ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਵੈਧਤਾ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਵੈਧਤਾ ਨੂੰ ਸੁਪਰੀਮ ਕੋਰਟ ਨੇ ਬਰਕਰਾਰ ਰੱਖਿਆ

ਐਸਜੀਪੀਸੀ ਨੂੰ ਲਗਿਆ ਝਟਕਾ, ਪਟੀਸ਼ਨ ਹੋਈ ਖਾਰਿਜ 

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 20 ਸਤੰਬਰ (ਮਨਪ੍ਰੀਤ ਸਿੰਘ ਖਾਲਸਾ):- ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਨ ਐਕਟ 2014 ਦੀ ਵੈਧਤਾ ਨੂੰ ਬਰਕਰਾਰ ਰੱਖਿਆ ਅਤੇ ਐਕਟ ਦੀ ਸੰਵਿਧਾਨਕਤਾ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ਨੂੰ ਖਾਰਿਜ ਕਰ ਦਿੱਤਾ । 

ਜਸਟਿਸ ਹੇਮੰਤ ਗੁਪਤਾ ਅਤੇ ਜਸਟਿਸ ਵਿਕਰਮ ਨਾਥ ਦੀ ਬੈਂਚ ਨੇ ਇਹ ਫੈਸਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਭਜਨ ਸਿੰਘ ਵੱਲੋਂ 2014 ਵਿੱਚ ਦਾਇਰ ਇੱਕ ਰਿੱਟ ਪਟੀਸ਼ਨ ਵਿੱਚ ਸੁਣਾਇਆ। ਜਿਕਰਯੋਗ ਹੈ ਕਿ 2019 ਵਿੱਚ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਵੀ ਇਸ ਐਕਟ ਨੂੰ ਚੁਣੌਤੀ ਦੇਣ ਵਾਲੀ ਇੱਕ ਰਿੱਟ ਪਟੀਸ਼ਨ ਦਾਇਰ ਕੀਤੀ ਸੀ।

ਜਸਟਿਸ ਗੁਪਤਾ ਨੇ ਕਿਹਾ ਕਿ ਪਟੀਸ਼ਨਾਂ ਨੂੰ ਖਾਰਜ ਕਰ ਦਿੱਤਾ ਗਿਆ ਹੈ ਅਤੇ ਐਕਟ ਦੀ ਵੈਧਤਾ ਨੂੰ ਬਰਕਰਾਰ ਰੱਖਿਆ ਗਿਆ ਹੈ।  ਪਟੀਸ਼ਨਕਰਤਾ ਨੇ ਹਰਿਆਣਾ ਦੇ ਵਿਧਾਨ ਨੂੰ ਇਹ ਦਲੀਲ ਦੇ ਕੇ ਚੁਣੌਤੀ ਦਿੱਤੀ ਕਿ ਰਾਜ ਵਿਧਾਨ ਸਭਾ ਕੋਲ ਗੁਰਦੁਆਰਾ ਪ੍ਰਬੰਧਨ ਲਈ ਇਕ ਸੰਸਥਾ ਬਣਾਉਣ ਦੀ ਸ਼ਕਤੀ ਦੀ ਘਾਟ ਹੈ ਕਿਉਂਕਿ ਅਜਿਹੀ ਸ਼ਕਤੀ ਸੰਸਦ ਕੋਲ ਰਾਖਵੀਂ ਹੈ। ਹਰਿਆਣਾ ਦੇ ਕਾਨੂੰਨ ਨੂੰ ਸਿੱਖ ਗੁਰਦੁਆਰਾ ਐਕਟ, 1925, ਰਾਜ ਪੁਨਰਗਠਨ ਐਕਟ, 1956, ਪੰਜਾਬ ਪੁਨਰਗਠਨ ਐਕਟ, 1966 ਦੇ ਨਾਲ-ਨਾਲ ਅੰਤਰਰਾਜੀ ਕਾਰਪੋਰੇਸ਼ਨ ਐਕਟ, 1957 ਦੀ ਉਲੰਘਣਾ ਵਜੋਂ ਚੁਣੌਤੀ ਦਿੱਤੀ ਗਈ ਸੀ ।

ਧਿਆਨਦੇਣ ਯੋਗ ਹੈ ਕਿ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਐਕਟ-2014 ਤਹਿਤ ਸੂਬੇ ਦੇ ਗੁਰਦੁਆਰਿਆਂ ਦੇ ਪ੍ਰਬੰਧਾਂ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ। ਹਰਿਆਣਾ ਸਿੱਖ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਸੁਪਰੀਮ ਕੋਰਟ ਵਲੋਂ ਸ਼੍ਰੋਮਣੀ ਕਮੇਟੀ ਦੀ ਪਟੀਸ਼ਨ ਰੱਦ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੰਵਿਧਾਨਕ ਕਰਾਰ ਦਿੱਤੇ ਜਾਣ ‘ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਹੈ।