ਬੇਅਦਬੀ ਮਾਮਲੇ ਵਿਚ ਡੇਰਾ ਸਿਰਸਾ ਮੁਖੀ ਖਿਲਾਫ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ
ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਚੰਡੀਗੜ੍ਹ- ਸੁਪਰੀਮ ਕੋਰਟ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਖ਼ਿਲਾਫ਼ 2015 ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨਾਲ ਸਬੰਧਤ ਕੇਸਾਂ ਵਿਚ ਮੁਕੱਦਮੇ ਦੀ ਕਾਰਵਾਈ ਕੀਤੇ ਜਾਣ ਲਈ ਰਾਹ ਪੱਧਰਾ ਕਰ ਦਿੱਤਾ ਹੈ। ਜਸਟਿਸ ਬੀਆਰ ਗਵਈ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਡਿਵੀਜ਼ਨ ਬੈਂਚ ਨੇ ਇਸ ਕਾਰਵਾਈ ਉਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਲਾਈ ਗਈ ਰੋਕ ਨੂੰ ਹਟਾ ਦਿੱਤਾ ਹੈ।
ਸਿਖਰਲੀ ਅਦਾਲਤ ਨੇ ਨਾਲ ਹੀ ਡੇਰਾ ਮੁਖੀ ਨੂੰ ਹਦਾਇਤ ਦਿੱਤੀ ਹੈ ਕਿ ਉਹ ਇਸ ਮਾਮਲੇ ਵਿਚ ਆਪਣਾ ਜਵਾਬ ਦਾਖ਼ਲ ਕਰੇ। ਅਦਾਲਤ ਨੇ ਇਹ ਹੁਕਮ ਪੰਜਾਬ ਸਰਕਾਰ ਵੱਲੋਂ ਦਾਇਰ ਇਕ ਅਪੀਲ ਦੀ ਸੁਣਵਾਈ ਕਰਦਿਆਂ ਜਾਰੀ ਕੀਤੇ ਹਨ। ਮਾਮਲੇ ਦੀ ਅਗਲੀ ਸੁਣਵਾਈ ਚਾਰ ਹਫ਼ਤਿਆਂ ਬਾਅਦ ਹੋਵੇਗੀ।
ਪੰਜਾਬ ਦੇ ਐਡਵੋਕੇਟ ਜਨਰਲ ਗੁਰਮਿੰਦਰ ਸਿੰਘ ਨੇ ਸੁਪਰੀਮ ਕੋਰਟ ਨੂੰ ਅਪੀਲ ਕੀਤੀ ਸੀ ਕਿ ਡੇਰਾ ਮੁਖੀ ਖ਼ਿਲਾਫ਼ ਫ਼ਰੀਦਕੋਟ ਜ਼ਿਲ੍ਹੇ ਦੇ ਬਾਜਾਖ਼ਾਨਾ ਥਾਣੇ ਵਿਚ ਦਰਜ ਕੀਤੇ ਗਏ ਤਿੰਨ ਕੇਸਾਂ ਦੀ ਕਾਰਵਾਈ ਉਤੇ ਹਾਈ ਕੋਰਟ ਵੱਲੋਂ ਜਾਰੀ ਸਟੇਅ ਆਰਡਰ ਉਤੇ ਰੋਕ ਲਾਈ ਜਾਵੇ। ਸੁਪਰੀਮ ਕੋਰਟ ਨੇ ਇਸ ਗੱਲ ਉਤੇ ਗ਼ੌਰ ਕਰਦਿਆਂ ਕਿ ਮਾਮਲਾ ਅਦਾਲਤੀ ਨਿਰਖ-ਪਰਖ ਦੀ ਮੰਗ ਕਰਦਾ ਹੈ, ਇਸ ਸਬੰਧੀ ਰਾਮ ਰਹੀਮ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ।
ਇਹ ਵੀ ਗ਼ੌਰਤਲਬ ਹੈ ਕਿ ਸੁਪਰੀਮ ਕੋਰਟ ਨੇ ਫਰਵਰੀ 2023 ਵਿਚ ਸੌਦਾ ਸਾਧ ਅਤੇ ਉਸ ਦੇ ਪੈਰੋਕਾਰਾਂ ਖ਼ਿਲਾਫ਼ ਇਨ੍ਹਾਂ ਮਾਮਲਿਆਂ ਦੀ ਸੁਣਵਾਈ ਫ਼ਰੀਦਕੋਟ ਤੋਂ ਬਦਲ ਕੇ ਚੰਡੀਗੜ੍ਹ ਦੀ ਅਦਾਲਤ ਵਿਚ ਕੀਤੇ ਜਾਣ ਦੇ ਹੁਕਮ ਦਿੱਤੇ ਸਨ।
Comments (0)