ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜਨ ਦਾ ਐਲਾਨ ਕੀਤਾ

ਸ਼੍ਰੋਮਣੀ ਅਕਾਲੀ ਦਲ ਨੇ ਭਾਜਪਾ ਨਾਲੋਂ ਗਠਜੋੜ ਤੋੜਨ ਦਾ ਐਲਾਨ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਨੇ ਭਾਜਪਾ ਨਾਲੋਂ ਗਠਜੋੜ ਤੋੜਨ ਦਾ ਫੈਂਸਲਾ ਕਰ ਲਿਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਹ ਐਲਾਨ ਕਰਦਿਆਂ ਕਿਹਾ ਕਿ ਭਾਜਪਾ ਸਰਕਾਰ ਦੇ ਕਿਸਾਨ ਵਿਰੋਧੀ ਬਿੱਲਾਂ ਦੇ ਚਲਦਿਆਂ ਪਾਰਟੀ ਵੱਲੋਂ ਇਸ ਫੈਂਸਲਾ ਕੀਤਾ ਗਿਆ ਹੈ। 

ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨੀਂ ਲਿਆਂਦੇ ਕਿਸਾਨ ਆਰਡੀਨੈਂਸਾਂ ਦਾ ਸਿੱਧਾ ਅਸਰ ਪੰਜਾਬ ਦੇ 20 ਲੱਖ ਕਿਸਾਨਾਂ 'ਤੇ ਹੈ ਅਤੇ ਹੋਰ ਆੜ੍ਹਤੀਆਂ ਤੇ ਲੱਖਾਂ ਮਜ਼ਦੂਰਾਂ 'ਤੇ ਹੈ। ਉਹਨਾਂ ਕਿਹਾ ਕਿ ਇਹ ਆਰਡੀਨੈਂਸ ਖੇਤੀ 'ਤੇ ਹਮਲਾ ਹਨ ਅਤੇ ਇਹ ਸਾਰੇ ਲੋਕਾਂ ਨੂੰ ਹੀ ਆਪਣਾ ਸ਼ਿਕਾਰ ਬਣਾਏਗਾ। 

ਉਹਨਾਂ ਕਿਹਾ ਕਿ ਭਾਰਤ ਦੀ ਸਰਕਾਰ ਨੇ ਇਹ ਬਿੱਲ ਪਾਰਲੀਮੈਂਟ ਵਿਚ ਲਿਆਉਣ ਤੋਂ ਪਹਿਲਾਂ ਸਰਕਾਰ ਵਿਚ ਭਾਈਵਾਲ ਸ਼੍ਰੋਮਣੀ ਅਕਾਲੀ ਦਲ ਦੀ ਸਲਾਹ ਨਹੀਂ ਲਈ ਗਈ। ਉਹਨਾਂ ਕਿਹਾ ਕਿ ਉਹ ਦੋ ਮਹੀਨੇ ਤੋਂ ਕੇਂਦਰ ਦੀ ਸਰਕਾਰ ਨੂੰ ਪੰਜਾਬ ਦੇ ਕਿਸਾਨ ਦੀਆਂ ਭਾਵਨਾਵਾਂ ਤੋਂ ਜਾਣੂ ਕਰਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਸੀ, ਪਰ ਸਰਕਾਰ ਨੇ ਧੱਕੇ ਨਾਲ ਬਿੱਲ ਪਾਰਲੀਮੈਂਟ ਵਿਚ ਪਾਸ ਕਰਵਾ ਲਏ। ਉਹਨਾਂ ਕਿਹਾ ਕਿ ਇਸ ਦੇ ਰੋਸ ਵਜੋਂ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦਿੱਤਾ ਤੇ ਹੁਣ ਸ਼੍ਰੌਮਣੀ ਅਕਾਲੀ ਦਲ ਦੀ ਸਾਰੀ ਲੀਡਰਸ਼ਿਪ ਨੇ ਬੈਠ ਕੇ ਫੈਂਸਲਾ ਕੀਤਾ ਕਿ ਜਿਹੜੀ ਐਨਡੀਏ ਦੀ ਸਰਕਾਰ ਨੇ ਪੰਜਾਬ ਵਿਰੋਧੀ ਬਿੱਲ ਲਿਆਂਦੇ, ਉਸ ਤੋਂ ਪਾਰਟੀ ਬਾਹਰ ਨਿੱਕਲਣ ਦਾ ਐਲਾਨ ਕਰਦੀ ਹੈ। 

ਉਹਨਾਂ ਕਿਹਾ ਕਿ ਭਾਰਤ ਦੀ ਸਰਕਾਰ ਪੰਜਾਬੀ ਮਾਂ-ਬੋਲੀ ਦਾ ਵੀ ਘਾਣ ਕਰ ਰਹੀ ਹੈ ਅਤੇ ਜੰਮੂ ਕਸ਼ਮੀਰ ਵਿਚੋਂ ਪੰਜਾਬੀ ਨੂੰ ਖਤਮ ਕਰ ਦਿੱਤਾ ਤੇ ਸਾਡੀ ਇਹ ਵੀ ਗੱਲ ਨਾ ਮੰਨੀ ਕਿ ਜੰਮੂ ਕਸ਼ਮੀਰ ਵਿਚ ਪੰਜਾਬੀ ਨੂੰ ਸਰਕਾਰੀ ਭਾਸ਼ਾ ਬਣਾਇਆ ਜਾਵੇ।