ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਦੀ ਸਿੱਖ ਜਗਤ ਨੂੰ ਦਿੱਤੀ ਵਧਾਈ
ਅੰਮ੍ਰਿਤਸਰ ਟਾਈਮਜ਼ ਬਿਊਰੋ
ਨਵੀਂ ਦਿੱਲੀ, 11 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਮੁੱਚੇ ਸਿੱਖ ਜਗਤ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਹੈ। ਆਪਣੇ ਵਧਾਈ ਸੰਦੇਸ਼ ਵਿਚ ਉਨ੍ਹਾਂ ਆਖਿਆ ਕਿ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੀ ਕੈਦ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਮਨਾਇਆ ਜਾਂਦਾ ਇਹ ਦਿਹਾੜਾ ਮਾਨਵਤਾ ਦੇ ਹੱਕ ਵਿਚ ਅਵਾਜ਼ ਬੁਲੰਦ ਕਰਨ ਦੀ ਪ੍ਰੇਰਣਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਜੀ ਨੇ ਆਪਣੇ ਨਾਲ 52 ਰਾਜਿਆਂ ਨੂੰ ਮੁਗ਼ਲ ਕੈਦ ਵਿੱਚੋਂ ਰਿਹਾਅ ਕਰਵਾ ਕੇ ਵਿਸ਼ਵ ਦੇ ਧਾਰਮਿਕ ਇਤਿਹਾਸ ਅੰਦਰ ਪਰਉਪਕਾਰ ਦੀ ਮਿਸਾਲੀ ਉਦਾਹਰਨ ਪੇਸ਼ ਕੀਤੀ। ਐਡਵੋਕੇਟ ਧਾਮੀ ਨੇ ਬੰਦੀ ਛੋੜ ਦਿਵਸ ਮੌਕੇ ਗੁਰੂ ਸਾਹਿਬ ਦੇ ਉਪਦੇਸ਼ਾਂ ਦੀ ਰੌਸ਼ਨੀ ਵਿਚ ਜੀਵਨ ਜਿਊਣ ਦੀ ਸੰਗਤ ਨੂੰ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਬੰਦੀ ਛੋੜ ਦਿਵਸ ਮੌਕੇ ਅਸੀਂ ਆਪਣਾ ਚੌਗਿਰਦਾ ਰੁਸ਼ਨਾਉਣਾ ਹੈ, ਉਥੇ ਹੀ ਗੁਰਬਾਣੀ ਜਾਪ ਦੁਆਰਾ ਆਪਣਾ ਮਨ ਵੀ ਰੌਸ਼ਨ ਕਰਨਾ ਹੈ।
ਦੱਸਣਯੋਗ ਹੈ ਕਿ ਸਿੱਖ ਕੌਮ ਦੀ ਚਲਦੀ ਆ ਰਹੀ ਪ੍ਰੰਪਰਾ ਅਨੁਸਾਰ ਭਲਕੇ 12 ਨਵੰਬਰ ਨੂੰ ਸ਼ਾਮ 5 ਵਜੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਸਿੱਖ ਕੌਮ ਦੇ ਨਾਂ ਸੰਦੇਸ਼ ਦੇਣਗੇ। ਬੰਦੀ ਛੋੜ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਗੁਰਮਤਿ ਸਮਾਗਮ ਜਾਰੀ ਹਨ, ਜੋ 13 ਨਵੰਬਰ ਤੱਕ ਚੱਲਣਗੇ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸੁੰਦਰ ਦੀਪਮਾਲਾ ਤੇ ਆਤਿਸ਼ਬਾਜ਼ੀ ਵੀ ਹੋਵੇਗੀ।
Comments (0)