ਤੇ ਇਸ ਸਬੰਧੀ ਲਗਪਗ ਦਰਜਨ ਮੁਲਾਜ਼ਮਾਂ ਨੂੰ ਜੁਰਮਾਨਾ ਲਾਉਣ ਤੇ ਸੇਵਾਵਾਂ ਖਤਮ ਕਰਨ ਦੀ ਕਾਰਵਾਈ ਕੀਤੀ ਗਈ ਹੈ। ਇਸ ਮਾਮਲੇ ਵਿੱਚ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਕਰਵਾਈ ਗਈ ਜਾਂਚ ਦੀ ਰਿਪੋਰਟ ਦਾ ਹਵਾਲਾ ਦਿੰਦਿਆਂ  ਧਾਮੀ ਨੇ ਕਿਹਾ ਕਿ ਰਿਪੋਰਟ ਵਿੱਚ ਸਪੱਸ਼ਟ ਹੈ ਇਹ ਸਰੂਪ ਸੰਗਤ ਨੂੰ ਭੇਜੇ ਗਏ ਹਨ।ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿਚ ਹੁਣ ਤੱਕ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਕਾਫ਼ੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ ਹੈ। ਇਸ ਮੁੱਦੇ ਸਬੰਧੀ ਸਿੱਖ ਸਦਭਾਵਨਾ ਦਲ ਦਾ ਧਰਨਾ ਹੁਣ ਵੀ ਜਾਰੀ ਹੈ। ਇਸ ਤੋਂ ਇਲਾਵਾ ਹੋਰ ਕਈ ਸਿੱਖ ਜਥੇਬੰਦੀਆਂ ਵੀ ਲਗਾਤਾਰ ਸਵਾਲ ਖੜ੍ਹੇ ਕਰ ਰਹੀਆਂ ਹਨ।