ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਭਾਈ ਬਿੱਟੂ ਮੀਰੀ ਪੀਰੀ ਦਿਹਾੜੇ ਮੌਕੇ ਅਨੰਦਪੁਰ ਸਾਹਿਬ ਵਿਖੇ  ਸੱਦਣਗੇ  ਵਿਸ਼ਵ ਸਿੱਖ ਇਕੱਤਰਤਾ

ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਭਾਈ ਬਿੱਟੂ ਮੀਰੀ ਪੀਰੀ ਦਿਹਾੜੇ ਮੌਕੇ ਅਨੰਦਪੁਰ ਸਾਹਿਬ ਵਿਖੇ  ਸੱਦਣਗੇ  ਵਿਸ਼ਵ ਸਿੱਖ ਇਕੱਤਰਤਾ

ਅੰਮ੍ਰਿਤਸਰ ਟਾਈਮਜ਼  ਬਿਊਰੋ

ਅੰਮਿ੍ਤਸਰ-ਤੀਜੇ ਘੱਲੂਘਾਰੇ ਤੋਂ ਬਾਅਦ ਉੱਠੇ ਸੰਘਰਸ਼ ਦੀਆਂ ਆਗੂ, ਸਹਿਯੋਗੀ ਅਤੇ ਹਮਦਰਦ ਸਫ਼ਾਂ ਵਿਚ ਰਹੇ ਭਾਈ ਦਲਜੀਤ ਸਿੰਘ ਬਿੱਟੂ ਸਮੇਤ ਹੋਰ ਪੰਥਕ ਸ਼ਖ਼ਸੀਅਤਾਂ ਨੇ  ਇਥੇ ਐਲਾਨ ਕੀਤਾ ਕਿ ਮੌਜੂਦਾ ਹਾਲਾਤ ਵਿਚੋਂ ਸਿੱਖਾਂ ਨੂੰ ਕੱਢਣ ਲਈ ਕੀਤੇ ਜਾ ਰਹੇ ਸਾਂਝੇ ਯਤਨਾਂ ਤਹਿਤ ਮੀਰੀ ਪੀਰੀ ਦਿਹਾੜੇ ਮੌਕੇ ਜੂਨ ਵਿਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ ।ਇਸ ਇਕੱਤਰਤਾ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੀ ਸੇਵਾ ਸੰਭਾਲ ਵਿਚ ਪੰਚ ਪ੍ਰਧਾਨੀ ਅਗਵਾਈ ਅਤੇ ਗੁਰਮਤੇ ਦੀ ਬਹਾਲੀ ਬਾਰੇ ਪੰਥਕ ਰਵਾਇਤ ਅਨੁਸਾਰ ਸਾਂਝਾ ਫੈਸਲਾ ਲਿਆ ਜਾਵੇਗਾ । ਭਾਈ ਦਲਜੀਤ ਸਿੰਘ ਬਿੱਟੂ, ਭਾਈ ਨਰਾਇਣ ਸਿੰਘ ਚੌੜਾ, ਭੁਪਿੰਦਰ ਸਿੰਘ ਭਲਵਾਨ, ਭਾਈ ਸਤਨਾਮ ਸਿੰਘ ਖੰਡੇਵਾਲਾ ਅਤੇ ਹੋਰ ਸਿੱਖ ਆਗੂਆਂ ਨੇ ਕਿਹਾ ਕਿ ਭਾਰਤੀ ਸਟੇਟ ਸਿੱਖਾਂ ਵਿਚ ਆਏ ਵਰਤਮਾਨ ਖਿੰਡਾਓ ਨੂੰ ਹੋਰ ਵਧਾ ਰਹੀ ਹੈ ਤੇ ਸਿੱਖਾਂ ਦੇ ਮਸਲਿਆਂ, ਆਪਸੀ ਵਖਰੇਵਿਆਂ, ਮਤਭੇਦਾਂ ਅਤੇ ਵਿਵਾਦਤ ਮੁੱਦਿਆਂ ਨੂੰ ਹਵਾ ਦਿੱਤੀ ਜਾ ਰਹੀ ਹੈ ।ਭਾਈ ਬਿੱਟੂ ਨੇ ਕਿਹਾ ਕਿ ਸਿੱਖ ਸੰਸਥਾਵਾਂ ਤੇ ਆਗੂਆਂ ਦਰਮਿਆਨ ਸੰਵਾਦ ਰਚਾਉਣ ਦੇ ਉਦੇਸ਼ ਤਹਿਤ 28 ਜੂਨ ਨੂੰ ਮੀਰੀ-ਪੀਰੀ ਦਿਵਸ 'ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਸ਼ਵ ਸਿੱਖ ਇਕੱਤਰਤਾ ਸੱਦੀ ਜਾਵੇਗੀ ਤਾਂ ਕਿ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੋਟ ਰਾਜਨੀਤੀ ਵਾਲੀਆਂ ਪਾਰਟੀਆਂ ਦੇ ਪ੍ਰਭਾਵ ਤੋਂ ਮੁਕਤ ਕਰਨ ਅਤੇ ਇਸ ਦੀ ਸੇਵਾ ਸੰਭਾਲ ਪੰਥਕ ਰਵਾਇਤਾਂ ਅਨੁਸਾਰ ਕਰਨ ਬਾਰੇ ਸਾਂਝਾ ਫੈਸਲਾ ਲਿਆ ਜਾ ਸਕੇ ।ਇਸ ਮੌਕੇ ਭਾਈ ਲਾਲ ਸਿੰਘ ਅਕਾਲਗੜ੍ਹ, ਭਾਈ ਰਜਿੰਦਰ ਸਿੰਘ ਮੁਗਲਵਾਲ, ਭਾਈ ਸਤਨਾਮ ਸਿੰਘ ਝੰਜੀਆਂ, ਭਾਈ ਅਮਰੀਕ ਸਿੰਘ ਈਸੜੂ, ਭਾਈ ਹਰਦੀਪ ਸਿੰਘ ਮਹਿਰਾਜ, ਭਾਈ ਮਨਜੀਤ ਸਿੰਘ ਫਗਵਾੜਾ ਅਤੇ ਭਾਈ ਸੁਖਦੇਵ ਸਿੰਘ ਡੋਡ ਆਦਿ ਵੀ ਹਾਜ਼ਰ ਸਨ ।