ਸੌਦਾ ਸਾਧ ਨੂੰ ਮਿਲੀ ਇਕ ਮਹੀਨੇ ਦੀ ਪੈਰੋਲ

ਸੌਦਾ ਸਾਧ ਨੂੰ ਮਿਲੀ ਇਕ ਮਹੀਨੇ ਦੀ ਪੈਰੋਲ

*ਡੇਰਾ ਮੁਖੀ ਨੂੰ ਪੈਰੋਲ ਦੇਣ ਦੀ ਥਾਂ ਬੰਦੀ ਸਿੰਘਾਂ ਨੂੰ ਰਿਹਾਅ ਕੀਤਾ ਜਾਵੇ-ਕਾਲਕਾ

*ਸੰਗਰੂਰ ਚੋਣ ਦਾ ਰਾਜਸੀ ਲਾਹਾ ਲੈਣ ਲਈ ਦਿੱਤੀ ਗਈ ਪੈਰੋਲ-ਧਾਮੀ

ਅੰਮ੍ਰਿਤਸਰ ਟਾਈਮਜ਼

ਚੰਡੀਗੜ੍ਹ-ਜਬਰ ਜਨਾਹ ਦੇ ਮਾਮਲੇ 'ਚ ਰੋਹਤਕ ਦੀ ਸੁਨਾਰੀਆ ਜੇਲ੍ਹ 'ਵਿਚ ਬੰਦ ਡੇਰਾ  ਸੌਦਾ ਮੁਖੀ  ਰਾਮ ਰਹੀਮ ਨੂੰ ਬੀਤੇ ਦਿਨੀਂ ਇਕ ਮਹੀਨੇ ਦੀ ਪੈਰੋਲ 'ਤੇ ਰਿਹਾਅ ਕਰ ਦਿੱਤਾ ਗਿਆ ਹੈ । ਇਸ ਸੰਬੰਧੀ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਚੌਟਾਲਾ ਨੇ ਦੱਸਿਆ ਕਿ ਰੋਹਤਕ ਦੇ ਡਵੀਜ਼ਨਲ ਕਮਿਸ਼ਨਰ ਵਲੋਂ ਸੰਬੰਧਿਤ ਅਧਿਕਾਰੀਆਂ ਦੀ ਸਿਫ਼ਾਰਸ਼ 'ਤੇ ਰਾਮ ਰਹੀਮ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ ।  ਡੇਰਾ ਮੁਖੀ ਸਿਰਸਾ ਸਥਿਤ ਆਪਣੇ ਆਸ਼ਰਮ ਵਿਚ 2 ਔਰਤਾਂ ਨਾਲ ਜਬਰ ਜਨਾਹ ਕਰਨ ਦੇ ਦੋਸ਼ 'ਚ 20 ਸਾਲ ਦੀ ਸਜ਼ਾ ਕੱਟ ਰਿਹਾ ਹੈ । 

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਹੈ ਕਿ ਡੇਰਾ ਸਿਰਸਾ ਮੁਖੀ  ਨੂੰ ਪੈਰੋਲ 'ਤੇ ਰਿਹਾਅ ਕਰਨ ਦੀ ਥਾਂ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰੇ । ਡੇਰਾ ਸਿਰਸਾ ਮੁਖੀ ਨੂੰ ਪੈਰੋਲ ਦੇਣ 'ਤੇ ਸ਼ੋ੍ਰਮਣੀ ਕਮੇਟੀ ਨੇ ਸਖ਼ਤ ਇਤਰਾਜ਼ ਜਤਾਉਂਦਿਆਂ ਕਿਹਾ ਹੈ ਕਿ ਸੰਗਰੂਰ ਜ਼ਿਮਨੀ ਚੋਣ ਦਾ ਰਾਜਸੀ ਲਾਹਾ ਲੈਣ ਲਈ ਇਹ ਪੈਰੋਲ ਦਿੱਤੀ ਗਈ ਹੈ, ਜੋ ਸਰਾਸਰ ਗ਼ਲਤ ਹੈ ਤੇ ਰਾਮ ਰਹੀਮ ਨੂੰ ਸਰਕਾਰਾਂ ਵਲੋਂ ਦਿੱਤੀ ਜਾਂਦੀ ਸਰਪ੍ਰਸਤੀ ਨੂੰ ਸਿੱਖ ਭਾਵਨਾਵਾਂ ਕਦੇ ਵੀ ਬਰਦਾਸ਼ਤ ਨਹੀਂ ਕਰਨਗੀਆਂ । ਇਸ ਸੰਬੰਧੀ ਸ਼ੋ੍ਰਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫ਼ੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ ।ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਦੇ ਚੁੱਕੀ ਹੈ ਤੇ ਹੁਣ ਫਿਰ ਉਸ ਨੇ ਸੰਗਰੂਰ ਉਪ-ਚੋਣ ਦਾ ਲਾਹਾ ਲੈਣ ਲਈ ਉਸ ਨੂੰ ਪੈਰੋਲ ਦਿੱਤੀ ਹੈ ।