ਰਾਜੀਵ ਗਾਂਧੀ ਕਤਲ ਦੀ ਦੋਸ਼ੀ ਨਲਿਨੀ ਆਪਣੀ ਰਿਹਾਈ ਲਈ ਪੇਰਾਰੀਵਲਨ ਕੇਸ ਦੇ ਫੈਸਲੇ ਦਾ ਹਵਾਲਾ ਦਿੰਦੇ ਸੁਪਰੀਮ ਕੋਰਟ ਪਹੁੰਚੀ

ਰਾਜੀਵ ਗਾਂਧੀ ਕਤਲ ਦੀ ਦੋਸ਼ੀ ਨਲਿਨੀ ਆਪਣੀ ਰਿਹਾਈ ਲਈ ਪੇਰਾਰੀਵਲਨ ਕੇਸ ਦੇ ਫੈਸਲੇ ਦਾ ਹਵਾਲਾ ਦਿੰਦੇ ਸੁਪਰੀਮ ਕੋਰਟ ਪਹੁੰਚੀ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ 12 ਅਗਸਤ (ਮਨਪ੍ਰੀਤ ਸਿੰਘ ਖਾਲਸਾ):-ਰਾਜੀਵ ਗਾਂਧੀ ਹੱਤਿਆ ਕਾਂਡ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੀ ਨਲਿਨੀ ਨੇ ਜੇਲ੍ਹ ਤੋਂ ਰਿਹਾਈ ਲਈ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਹੈ। ਨਲਿਨੀ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕਰਕੇ ਪੇਰਾਰੀਵਲਨ ਵਾਂਗ ਬਰਾਬਰੀ ਦੇ ਆਧਾਰ 'ਤੇ ਉਸਦੀ ਰਿਹਾਈ ਦੀ ਮੰਗ ਕਰਣ ਦੇ ਨਾਲ ਹੀ ਮਾਮਲੇ ਦਾ ਫੈਸਲਾ ਹੋਣ ਤੱਕ ਅੰਤਰਿਮ ਜ਼ਮਾਨਤ ਦੀ ਵੀ ਮੰਗ ਕੀਤੀ ਹੈ। ਇਸ ਲਈ ਨਲਿਨੀ ਨੇ ਆਪਣੇ ਸਹਿ ਦੋਸ਼ੀ ਏਜੀ ਪੇਰਾਰੀਵਲਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੱਤਾ ਹੈ। ਇਸ ਤੋਂ ਪਹਿਲਾਂ ਨਲਿਨੀ ਨੇ ਰਾਹਤ ਲਈ ਮਦਰਾਸ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ ਪਰ ਹਾਈ ਕੋਰਟ ਨੇ ਉਸ ਦੀ ਪਟੀਸ਼ਨ 'ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਮਦਰਾਸ ਹਾਈ ਕੋਰਟ ਨੇ ਉਸ ਦੀ ਪਟੀਸ਼ਨ ਨੂੰ ਰੱਦ ਕਰਦੇ ਹੋਏ ਕਿਹਾ ਕਿ ਹਾਈ ਕੋਰਟ ਕੋਲ ਸੰਵਿਧਾਨ ਦੀ ਧਾਰਾ 142 ਤਹਿਤ ਵਿਸ਼ੇਸ਼ ਅਧਿਕਾਰ ਨਹੀਂ ਹਨ ਅਤੇ ਉਹ ਪੇਰਾਰੀਵਲਨ ਦੀ ਰਿਹਾਈ ਦਾ ਹੁਕਮ ਨਹੀਂ ਦੇ ਸਕਦੀ ਜਿਵੇਂ ਕਿ ਸੁਪਰੀਮ ਕੋਰਟ ਨੇ ਪੇਰਾਰੀਵਲਨ ਲਈ ਕੀਤਾ ਸੀ।

ਧਿਆਨ ਯੋਗ ਹੈ ਕਿ ਇਸ ਤੋਂ ਪਹਿਲਾਂ ਇਸ ਮਾਮਲੇ ਵਿੱਚ ਰਵੀਚੰਦਰਨ ਵੀ ਸੁਪਰੀਮ ਕੋਰਟ ਪਹੁੰਚੇ ਸਨ। ਰਵੀਚੰਦਰਨ ਨੇ ਸੁਪਰੀਮ ਕੋਰਟ ਵਿੱਚ ਅਪੀਲ ਦਾਇਰ ਕਰਕੇ ਮੰਗ ਕੀਤੀ ਸੀ ਕਿ ਉਸ ਨੂੰ ਉਸੇ ਤਰ੍ਹਾਂ ਰਿਹਾਅ ਕੀਤਾ ਜਾਵੇ ਜਿਸ ਤਰ੍ਹਾਂ ਪੇਰਾਰੀਵਲਨ ਨੂੰ ਰਿਹਾਅ ਕੀਤਾ ਗਿਆ ਸੀ। ਰਵੀਚੰਦਰਨ ਨੇ ਇਹ ਵੀ ਬੇਨਤੀ ਕੀਤੀ ਹੈ ਕਿ ਜੇਲ ਤੋਂ ਰਿਹਾਅ ਹੋਣ ਤੱਕ ਉਸ ਨੂੰ ਜ਼ਮਾਨਤ ਦਿੱਤੀ ਜਾਵੇ। ਦੱਸ ਦੇਈਏ ਕਿ 18 ਮਈ ਨੂੰ ਸੁਪਰੀਮ ਕੋਰਟ ਨੇ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀਆਂ ਵਿੱਚੋਂ ਇੱਕ ਪੇਰਾਰੀਵਲਨ ਨੂੰ ਰਿਹਾਅ ਕਰ ਦਿੱਤਾ ਸੀ।