ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਹੋਈ ,ਕਾਰਵਾਈ ਦੇ ਹੁਕਮ

ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਹੋਈ ,ਕਾਰਵਾਈ ਦੇ ਹੁਕਮ

ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੁਲਿਸ ਫੋਰਸ ਨੂੰ ਨਸ਼ੇ ਵੇਚਣ ਵਾਲੇ ਅਨਸਰਾਂ ਵਿਰੁੱਧ ਵੱਡੀ ਪੱਧਰ 'ਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਨਸ਼ਾ ਵਿਰੋਧੀ ਮੁਹਿੰਮ ਵਿਚ ਦਖ਼ਲਅੰਦਾਜ਼ੀ ਕਰਨ ਵਾਲੇ ਕਿਸੇ ਵੀ ਸਿਆਸੀ ਵਿਅਕਤੀ ਵਿਰੁੱਧ ਸ਼ਿਕੰਜਾ ਕੱਸਣ ਦੇ ਹੁਕਮ ਦਿੱਤੇ ਹਨ। ਆਪਣੀ ਸਰਕਾਰੀ ਰਿਹਾਇਸ਼ 'ਤੇ ਨਸ਼ਾ ਵਿਰੋਧੀ ਟਾਸਕ ਫੋਰਸ (ਐਸ.ਟੀ.ਐਫ) ਦੇ ਮੁਖੀ ਹਰਪ੍ਰੀਤ ਸਿੰਘ ਸਿੱਧੂ ਦੀ ਅਗਵਾਈ ਵਿਚ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭਗਵੰਤ ਮਾਨ ਨੇ ਸਪੱਸ਼ਟ ਤੌਰ 'ਤੇ ਕਿਹਾ ਕਿ ਡਰੱਗ ਮਾਫ਼ੀਆ ਨਾਲ ਮਿਲੀ ਭੁਗਤ ਸਾਹਮਣੇ ਆਉਣ 'ਤੇ ਕਿਸੇ ਵੀ ਸਿਆਸੀ ਵਿਅਕਤੀ ਜਾਂ ਅਧਿਕਾਰੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਬਿਨਾਂ ਕਿਸੇ ਸਿਆਸੀ ਦਬਾਅ ਦੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਏਜੰਡੇ 'ਤੇ ਕੰਮ ਕਰਨ। ਮੁੱਖ ਮੰਤਰੀ ਨੇ ਕਿਹਾ ਕਿ ਇਹ ਹੋ ਸਕਦਾ ਹੈ ਕਿ ਪਹਿਲਾਂ ਕੁਝ ਨਸ਼ਾ ਤਸਕਰਾਂ ਨੂੰ ਸਿਆਸੀ ਸਰਪ੍ਰਸਤੀ ਮਿਲਦੀ ਰਹੀ ਹੋਵੇ, ਪਰ ਹੁਣ ਅਜਿਹਾ ਨਹੀਂ ਹੋਵੇਗਾ ਅਤੇ ਸੂਬੇ ਵਿਚੋਂ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਪੁੱਟਣ ਲਈ ਤੁਹਾਨੂੰ ਸਾਰਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ। ਨਸ਼ਿਆਂ ਦੀ ਸਪਲਾਈ ਲਾਈਨ ਤੋੜਨ ਦੀ ਲੋੜ 'ਤੇ ਜ਼ੋਰ ਦਿੰਦਿਆਂ ਭਗਵੰਤ ਮਾਨ ਨੇ ਪੁਲਿਸ ਅਧਿਕਾਰੀਆਂ ਨੂੰ ਕਿਹਾ ਕਿ ਉਹ ਨਸ਼ੇ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰਨ ਨਾ ਕਿ ਨਸ਼ੇ ਦੀ ਗ੍ਰਿਫ਼ਤ ਵਿਚ ਫਸੇ ਲੋਕਾਂ ਨੂੰ, ਕਿਉਂਕਿ ਇਹ ਲੋਕ ਤਾਂ ਪਹਿਲਾਂ ਹੀ ਡਰੱਗ ਮਾਫ਼ੀਆ ਦਾ ਸ਼ਿਕਾਰ ਹੋ ਚੁੱਕੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਨੌਜਵਾਨ ਪੀੜਤ ਹਨ ਦੋਸ਼ੀ ਨਹੀਂ ਅਤੇ ਅਸਲ ਦੋਸ਼ੀ ਨਸ਼ਾ ਵੇਚਣ ਵਾਲੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬਾ ਭਰ ਵਿਚ ਨਸ਼ਾ ਛੁਡਾਊ ਕੇਂਦਰਾਂ ਨੂੰ ਪ੍ਰਭਾਵੀ ਢੰਗ ਨਾਲ ਚਲਾਉਣ ਲਈ ਪੂਰੀ ਵਾਹ ਲਾਵੇਗੀ ਅਤੇ ਕਾਊਂਸਲਿੰਗ ਪ੍ਰੋਗਰਾਮ ਚਲਾਉਣ ਤੋਂ ਇਲਾਵਾ ਦਵਾਈਆਂ ਦੀ ਕੋਈ ਕਮੀ ਨਾ ਹੋਣ ਦੇਣ ਨੂੰ ਯਕੀਨੀ ਬਣਾਏਗੀ ਤਾਂ ਜੋ ਇਲਾਜ ਤੋਂ ਬਾਅਦ ਨੌਜਵਾਨ ਮੁੜ ਨਸ਼ਿਆਂ ਦਾ ਸ਼ਿਕਾਰ ਨਾ ਹੋਣ। ਪੰਜਾਬੀ ਸਰਕਾਰ ਦੇ ਇਸ ਫੈਸਲੇ ਨੂੰ ਚੰਗਾ ਸਮਝ ਰਹੇ ਹਨ।ਜੇਕਰ ਇਹ ਲਾਗੂ ਹੁੰਦਾ ਹੈ ਤਾਂ ਪੰਜਾਬ ਦੇ ਭਵਿਖ ਲਈ ਵਡੀ ਗਲ ਹੋਵੇਗੀ।