39 ਸਾਲਾਂ ਬਾਅਦ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਹੋਏ ਆਇਦ

39 ਸਾਲਾਂ ਬਾਅਦ ਸਿੱਖ ਕਤਲੇਆਮ ਨਾਲ ਸਬੰਧਤ ਇੱਕ ਹੋਰ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਦੋਸ਼ ਹੋਏ ਆਇਦ

ਕੇਸ ਵਿੱਚੋਂ ਧਾਰਾ 302 ਹਟਾ ਕੇ ਮਾਮਲਾ ਨਰਮ ਕਰਣ ਦੀ ਕੋਸ਼ਿਸ਼ 

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ 23 ਅਗਸਤ (ਮਨਪ੍ਰੀਤ ਸਿੰਘ ਖਾਲਸਾ):-ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਸਿੱਖਾਂ ਦੇ ਕਤਲੇਆਮ ਨਾਲ ਸਬੰਧਤ 1984 ਦੇ ਇਕ ਹੋਰ ਮਾਮਲੇ ਵਿੱਚ ਰਾਉਜ਼ ਐਵੇਨਿਊ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਵਿਰੁੱਧ ਦੋਸ਼ ਆਇਦ ਕੀਤੇ ਹਨ। ਰਾਉਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਆਈਪੀਸੀ ਦੀਆਂ ਧਾਰਾਵਾਂ 147,148,153ਏ, 295 ਆਰ /ਡਬਲਊ 149, 307, 308, 323, 325, 395,436 ਤਹਿਤ ਦੋਸ਼ ਆਇਦ ਕੀਤੇ ਹਨ। ਰਾਉਜ਼ ਐਵੇਨਿਊ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਕਤਲ ਦੀ ਧਾਰਾ 302 ਨੂੰ ਰੱਦ ਕਰ ਦਿੱਤਾ ਹੈ। 

ਸੁਣਵਾਈ ਦੌਰਾਨ ਅਦਾਲਤ ਨੂੰ ਦੱਸਿਆ ਗਿਆ ਕਿ ਸੱਜਣ ਕੁਮਾਰ ਇਸ ਮਾਮਲੇ ਵਿੱਚ ਜਮਾਨਤ ਤੇ ਹੋਣ ਕਰਕੇ ਹਿਰਾਸਤ ਵਿੱਚ ਨਹੀਂ ਹੈ। ਪਰ ਹੋਰ ਮਾਮਲਿਆਂ ਵਿੱਚ ਉਹ ਜੇਲ੍ਹ ਵਿੱਚ ਬੰਦ ਹੈ। ਐਸਆਈਟੀ ਨੇ ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 147, 148, 149, 153ਏ, 295, 436, 395, 307, 302, 102ਬੀ ਤਹਿਤ ਚਾਰਜਸ਼ੀਟ ਦਾਖ਼ਲ ਕੀਤੀ ਸੀ। ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ, ਓਸ ਸਮੇਂ ਦੇ ਕਾਨੂੰਨੀ ਸਲਾਹਕਾਰ ਜਸਵਿੰਦਰ ਸਿੰਘ ਜੌਲੀ ਅਤੇ ਨੌਜੁਆਨ ਵਕੀਲ ਹਰਪ੍ਰੀਤ ਸਿੰਘ ਹੋਰਾਂ ਵਲੋਂ ਕੀਤੀ ਗਈ ਮਿਹਨਤ ਸਦਕਾ 2015 ਵਿੱਚ, ਐਸਆਈਟੀ ਨੇ ਜਨਕਪੁਰੀ ਅਤੇ ਵਿਕਾਸਪੁਰੀ ਵਿੱਚ ਐਫਆਈਆਰ ਦਰਜ ਕਰਕੇ ਸਿੱਖ ਦੰਗਿਆਂ ਦੇ ਮਾਮਲੇ ਵਿੱਚ ਜਾਂਚ ਸ਼ੁਰੂ ਕੀਤੀ ਸੀ। 1 ਨਵੰਬਰ, 1984 ਨੂੰ ਜਨਕਪੁਰੀ ਵਿੱਚ ਦੋ ਸਿੱਖਾਂ, ਸੋਹਣ ਸਿੰਘ ਅਤੇ ਉਸਦੇ ਜਵਾਈ ਅਵਤਾਰ ਸਿੰਘ ਨੂੰ ਮਾਰ ਦਿੱਤਾ ਗਿਆ ਸੀ। ਗੁਰਚਰਨ ਸਿੰਘ ਨੂੰ ਵਿਕਾਸਪੁਰੀ ਥਾਣਾ ਖੇਤਰ ਵਿੱਚ ਸਾੜ ਦਿੱਤਾ ਗਿਆ ਸੀ ਤੇ ਬਾਅਦ ਉਸਦੀ ਮੌਤ ਹੋ ਗਈ। ਇਸ ਮਾਮਲੇ ਵਿੱਚ ਐਸਆਈਟੀ ਨੇ ਮਈ 2018 ਵਿੱਚ ਸੱਜਣ ਕੁਮਾਰ ਦਾ ਪੋਲੀਗ੍ਰਾਫੀ ਟੈਸਟ ਵੀ ਕਰਵਾਇਆ ਸੀ। ਅਦਾਲਤ ਅੰਦਰ ਚਲ ਰਹੇ ਇਸ ਮਾਮਲੇ ਦੀ ਅਗਲੀ ਸੁਣਵਾਈ 21 ਸਤੰਬਰ ਨੂੰ ਹੋਵੇਗੀ।