ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ

ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ

18 ਦਸੰਬਰ 2021 - ਹਰਿਮੰਦਰ ਸਾਹਿਬ ਵਿੱਚ ਰਹਿਰਾਸ ਸਾਹਿਬ ਦੇ ਪਾਠ ਸਮੇਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਕਰਨ ਵਾਲੇ ਸ਼ਖਸ ਦੀ ਕੁਝ ਸੰਗਤਾਂ ਵੱਲੋਂ ਕੁੱਟਮਾਰ ਕੀਤੀ ਗਈ ਸੀ, ਪੁਲਿਸ ਨੇ ਮੁਲਜ਼ਮ ਦੀ ਮੌਤ ਦੀ ਪੁਸ਼ਟੀ ਕੀਤੀ ਸੀ।ਅਕਾਲ ਤਖਤ ਦੇ ਜਥੇਦਾਰ ਅਤੇ ਐੱਸਜੀਪੀਸੀ ਨੇ ਇਸ ਘਟਨਾ ਪਿੱਛੇ ਬਹੁਤ ਵੱਡੀ ਸਾਜ਼ਿਸ਼ ਅਤੇ ਸਿੱਖ ਕੌਮ ਉੱਪਰ ਹਮਲਾ ਕਰਾਰ ਦਿੱਤਾ ਸੀ।

19 ਦਸੰਬਰ 2021 - ਕਪੂਰਥਲਾ ਦੇ ਪਿੰਡ ਨਿਜ਼ਾਮਪੁਰ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਇੱਕ ਵਿਅਕਤੀ 'ਤੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਦੇ ਇਲਜ਼ਾਮ ਲੱਗੇ ਸੀ ਜਿਨ੍ਹਾਂ ਦੀ ਪੁਲਿਸ ਨੇ ਪੁਸ਼ਟੀ ਨਹੀਂ ਕੀਤੀ ਸੀ।ਮੁਲਜ਼ਮ ਨੂੰ ਪਿੰਡ ਵਾਲਿਆਂ ਨੇ ਕਾਬੂ ਕਰਕੇ ਪੁਲਿਸ ਦੇ ਸਾਹਮਣੇ ਕੁੱਟ-ਕੁੱਟ ਕੇ ਮਾਰ ਦਿੱਤਾ ਸੀ।

15 ਅਕਤੂਬਰ 2021 ਨੂੰ ਸਿੰਘੂ ਬਾਰਡਰ ਉੱਤੇ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਬੈਠੇ ਕੁਝ ਨਿਹੰਗਾਂ ਨੇ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਤ ਲਖਬੀਰ ਸਿੰਘ ਨਾਮ ਦੇ ਵਿਅਕਤੀ ਨੂੰ ਕਤਲ ਕਰ ਦਿੱਤਾ ਸੀ।

13 ਸਤੰਬਰ 2021 - ਅਕਾਲ ਤਖਤ ਕੇਸਗੜ੍ਹ ਸਾਹਿਬ ਆਨੰਦਪੁਰ ਸਾਹਿਬ ਵਿਖੇ ਪਰਮਜੀਤ ਸਿੰਘ ਵਾਸੀ ਲੁਧਿਆਣਾ ਵੱਲੋਂ ਸਿਗਰਟ ਦਾ ਧੂੰਆ ਮਾਰ ਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ, ਜਿਸ ਨੂੰ ਟਾਸਕ ਫੋਰਸ ਨੇ ਕਾਬੂ ਕਰਕੇ ਪੁਲਿਸ ਹਵਾਲੇ ਕੀਤਾ ਸੀ।

26 ਜੁਲਾਈ 2016 ਨੂੰ 47 ਸਾਲਾ ਬਲਵਿੰਦਰ ਕੌਰ ਨੂੰ ਦਿਨ-ਦਿਹਾੜੇ ਦੋ ਮੋਟਰ ਸਾਈਕਲ ਸਵਾਰਾਂ ਨੇ ਕਤਲ ਕਰ ਦਿੱਤਾ। ਬਲਵਿੰਦਰ ਕੌਰ ਉੱਤੇ ਲੁਧਿਆਣਾ ਦੇ ਘਵੱਦੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਇਲਜ਼ਾਮ ਸੀ।

ਬਰਗਾੜੀ ਬੇਅਦਬੀ ਤੇ ਬਹਿਬਲਕਲਾਂ-ਕੋਟਕਪੂਰਾ ਗੋਲੀਕਾਂਡ

1 ਜੂਨ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੀੜ ਕੋਟਕਪੂਰਾ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਲਾਪਤਾ ਹੋਈ ਸੀ।

25 ਸਤੰਬਰ 2015 ਨੂੰ ਬਰਗਾੜੀ ਦੇ ਗੁਰਦੁਆਰਾ ਸਾਹਿਬ ਦੇ ਕੋਲ ਪੋਸਟਰ ਲਗਾ ਕੇ ਮਾੜੀ ਭਾਸ਼ਾ ਵਰਤੀ ਗਈ। ਪੋਸਟਰਾਂ ਵਿੱਚ ਚੋਰੀ ਹੋਏ ਸਰੂਪਾਂ ਵਿੱਚ ਡੇਰਾ ਸਿਰਸਾ ਦਾ ਹੱਥ ਹੋਣ ਦਾ ਦਾਅਵਾ ਕੀਤਾ ਗਿਆ ਤੇ ਸਿੱਖ ਸੰਸਥਾਵਾਂ ਨੂੰ ਖੁੱਲੀ ਚੁਣੌਤੀ ਦਿੱਤੀ ਗਈ ਸੀ।

12 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੇ ਅੰਗ ਫਰੀਦਕੋਟ ਦੇ ਬਰਗਾੜੀ ਪਿੰਡ ਵਿੱਚੋਂ ਮਿਲੇ ਸੀ।

14 ਅਕਤੂਬਰ 2015 - ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖ ਜਥੇਬੰਦਆਂ ਨੇ ਰੋਸ ਮੁਜ਼ਾਹਰਾ ਕੀਤਾ ਸੀ। ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੂੰ ਖਦੇੜਨ ਲਈ ਪੁਲਿਸ ਨੇ ਲੋਕਾਂ ਉੱਤੇ ਲਾਠੀਚਾਰਜ ਕੀਤਾ ਸੀ।

ਇਸੇ ਦਿਨ ਬਹਿਬਲ ਕਲਾਂ ਵਿੱਚ ਸਿੱਖਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ 'ਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿੱਚ ਦੋ ਸਿੱਖ ਨੌਜਵਾਨਾਂ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ।

ਬੇਅਦਬੀ ਦੇ ਖਿਲਾਫ ਸਖਤ ਕਾਨੂੰਨ ਨੂੰ ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ

ਬੇਅਦਬੀ ਦੇ ਖਿਲਾਫ਼ ਸਖਤ ਕਾਨੂੰਨ ਦੇ ਲਈ ਤਤਕਾਲੀ ਬਾਦਲ ਸਰਕਾਰ ਨੇ ਆਈਪੀਸੀ ਵਿੱਚ ਬਦਲਾਅ ਕਰਕੇ ਉਮਰ ਕੈਦ ਦੀ ਸਜ਼ਾ ਰੱਖੀ ਸੀ । ਪਰ ਕੇਂਦਰ ਸਰਕਾਰ ਨੇ ਇਸ ਨੂੰ ਮਨਜ਼ੂਰ ਨਹੀਂ ਕੀਤੀ ,ਕਿਉਂਕਿ ਬੇਅਦਬੀ ਦੇ ਕਾਨੂੰਨ ਵਿੱਚ ਸਿਰਫ਼ ਸਿੱਖ ਧਰਮ ਦਾ ਹੀ ਜ਼ਿਕਰ ਸੀ । ਇਸ ਤੋਂ ਬਾਅਦ ਤਤਕਾਲੀ ਕੈਪਟਨ ਸਰਕਾਰ ਨੇ ਇਸ ਵਿੱਚ ਸਾਰੇ ਧਰਮਾਂ ਨੂੰ ਸ਼ਾਮਲ ਕਰਕੇ ਕੇਂਦਰ ਸਰਕਾਰ ਨੂੰ ਭੇਜਿਆ ਪਰ ਹੁਣ ਤੱਕ ਇਸ ਨੂੰ ਮੋਦੀ ਸਰਕਾਰ ਨੇ ਮਨਜ਼ੂਰੀ ਨਹੀਂ ਦਿੱਤੀ ਹੈ । ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਵੀ ਇਸ ਨੂੰ ਪਾਸ ਕਰਨ ਦੀ ਮੰਗ ਕਰ ਚੁੱਕੇ ਹਨ।