ਅਕਾਲੀ ਦਲ ਵਲੋਂ ਅਧਿਆਪਕਾਂ ਦੀ ਏ.ਸੀ.ਆਰ. 'ਚ ਪੰਜਾਬੀ ਦੀ ਥਾਂ ਅੰਗਰੇਜ਼ੀ ਦੀ ਮੱਦ ਸ਼ਾਮਿਲ ਕਰਨ 'ਤੇ ਰੋਸ

ਅਕਾਲੀ ਦਲ ਵਲੋਂ ਅਧਿਆਪਕਾਂ ਦੀ ਏ.ਸੀ.ਆਰ. 'ਚ ਪੰਜਾਬੀ ਦੀ ਥਾਂ ਅੰਗਰੇਜ਼ੀ ਦੀ ਮੱਦ ਸ਼ਾਮਿਲ ਕਰਨ 'ਤੇ ਰੋਸ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸ਼ੋ੍ਰਮਣੀ ਅਕਾਲੀ ਦਲ ਨੇ ਸਿੱਖਿਆ ਵਿਭਾਗ ਵਲੋਂ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ (ਏ.ਸੀ.ਆਰ.) ਵਿਚ ਪੰਜਾਬੀ ਦੀ ਥਾਂ ਅੰਗਰੇਜ਼ੀ ਨੰੂ ਪ੍ਰਫੁੱਲਿਤ ਕਰਨ ਦੀ ਮੱਦ ਸ਼ਾਮਿਲ ਕਰਨ 'ਤੇ ਜ਼ੋਰਦਾਰ ਇਤਰਾਜ਼ ਕਰਦਿਆਂ ਮੁੱਖ ਮੰਤਰੀ ਤੋਂ ਇਸ ਮਾਮਲੇ ਵਿਚ ਦਖ਼ਲ ਦੀ ਮੰਗ ਕਰਦਿਆਂ ਇਸ ਦੀ ਪੜਤਾਲ ਕਰਵਾਏ ਜਾਣ ਤੇ ਪੰਜਾਬੀ ਵਿਰੋਧੀ ਫ਼ੈਸਲੇ ਲੈਣ ਵਾਲੇ ਅਫ਼ਸਰਾਂ ਿਖ਼ਲਾਫ਼ ਸਖ਼ਤ ਕਾਰਵਾਈ ਕੀਤੇ ਜਾਣ ਦੀ ਮੰਗ ਕੀਤੀ ਹੈ |

ਪਾਰਟੀ ਦੇ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਹੁਤ ਹੀ ਹੈਰਾਨੀ ਦੀ ਗੱਲ ਹੈ ਕਿ ਸਿੱਖਿਆ ਵਿਭਾਗ ਵਲੋਂ ਜੋ ਸਾਲਾਨਾ ਗੁਪਤ ਰਿਪੋਰਟ (ਏ. ਸੀ. ਆਰ.) ਦਾ ਪ੍ਰੋਫਾਰਮਾ ਅਧਿਆਪਕਾਂ ਵਾਸਤੇ ਬਣਾਇਆ ਗਿਆ ਹੈ ਉਸ ਵਿਚ ਲੜੀ ਨੰ 10 ਵਿਚ ਦਿੱਤਾ ਗਿਆ ਹੈ ਕਿ ਜਿਹੜਾ ਅਧਿਆਪਕ ਆਪਣੀ ਜਮਾਤ ਦੇ ਕੁੱਲ ਵਿਦਿਆਰਥੀਆਂ 'ਚੋਂ 10 ਫ਼ੀਸਦੀ ਵਿਦਿਆਰਥੀਆਂ ਨੂੰ ਅੰਗਰੇਜ਼ੀ ਵਿਚ ਪੜ੍ਹਾਏਗਾ ਉਸ ਨੂੰ ਇਸਦੇ ਇਵਜ ਵਿਚ 5 ਨੰਬਰ ਦਿੱਤੇ ਜਾਣਗੇ |

ਡਾ. ਚੀਮਾ ਨੇ ਕਿਹਾ ਕਿ ਇਸ ਦਾ ਸਿੱਧਾ-ਸਿੱਧਾ ਮਤਲਬ ਹੈ ਕਿ ਪੰਜਾਬ ਦੇ ਬੱਚਿਆਂ ਨੂੰ ਪੰਜਾਬੀ ਤੋਂ ਹਟਾਉਣ ਵਾਸਤੇ ਸਰਕਾਰ ਏਨੀ ਪੱਬਾਂ ਭਾਰ ਹੋਈ ਬੈਠੀ ਹੈ ਕਿ ਜੋ ਅਧਿਆਪਕ ਅਜਿਹਾ ਕਰੇਗਾ ਉਸ ਨੂੰ ਇਨਾਮ ਮਿਲੇਗਾ ਅਤੇ ਜਿਹੜਾ ਅਧਿਆਪਕ ਬੱਚੇ ਨੂੰ ਪੰਜਾਬੀ ਮਾਧਿਅਮ ਵਿਚ ਰੱਖੇਗਾ ਉਸ ਨੰੂ ਨੁਕਸਾਨ ਦਾ ਸਾਹਮਣਾ ਕਰਨਾ ਪਵੇਗਾ | ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਇਹ ਫ਼ੈਸਲਾ ਤੁਰੰਤ ਵਾਪਸ ਲਿਆ ਜਾਵੇ ਅਤੇ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਜਿਹੜੇ ਵੀ ਅਫ਼ਸਰ ਇਸ 'ਚ ਦੋਸ਼ੀ ਪਾਏ ਜਾਣ ਉਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਵੇ|