ਸਲਫਾਸ ਖਾ ਕੇ ਆਤਮਦਾਹ ਦੀ ਕੋਸ਼ਿਸ਼ ਮਗਰੋਂ ਜਾਗੀ ਸ਼੍ਰੋਮਣੀ ਕਮੇਟੀ; ਫਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ

ਸਲਫਾਸ ਖਾ ਕੇ ਆਤਮਦਾਹ ਦੀ ਕੋਸ਼ਿਸ਼ ਮਗਰੋਂ ਜਾਗੀ ਸ਼੍ਰੋਮਣੀ ਕਮੇਟੀ; ਫਾਰਗ ਮੁਲਾਜ਼ਮਾਂ ਨੂੰ ਬਹਾਲ ਕੀਤਾ

ਅੰਮ੍ਰਿਤਸਰ: ਕਈ ਦਿਨਾਂ ਤੋਂ ਭੁੱਖ ਹੜਤਾਲ 'ਤੇ ਬੈਠੇ ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਨੂੰ ਅੱਜ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਤੇ ਅੰਤ੍ਰਿੰਗ ਕਮੇਟੀ ਦੀ ਪ੍ਰਵਾਨਗੀ ਤੋਂ ਬਾਅਦ ਮੁੜ ਬਹਾਲ ਕਰ ਦਿੱਤਾ ਗਿਆ ਹੈ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਫਾਰਗ ਮੁਲਾਜ਼ਮਾਂ ਨੂੰ ਮੁੜ ਡਿਊਟੀ ’ਤੇ ਹਾਜ਼ਰ ਹੋਣ ਵਾਸਤੇ ਨਿਯੁਕਤੀ ਪੱਤਰ ਦਿੱਤੇ ਹਨ। ਉਨ੍ਹਾਂ ਨੇ ਸਲਫਾਸ ਖਾ ਕੇ ਖ਼ੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮੁਲਾਜ਼ਮ ਦਾ ਹਸਪਤਾਲ ਵਿਚ ਪਤਾ ਲਿਆ ਅਤੇ ਉਸ ਨੂੰ ਉੱਥੇ ਹੀ ਨਿਯੁਕਤੀ ਪੱਤਰ ਸੌਂਪਿਆ।

ਸ਼੍ਰੋਮਣੀ ਕਮੇਟੀ ਵੱਲੋਂ ਫਾਰਗ ਕੀਤੇ ਗਏ ਮੁਲਾਜ਼ਮਾਂ ਵੱਲੋਂ ਪਿਛਲੇ ਲਗਪਗ 12 ਦਿਨਾਂ ਤੋਂ ਇੱਥੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਦੇ ਬਾਹਰ ਨਿਰੰਤਰ ਧਰਨਾ ਦਿੱਤਾ ਜਾ ਰਿਹਾ ਸੀ। ਉਨ੍ਹਾਂ ਵੱਲੋਂ ਲੜੀਵਾਰ ਭੁੱਖ ਹੜਤਾਲ ਕੀਤੀ ਗਈ। ਇਸ ਸੰਘਰਸ਼ ਦੌਰਾਨ ਹੀ ਇਕ ਫਾਰਗ ਮੁਲਾਜ਼ਮ ਸਰਹੁਸਨ ਸਿੰਘ ਨੇ ਸਲਫਾਸ ਦੀ ਗੋਲੀ ਖਾ ਕੇ ਖ਼ੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਸੀ, ਜਿਸ ਨੂੰ ਤੁਰੰਤ ਗੁਰੂ ਰਾਮਦਾਸ ਹਸਪਤਾਲ ਵਿਚ ਦਾਖ਼ਲ ਕਰਾਇਆ ਗਿਆ। ਫਾਰਗ ਮੁਲਾਜ਼ਮ ਦੀ ਇਸ ਕਾਰਵਾਈ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕਾਂ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਸੀ, ਜਿਸ ਤੋਂ ਤੁਰੰਤ ਬਾਅਦ ਇਨ੍ਹਾਂ ਫਾਰਗ ਮੁਲਾਜ਼ਮਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਲਿਆ ਗਿਆ ਹੈ। 

ਬੀਤੀ ਰਾਤ ਇਸ ਸਬੰਧੀ ਕੀਤੀ ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਗੁਰਬਚਨ ਸਿੰਘ ਕਰਮੂੰਵਾਲ, ਅੰਤ੍ਰਿੰਗ ਕਮੇਟੀ ਮੈਂਬਰ ਅਮਰੀਕ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਭਾਈ ਰਾਮ ਸਿੰਘ ਤੇ ਮੁੱਖ ਸਕੱਤਰ ਡਾ. ਰੂਪ ਸਿੰਘ ਸ਼ਾਮਲ ਹੋਏ। ਇਸ ਕਮੇਟੀ ਨੇ ਦੇਰ ਰਾਤ ਇਨ੍ਹਾਂ ਮੁਲਾਜ਼ਮਾਂ ਨੂੰ ਬਹਾਲ ਕਰਨ ਦਾ ਫ਼ੈਸਲਾ ਲਿਆ ਸੀ। ਇਸ ਫ਼ੈਸਲੇ ਤੋਂ ਬਾਅਦ ਫਾਰਗ ਮੁਲਾਜ਼ਮਾਂ ਨੇ ਧਰਨਾ ਖਤਮ ਕਰ ਦਿੱਤਾ।

ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਲਗਪਗ 70 ਮੁਲਾਜ਼ਮਾਂ ਨੂੰ ਹਾਜ਼ਰ ਹੋਣ ਲਈ ਦਫ਼ਤਰੀ ਪੱਤਰ ਜਾਰੀ ਕੀਤੇ। ਇਸ ਮੌਕੇ ਲੌਂਗੋਵਾਲ ਨੇ ਆਖਿਆ ਕਿ ਸਬੰਧਿਤ ਮੁਲਾਜ਼ਮਾਂ ਦੀ ਸੇਵਾ ਬਹਾਲ ਕਰ ਦਿੱਤੀ ਗਈ ਹੈ ਅਤੇ ਹੁਣ ਉਹ ਇਮਾਨਦਾਰੀ ਨਾਲ ਸੇਵਾ ਨਿਭਾਉਣ। ਇਸ ਦੌਰਾਨ ਉਨ੍ਹਾਂ ਨੇ ਗੁਰੂ ਰਾਮਦਾਸ ਹਸਪਤਾਲ ਵਿਚ ਦਾਖ਼ਲ ਸਰਹੁਸਨ ਸਿੰਘ ਦਾ ਹਾਲ ਪੁੱਛਿਆ ਤੇ ਉਸ ਨੂੰ ਨਿਯੁਕਤੀ ਪੱਤਰ ਸੌਂਪਿਆ। ਸ਼੍ਰੋਮਣੀ ਕਮੇਟੀ ਅਫਸਰਾਂ ਨੇ ਦੱਸਿਆ ਕਿ ਇਸ ਨੌਜਵਾਨ ਦੀ ਹਾਲਤ ਵਿਚ ਸੁਧਾਰ ਹੋਇਆ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਫਾਰਗ ਮੁਲਾਜ਼ਮਾਂ ਸਬੰਧੀ ਅੰਤ੍ਰਿੰਗ ਕਮੇਟੀ ਵੱਲੋਂ ਇਕ ਸਬ-ਕਮੇਟੀ ਬਣਾਈ ਗਈ ਸੀ, ਜਿਸ ਦੀਆਂ ਸਿਫਾਰਸ਼ਾਂ ’ਤੇ ਇਨ੍ਹਾਂ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ। ਇਨ੍ਹਾਂ ਮੁਲਾਜ਼ਮਾਂ ਦੀ ਸੇਵਾ ਪਹਿਲਾਂ ਵਾਲੇ ਸਥਾਨਾਂ ’ਤੇ ਹੀ ਹੋਵੇਗੀ। ਇਨ੍ਹਾਂ ਮੁਲਾਜ਼ਮਾਂ ਵਿਚ ਬਿਲਮੁਕਤਾ, ਠੇਕੇ ਤੇ ਦਿਹਾੜੀ ਵਾਲੇ ਮੁਲਾਜ਼ਮ ਸ਼ਾਮਲ ਹਨ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਫਾਰਗ ਕਰਨ ਸਮੇਂ ਤੋਂ ਲੈ ਕੇ ਹੁਣ ਬਹਾਲ ਕਰਨ ਤਕ ਦੇ ਸਮੇਂ ਨੂੰ ਬਿਨਾਂ ਤਨਖਾਹ ਛੁੱਟੀ ਵਜੋਂ ਪ੍ਰਵਾਨ ਕੀਤਾ ਜਾਵੇਗਾ, ਜਿਸ ਨਾਲ ਇਨ੍ਹਾਂ ਦੀ ਸੇਵਾ ਵਿਚ ਨਿਰੰਤਰਤਾ ਬਣੀ ਰਹੇਗੀ। ਸਰਹੁਸਨ ਸਿੰਘ ਦੇ ਇਲਾਜ ਦਾ ਸਾਰਾ ਖ਼ਰਚਾ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। 

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ