ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਨੇ ਕਿਸਾਨ ਆਗੂਆਂ ਨਾਲ ਫੋਨ 'ਤੇ ਕੀਤੀ ਗੱਲਬਾਤ; ਬੈਠਕ ਦਾ ਸੱਦਾ ਦਿੱਤਾ

ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਨੇ ਕਿਸਾਨ ਆਗੂਆਂ ਨਾਲ ਫੋਨ 'ਤੇ ਕੀਤੀ ਗੱਲਬਾਤ; ਬੈਠਕ ਦਾ ਸੱਦਾ ਦਿੱਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਭਾਰਤ ਦੇ ਖੇਤੀ ਕਾਨੂੰਨਾਂ ਖਿਲਾਫ ਪੰਜਾਬ ਵਿਚ ਚੱਲ ਰਹੇ ਵਿਰੋਧ ਦੇ ਬਾਵਜੂਦ ਚੁੱਪ ਧਾਰੀ ਬੈਠੀ ਭਾਰਤ ਸਰਕਾਰ ਵੱਲੋਂ ਕਿਸਾਨ ਆਗੂਆਂ ਨਾਲ ਗੱਲਬਾਤ ਲਈ ਮੁੜ ਸਰਗਰਮੀ ਸ਼ੁਰੂ ਕਰ ਦਿੱਤੀ ਗਈ ਹੈ। ਪਿਛਲੇ ਕਈ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਨਾਲ ਸੰਪਰਕ ਕਰ ਰਹੀ ਪੰਜਾਬ ਭਾਜਪਾ ਦੀ ਇਕਾਈ ਦੇ ਆਗੂਆਂ ਨੇ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਖੇਤੀ ਮੰਤਰੀ ਨਰੇਂਦਰ ਤੋਮਰ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ਦੀ ਸਥਿਤੀ ਤੋਂ ਜਾਣੂ ਕਰਵਾਇਆ। 

ਇਸ ਤੋਂ ਬਾਅਦ ਹੁਣ ਭਾਰਤ ਸਰਕਾਰ ਨੇ ਕਿਸਾਨ ਧਿਰਾਂ ਨੂੰ ਮੰਤਰੀ ਪੱਧਰ ਦੀ ਬੈਠਕ ਲਈ ਪੇਸ਼ਕਸ਼ ਕੀਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੰਜਾਬ ਦੇ ਕਿਸਾਨ ਆਗੂਆਂ ਨਾਲ ਫੋਨ ’ਤੇ ਗੱਲਬਾਤ ਵੀ ਕੀਤੀ ਹੈ। ਰੱਖਿਆ ਮੰਤਰੀ ਨੇ ਕਿਸਾਨ ਆਗੂਆਂ ਨੂੰ ਕਿਸੇ ਵਕਤ ਵੀ ਮੀਟਿੰਗ ਲਈ ਆਉਣ ਦਾ ਸੱਦਾ ਦਿੱਤਾ ਹੈ ਤੇ ਲਿਖਤੀ ਸੱਦਾ ਭੇਜੇ ਜਾਣ ਦੀ ਗੱਲ ਆਖੀ ਹੈ। ਜਾਣਕਾਰੀ ਮੁਤਾਬਕ ਦੀਵਾਲੀ ਮਗਰੋਂ ਇਹ ਮੀਟਿੰਗ ਹੋ ਸਕਦੀ ਹੈ।

ਭਾਵੇਂ ਕਿ ਭਾਰਤ ਸਰਕਾਰ ਇਕ ਪਾਸੇ ਹੁਣ ਗੱਲਬਾਤ ਲਈ ਪੇਸ਼ਕਸ਼ ਕਰ ਰਹੀ ਹੈ ਪਰ ਪੰਜਾਬ ਨੂੰ ਲੋੜੀਂਦੇ ਮਾਲ ਦੀ ਸਪਲਾਈ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੇ ਅਜੇ ਵੀ ਮਾਲ ਗੱਡੀਆਂ ਪੰਜਾਬ ਭੇਜਣ ਦੀ ਹਾਮੀ ਨਹੀਂ ਭਰੀ ਹੈ। ਕਿਸਾਨ ਜਥੇਬੰਦੀਆਂ ਮਾਲ ਗੱਡੀਆਂ ਲਈ ਰੇਲ ਪਟੜੀਆਂ ਪੂਰੀ ਤਰ੍ਹਾਂ ਖਾਲੀ ਕਰ ਚੁੱਕੀਆਂ ਹਨ ਪਰ ਭਾਰਤ ਸਰਕਾਰ ਇਸ ਜ਼ਿਦ 'ਤੇ ਅੜੀ ਬੈਠੀ ਹੈ ਕਿ ਜਦੋਂ ਤਕ ਸਵਾਰੀ ਗੱਡੀ ਚੱਲਣ ਦੀ ਖੁੱਲ੍ਹ ਨਹੀਂ ਦਿੱਤੀ ਜਾਂਦੀ ਉਸ ਸਮੇਂ ਤਕ ਮਾਲ ਗੱਡੀਆਂ ਵੀ ਨਹੀਂ ਚੱਲਣਗੀਆਂ। 

ਭਾਰਤ ਦੀ ਭਾਜਪਾ ਸਰਕਾਰ ਨਵੇਂ ਬਣਾਏ ਖੇਤੀ ਕਾਨੂੰਨਾਂ ਤੋਂ ਪਿੱਛੇ ਹਟਣ ਲਈ ਤਿਆਰ ਨਹੀਂ ਹੈ। ਜਿੱਥੇ ਪੰਜਾਬ ਲਗਾਤਾਰ ਇਹਨਾਂ ਖੇਤੀ ਵਿਰੋਧੀ ਕਾਨੂੰਨਾਂ ਦੇ ਵਿਰੋਧ ਵਿਚ ਡਟਿਆ ਹੋਇਆ ਹੈ, ਹੁਣ 5 ਨਵੰਬਰ ਨੂੰ ਭਾਰਤ ਭਰ ਵਿਚ ਹੋਏ ਚੱਕਾ ਜਾਮ ਨਾਲ ਇਹ ਵਿਰੋਧ ਭਾਰਤ ਦੇ ਹੋਰ ਵੀ ਕਈ ਹਿੱਸਿਆਂ ਵਿਚ ਫੈਲ ਰਿਹਾ ਹੈ। ਇਸ ਦੇ ਚਲਦਿਆਂ ਭਾਜਪਾ ਦੇ ਰੁੱਖ ਵਿਚ ਕੁੱਝ ਨਰਮੀ ਦਾ ਅਹਿਸਾਸ ਕੀਤਾ ਜਾ ਰਿਹਾ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੇ ਸੱਦੇ ’ਤੇ ਕੌਮੀ ਕਿਸਾਨ ਅੰਦੋਲਨ ‘ਦਿੱਲੀ ਚੱਲੋ’ ਦੀ ਤਿਆਰੀ ਨੇ ਜਿੱਥੇ ਪੰਜਾਬ ਵਿਚ ਵੱਡਾ ਜ਼ੋਰ ਫੜ੍ਹ ਲਿਆ ਹੈ ਉੱਥੇ ਭਾਰਤ ਦੇ ਹੋਰ ਹਿੱਸਿਆਂ ਵਿਚੋਂ ਵੀ ਕਿਸਾਨਾਂ ਦੀ ਲਾਮਬੰਦੀ ਸ਼ੁਰੂ ਕੀਤੀ ਗਈ ਹੈ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਨੇ 26 ਅਤੇ 27 ਨਵੰਬਰ ਨੂੰ ‘ਦਿੱਲੀ ਚਲੋ’ ਦਾ ਸੱਦਾ ਦਿੱਤਾ ਹੋਇਆ ਹੈ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਿੱਚ ਰੇਲ ਸੇਵਾਵਾਂ ਬਹਾਲ ਕਰਨ ਲਈ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਤੋਂ ਦਖ਼ਲ ਮੰਗਿਆ ਹੈ। ਮੁੱਖ ਮੰਤਰੀ ਨੇ ਸ਼ਾਹ ਨੂੰ ਇਹ ਯਕੀਨ ਦਿਵਾਇਆ ਕਿ ਪੰਜਾਬ ਅਤੇ ਗੁਆਂਢੀ ਸੂਬਿਆਂ ਹਿਮਾਚਲ ਪ੍ਰਦੇਸ਼, ਲੱਦਾਖ ਅਤੇ ਜੰਮੂ ਤੇ ਕਸ਼ਮੀਰ ਵਿੱਚ ਜ਼ਰੂਰੀ ਵਸਤਾਂ ਦੀ ਸਪਲਾਈ ਦੀ ਸਹੂਲਤ ਲਈ ਰੇਲ ਸੇਵਾਵਾਂ ਨੂੰ ਮੁੜ ਬਹਾਲ ਕਰਨ ਵਿੱਚ ਅਮਨ ਤੇ ਕਾਨੂੰਨ ਵਿਵਸਥਾ ਦੀ ਕੋਈ ਚਿੰਤਾ ਨਹੀਂ ਹੈ। ਰੇਲ ਗੱਡੀਆਂ ਦੇ ਬੰਦ ਹੋਣ ਕਾਰਨ ਸਾਰਿਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਰੇਲਵੇ ਵੱਲੋਂ ਤੁਰੰਤ ਮਾਲ ਗੱਡੀਆਂ ਚਲਾਉਣ ਦਾ ਫੈਸਲਾ ਨਾ ਕੀਤਾ ਗਿਆ ਤਾਂ ਲੱਦਾਖ ਵਿੱਚ ਰੱਖਿਆ ਬਲਾਂ ਅਤੇ ਘਾਟੀ ਵਿੱਚ ਬਰਫ਼ਬਾਰੀ ਤੋਂ ਪਹਿਲਾਂ ਜ਼ਰੂਰੀ ਸੇਵਾਵਾਂ ਨਾ ਪੁੱਜਦੀਆਂ ਹੋਣ ਕਾਰਨ ਦੇਸ਼ ਨੂੰ ਗੰਭੀਰ ਖਤਰਾ ਹੋ ਸਕਦਾ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮਾਲ ਗੱਡੀਆਂ ਦੀ ਆਵਾਜਾਈ ਲਈ ਕਿਸਾਨਾਂ ਵੱਲੋਂ ਸਾਰੇ ਰੇਲਵੇ ਟਰੈਕ ਖਾਲੀ ਕਰ ਦਿੱਤੇ ਗਏ ਹਨ। ਉਨ੍ਹਾਂ ਗ੍ਰਹਿ ਮੰਤਰੀ ਨੂੰ ਇਸ ਗੱਲ ਤੋਂ ਜਾਣੂੰ ਕਰਵਾਇਆ ਕਿ ਜ਼ਮੀਨੀ ਪੱਧਰ ’ਤੇ ਸਥਿਤੀ ਪੂਰਨ ਸ਼ਾਂਤਮਈ ਤੇ ਮਾਲ ਗੱਡੀਆਂ ਦੀ ਸੁਰੱਖਿਅਤ ਆਵਾਜਾਈ ਲਈ ਪੂਰੀ ਢੁੱਕਵੀਂ ਹੈ। ਉਨ੍ਹਾਂ ਕਿਹਾ ਕਿ ਅੰਦੋਲਨਕਾਰੀ ਕਿਸਾਨਾਂ ਨੇ ਆਪਣੇ ਰੋਸ ਪ੍ਰਦਰਸ਼ਨਾਂ ਦੌਰਾਨ ਪਿਛਲੇ ਕੁਝ ਹਫਤਿਆਂ ਦੌਰਾਨ ਪੰਜਾਬ ਵਿੱਚ ਕਿਸੇ ਵੀ ਥਾਂ ਸ਼ਾਂਤੀ ਭੰਗ ਨਹੀਂ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਮੁੱਦੇ ਦਾ ਸਿਆਸੀਕਰਨ ਕਰਨ ਲਈ ਭਾਜਪਾ ਆਗੂਆਂ ਸਣੇ ਵਿਰੋਧੀਆਂ ਦੀਆਂ ਕੋਸ਼ਿਸ਼ਾਂ ਨੂੰ ਮੰਦਭਾਗਾ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਸਥਿਤੀ ਦੀ ਗੰਭੀਰਤਾ ਨੂੰ ਦੇਖਦਿਆਂ ਦੇਸ਼ ਹਿੱਤ ਵਿੱਚ ਇਸ ਮਾਮਲੇ ਨੂੰ ਹੱਲ ਕਰਨ ਲਈ ਇਕੱਠੇ ਹੋਣ ਦਾ ਵੇਲਾ ਆ ਗਿਆ ਹੈ।