ਚੋਣ ਪ੍ਰਚਾਰ ਦੌਰਾਨ 300 ਕਰੋੜ ਰੁਪਏ ਦਾ ਨਸ਼ਾ ਬਰਾਮਦ

ਚੋਣ ਪ੍ਰਚਾਰ ਦੌਰਾਨ 300 ਕਰੋੜ ਰੁਪਏ ਦਾ ਨਸ਼ਾ ਬਰਾਮਦ

ਰਿਪੋਰਟ

ਅੰਮ੍ਰਿਤਸਰ ਟਾਈਮਜ਼

ਪੰਜਾਬ ਚੋਣਾਂ ਵਿਚ ਨਸ਼ਾਖੋਰੀ ਦਾ ਕਿੰਨਾ ਅਹਿਮ ਮੁੱਦਾ ਹੈ, ਇਸ ਦਾ ਅੰਦਾਜ਼ਾ ਇੱਥੋਂ ਲਗਾਇਆ ਜਾ ਸਕਦਾ ਹੈ ਕਿ 6 ਫਰਵਰੀ ਤੱਕ ਸੂਬੇ ਵਿਚ ਤਿੰਨ ਸੌ ਕਰੋੜ ਰੁਪਏ ਤੋਂ ਵੱਧ ਦੀ ਕੀਮਤ ਦਾ ਕਰੀਬ 4 ਹਜ਼ਾਰ ਕਿਲੋਗ੍ਰਾਮ ਨਸ਼ਾ  ਫੜਿਆ ਜਾ ਚੁੱਕਾ ਹੈ। ਇਸ ਤੋਂ  ਸਿਧ ਹੁੰਦਾ ਹੈ ਕਿ ਕਈ ਸਿਆਸਤਦਾਨ ਚੋਣਾਂ ਜਿੱਤਣ ਲਈ ਨਸ਼ਾ ਵੰਡ ਰਹੇ ਹਨ।ਇਸ ਸਬੰਧੀ ਚੋਣ ਕਮਿਸ਼ਨ ਵੱਲੋਂ ਪੰਜਾਬ ਹਾਈ ਕੋਰਟ ਵਿੱਚ ਹਲਫ਼ਨਾਮਾ ਦਾਇਰ ਕੀਤਾ ਗਿਆ ਹੈ। ਮੁੱਖ ਚੋਣ ਅਧਿਕਾਰੀ ਪੰਜਾਬ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਹੈ ਕਿ 6 ਫਰਵਰੀ ਤੱਕ 312.813 ਕਰੋੜ ਰੁਪਏ ਦੇ ਘੱਟੋ-ਘੱਟ 3999.649 ਕਿਲੋਗ੍ਰਾਮ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਬਤੀ ਦੇ ਅੰਕੜੇ ਹੋਰ ਵੀ ਵਧਣ ਦੀ ਉਮੀਦ ਹੈ।

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਐਸ. ਕਰੁਣਾ ਰਾਜੂ ਨੇ ਭਾਰਤੀ ਚੋਣ ਕਮਿਸ਼ਨ ਦੀ ਤਰਫ਼ੋਂ ਜਸਟਿਸ ਅਜੇ ਤਿਵਾੜੀ ਅਤੇ ਜਸਟਿਸ ਪੰਕਜ ਜੈਨ ਦੇ ਡਿਵੀਜ਼ਨ ਬੈਂਚ ਅੱਗੇ ਇਸ ਸਬੰਧ ਵਿੱਚ ਇੱਕ ਹਲਫ਼ਨਾਮਾ ਪੇਸ਼ ਕੀਤਾ ਹੈ। ਅਦਾਲਤ ਨੇ ਰਾਜ ਚੋਣ ਕਮਿਸ਼ਨ, ਪੰਜਾਬ ਨੂੰ ਨੋਟਿਸ ਜਾਰੀ ਕੀਤਾ ਸੀ ਕਿ ਉਹ 'ਨਸ਼ਾ ਮੁਕਤ ਚੋਣਾਂ' ਨੂੰ ਯਕੀਨੀ ਬਣਾਉਣ ਲਈ ਕੀ ਕਰ ਰਹੇ ਹਨ।ਹਲਫ਼ਨਾਮੇ ਵਿੱਚ ਕਿਹਾ ਗਿਆ ਹੈ ਕਿ ਚੋਣ ਖਰਚੇ ਦੀ ਪ੍ਰਭਾਵੀ ਨਿਗਰਾਨੀ ਲਈ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਫਲਾਇੰਗ ਸਕੁਐਡ ਤਾਇਨਾਤ ਕੀਤੇ ਗਏ ਹਨ।