ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਬਲਾਤਕਾਰ  ਦਾ ਮਾਮਲਾ ਦਰਜ ਕਰਨ ਦੇ ਹੁਕਮ

ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਖ਼ਿਲਾਫ਼ ਬਲਾਤਕਾਰ  ਦਾ ਮਾਮਲਾ ਦਰਜ ਕਰਨ ਦੇ ਹੁਕਮ

ਅੰਮ੍ਰਿਤਸਰ ਟਾਈਮਜ਼

ਨਵੀਂ ਦਿੱਲੀ-ਦਿੱਲੀ ਹਾਈਕੋਰਟ ਨੇ ਭਾਜਪਾ ਆਗੂ ਸ਼ਾਹਨਵਾਜ਼ ਹੁਸੈਨ ਦੇ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕਰਨ ਦੇ ਆਦੇਸ਼ ਦਿੱਤੇ ਹਨ, ਨਾਲ ਹੀ ਪੁਲਿਸ ਨੂੰ ਤਿੰਨ ਮਹੀਨੇ ਵਿਚ ਆਪਣੀ ਪੜਤਾਲ ਪੂਰੀ ਕਰਨ ਨੂੰ ਕਿਹਾ ਹੈ ।ਦਿੱਲੀ ਹਾਈਕੋਰਟ ਨੇ 2018 ਦੇ ਇਸ ਮਾਮਲੇ ਵਿਚ ਪੁਲਿਸ ਨੂੰ ਝਾੜ ਪਾਉਂਦਿਆਂ ਕਿਹਾ ਕਿ ਸਾਰੇ ਤੱਥਾਂ ਨੂੰ ਵੇਖਣ ਤੋਂ ਬਾਅਦ ਮਾਮਲੇ ਵਿਚ ਐਫ਼. ਆਈ. ਆਰ. ਦਰਜ ਕਰਨ ਨੂੰ ਲੈ ਕੇ ਪੁਲਿਸ ਵਲੋਂ ਇੱਛਾ ਦਾ ਪ੍ਰਗਟਾਵਾ ਨਹੀਂ ਕੀਤਾ ਨਜ਼ਰ ਆ ਰਿਹਾ ।ਪੁਲਿਸ ਵਲੋਂ ਹੇਠਲੀ ਅਦਾਲਤ ਵਿਚ ਪੇਸ਼ ਰਿਪੋਰਟ ਅੰਤਿਮ ਰਿਪੋਰਟ ਨਹੀਂ ਸੀ ।ਜ਼ਿਕਰਯੋਗ ਹੈ ਕਿ ਦਿੱਲੀ ਦੀ ਇਕ ਔਰਤ ਨੇ ਦੋਸ਼ ਲਗਾਇਆ ਸੀ ਕਿ ਜਨਵਰੀ 2018 ਵਿਚ ਹੁਸੈਨ ਨੇ ਛਤਰਪੁਰ ਫਾਰਮ ਹਾਊਸ ਵਿਚ ਉਸ ਨਾਲ ਬਲਾਤਕਾਰ ਕੀਤਾ ਸੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਦਿੱਤੀ ਸੀ ।

                                       ਸੁਪਰੀਮ ਕੋਰਟ ਪੁੱਜੇ ਸ਼ਾਹਨਵਾਜ਼                                                 

ਹਾਈਕੋਰਟ ਵਲੋਂ ਐਫ਼. ਆਈ. ਆਰ. ਦਰਜ ਕਰਨ ਦੇ ਆਦੇਸ਼ ਦਿੱਤੇ ਜਾਣ ਤੋਂ ਬਾਅਦ ਹੁਸੈਨ ਨੇ ਹਾਈਕੋਰਟ ਦੇ ਆਦੇਸ਼ 'ਤੇ ਰੋਕ ਲਈ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ ।ਸ਼ਾਹਨਵਾਜ਼ ਦੇ ਵਕੀਲ ਨੇ ਉਨ੍ਹਾਂ ਦੀ ਅਰਜ਼ੀ ਨੂੰ ਚੀਫ਼ ਜਸਟਿਸ ਐਨ. ਵੀ. ਰਮੰਨਾ ਦੇ ਬੈਂਚ ਅੱਗੇ ਫੌਰੀ ਸੁਣਵਾਈ ਲਈ ਪੇਸ਼ ਕੀਤਾ । ਹਾਲਾਂਕਿ ਸੁਪਰੀਮ ਕੋਰਟ ਨੇ ਫਿਲਹਾਲ ਫ਼ੌਰੀ ਸੁਣਵਾਈ ਤੋਂ ਇਨਕਾਰ ਕਰਦਿਆਂ ਕਿਹਾ ਹੈ ਕਿ ਅਗਲੇ ਹਫ਼ਤੇ ਸੁਣਵਾਈ ਕੀਤੀ ਜਾਵੇਗੀ । ਸ਼ਾਹਨਵਾਜ਼ ਹੁਸੈਨ ਦੇ ਵਕੀਲ ਨੇ ਭਾਜਪਾ ਨੇਤਾ ਦੇ ਜਨਤਕ ਜੀਵਨ ਦਾ ਹਵਾਲਾ ਦਿੰਦਿਆਂ ਕਿਹਾ ਕਿ ਉਨ੍ਹਾਂ ਨੂੰ ਬਿਨਾਂ ਕਾਰਨ ਬਦਨਾਮ ਕੀਤਾ ਜਾ ਰਿਹਾ ਹੈ ।