ਬਹਿਬਲ ਗੋਲੀ ਕਾਂਡ ਦੇ ਮਾਮਲੇ ਵਿਚ ਮੁਲਜ਼ਮਾਂ ਦੀਆਂ ਅਰਜ਼ੀਆਂ ਖਾਰਜ

ਬਹਿਬਲ ਗੋਲੀ ਕਾਂਡ ਦੇ ਮਾਮਲੇ ਵਿਚ ਮੁਲਜ਼ਮਾਂ ਦੀਆਂ ਅਰਜ਼ੀਆਂ ਖਾਰਜ

ਅੰਮ੍ਰਿਤਸਰ ਟਾਈਮਜ਼ ਬਿਉਰੋ

ਫਰੀਦਕੋਟਬਹਿਬਲ ਗੋਲੀ ਕਾਂਡ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਪੁਲੀਸ ਅਧਿਕਾਰੀਆਂ ਵੱਲੋਂ ਕੇਸ ਦੀ ਸੁਣਵਾਈ ਰੋਕਣ ਸਬੰਧੀ ਦਿੱਤੀਆਂ ਚਾਰ ਅਰਜ਼ੀਆਂ ਸਥਾਨਕ ਵਧੀਕ ਸੈਸ਼ਨ ਜੱਜ ਹਰਬੰਸ ਸਿੰਘ ਲੇਖੀ ਨੇ ਰੱਦ ਕਰਨ ਦਾ ਹੁਕਮ ਦਿੱਤਾ ਹੈ। ਮੁਲਜ਼ਮਾਂ ਨੇ ਇੱਕ ਅਰਜ਼ੀ ਵਿੱਚ ਮੰਗ ਕੀਤੀ ਸੀ ਕਿ ਜਿੰਨਾ ਚਿਰ ਸੁਮੇਧ ਸੈਣੀ ਅਦਾਲਤ ਵਿੱਚ ਪੇਸ਼ ਨਹੀਂ ਹੁੰਦੇ, ਓਨਾ ਚਿਰ ਬਾਕੀ ਮੁਲਜ਼ਮਾਂ ਖਿਲਾਫ਼ ਸੁਣਵਾਈ ਰੋਕੀ ਜਾਵੇ। ਦੂਜੀ ਅਰਜ਼ੀ ਵਿੱਚ ਬਹਿਬਲ ਗੋਲੀ ਕਾਂਡ ਵਾਲੇ ਦਿਨ ਪੁਲੀਸ ਉੱਪਰ ਹਮਲਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ ਸੀ ਅਤੇ ਇੱਕ ਹੋਰ ਅਰਜ਼ੀ ਵਿੱਚ ਕਿਹਾ ਗਿਆ ਸੀ ਕਿ ਵਿਸ਼ੇਸ਼ ਜਾਂਚ ਟੀਮ ਪੁਲੀਸ ਤੇ ਹਮਲਾ ਹੋਣ ਸਬੰਧੀ ਦਰਜ ਹੋਏ ਕੇਸ ਦੀ ਸਟੇਟਸ ਰਿਪੋਰਟ ਅਦਾਲਤ ਵਿੱਚ ਪੇਸ਼ ਕਰੇ। ਅਦਾਲਤ ਨੇ ਮੁਲਜ਼ਮਾਂ ਦੀਆਂ ਅਰਜ਼ੀਆਂ ਨੂੰ ਬੇਲੋੜੀਆਂ ਅਤੇ ਗੈਰਕਾਨੂੰਨੀ ਕਰਾਰ ਦਿੰਦਿਆਂ ਰੱਦ ਕਰਨ ਦਾ ਹੁਕਮ ਦਿੱਤਾ ਅਤੇ ਸੁਣਵਾਈ 18 ਜਨਵਰੀ ਮੁਕੱਰਰ ਕੀਤੀ ਹੈ। ਇਹ ਅਰਜ਼ੀਆਂ ਰੱਦ ਹੋਣ ਨਾਲ ਮੁਲਜ਼ਮਾਂ ਖਿਲਾਫ਼ ਦੋਸ਼ ਆਇਦ ਹੋਣ ਲਈ ਕਾਨੂੰਨੀ ਤੌਰ ਤੇ ਅੜਚਣਾਂ ਦੂਰ ਹੋ ਗਈਆਂ ਹਨ। ਇਸੇ ਤਰ੍ਹਾਂ  ਬੇਅਦਬੀ ਕਾਂਡ ਨਾਲ ਜੁੜੇ ਤਿੰਨ ਮਾਮਲਿਆਂ ਦੀ ਸੁਣਵਾਈ ਵੀ ਇਲਾਕਾ ਮੈਜਿਸਟਰੇਟ ਮਿਸ ਤਰਜਨੀ ਦੀ ਅਦਾਲਤ ਵਿੱਚ ਹੋਣੀ ਸੀ ਪਰ  ਕੋਈ ਸੁਣਵਾਈ ਨਹੀਂ ਹੋ ਸਕੀ। ਅਦਾਲਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਗਲੀਆਂ ਵਿੱਚ ਖਿਲਾਰਨ ਅਤੇ ਇਤਰਾਜ਼ਯੋਗ ਪੋਸਟਰ ਲਾਉਣ ਦੇ ਮਾਮਲੇ ਦੀ ਸੁਣਵਾਈ 11 ਜਨਵਰੀ ਤੱਕ ਮੁਲਤਵੀ ਕਰ ਦਿੱਤੀ ਜਦੋਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਸਰੂਪ ਚੋਰੀ ਕਰਨ ਦੇ ਮਾਮਲੇ ਦੀ ਸੁਣਵਾਈ 2 ਫਰਵਰੀ ਨੂੰ ਹੋਵੇਗੀ।