ਭਾਰਤ ਭਗਤੀ ਦੇ ਅਸਰ ਹੇਠ ਸ਼੍ਰੋਮਣੀ ਕਮੇਟੀ ਨੇ ਗੁਰੂ ਅਦਬ ਲਈ ਸ਼ਹੀਦ ਹੋਏ ਨਿਰੰਕਾਰੀ ਕਾਂਡ ਦੇ 14 ਸਿੰਘਾਂ ਨੂੰ ਵਿਸਾਰਿਆ

ਭਾਰਤ ਭਗਤੀ ਦੇ ਅਸਰ ਹੇਠ ਸ਼੍ਰੋਮਣੀ ਕਮੇਟੀ ਨੇ ਗੁਰੂ ਅਦਬ ਲਈ ਸ਼ਹੀਦ ਹੋਏ ਨਿਰੰਕਾਰੀ ਕਾਂਡ ਦੇ 14 ਸਿੰਘਾਂ ਨੂੰ ਵਿਸਾਰਿਆ

ਅੰਮ੍ਰਿਤਸਰ: ਸਿੱਖਾਂ ਦੀ ਸਿਰਮੌਰ ਸੰਸਥਾ ਦਾ ਮਾਣ ਹਾਸਿਲ ਕਰਨ ਵਾਲੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮਨ ਭਾਰਤ ਭਗਤੀ ਦਾ ਕਿੰਨਾ ਅਸਰ ਕਬੂਲ ਚੁੱਕਿਆ ਹੈ ਇਸ ਦੀ ਮਿਸਾਲ ਅੱਜ ਦੇ ਦਿਨ ਪ੍ਰਤੱਖ ਦੇਖਣ ਨੂੰ ਮਿਲੀ। 13 ਅਪ੍ਰੈਲ ਨਾਲ ਦੋ ਇਤਿਹਾਸਕ ਸਾਕੇ ਸਬੰਧਿਤ ਹਨ ਜਦੋਂ ਜ਼ਾਲਮ ਹਕੂਮਤ ਦਾ ਜ਼ੁਲਮ ਲੋਕਾਂ 'ਤੇ ਵਰ੍ਹਿਆ। ਜਿੱਥੇ 13 ਅਪ੍ਰੈਲ 1919 ਨੂੰ ਅੰਮ੍ਰਿਤਸਰ ਦੇ ਜ਼ਲਿਆਂਵਾਲਾ ਬਾਗ ਵਿੱਚ ਇਕੱਤਰ ਹੋਏ ਲੋਕਾਂ 'ਤੇ ਅੰਗਰੇਜ਼ ਹਕੂਮਤ ਦੀ ਫੌਜ ਨੇ ਅੰਨ੍ਹੇਵਾਹ ਗੋਲੀਆਂ ਚਲਾ ਕੇ ਕਤਲੇਆਮ ਕੀਤਾ ਸੀ ਉੱਥੇ ਇਸੇ ਅੰਮ੍ਰਿਤਸਰ ਸ਼ਹਿਰ ਵਿੱਚ 13 ਅਪ੍ਰੈਲ 1978 ਨੂੰ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰ ਰਹੇ ਨਿਰੰਕਾਰੀ ਡੇਰੇਦਾਰ ਖਿਲਾਫ ਰੋਸ ਪ੍ਰਗਟ ਕਰਨ ਗਏ ਸਿੱਖ ਜਥੇ 'ਤੇ ਡੇਰੇਦਾਰ ਦੇ ਗੁੰਡਿਆਂ ਅਤੇ ਪੁਲਿਸ ਅਫਸਰਾਂ ਨੇ ਗੋਲੀ ਚਲਾ ਕੇ ਸਿੱਖਾਂ ਦਾ ਕਤਲੇਆਮ ਕੀਤਾ ਸੀ ਜਿਸ ਵਿੱਚ 13 ਸਿੰਘ ਸ਼ਹੀਦ ਹੋ ਗਏ ਸਨ। 

ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਿੱਥੇ ਭਾਰਤੀ ਰਾਸ਼ਟਰਵਾਦ ਦਾ ਚਿੰਨ੍ਹ ਬਣ ਚੁੱਕੇ ਜ਼ਲ੍ਹਿਆਂਵਾਲਾ ਬਾਗ ਸਾਕੇ ਦੇ ਸ਼ਹੀਦਾਂ ਨੂੰ ਤਾਂ ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਅਰਦਾਸ ਕਰਕੇ ਯਾਦ ਕੀਤਾ ਗਿਆ ਪਰ ਉੱਥੇ ਹੀ ਭਾਰਤੀ ਰਾਸ਼ਟਰਵਾਦ ਦਾ ਸ਼ਿਕਾਰ ਹੋ ਚੁੱਕੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਆਪਣੇ ਗੁਰੂ ਦੇ ਅਦਬ ਲਈ ਸ਼ਹੀਦ ਹੋਏ ਸਿੰਘਾਂ ਨੂੰ ਵਿਸਾਰ ਗਈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਧਿਕਾਰਤ ਵੈਬਸਾਈਟ ਤੋਂ ਜ਼ਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਅਰਦਾਸ ਸਬੰਧੀ ਹੋਏ ਸਮਾਗਮ ਦਾ ਪ੍ਰੈਸ ਨੋਟ ਜਾਰੀ ਕੀਤਾ ਗਿਆ ਪਰ ਸਾਕਾ 1978 ਦੇ ਸਿੱਖ ਸਹੀਦਾਂ ਬਾਬਤ ਕਿਸੇ ਵੀ ਤਰ੍ਹਾਂ ਦੇ ਕੋਈ ਸਮਾਗਮ ਦੀ ਜਾਣਕਾਰੀ ਨਹੀਂ ਹੈ। 

ਇੱਥੇ ਧਿਆਨ ਦੇਣ ਯੋਗ ਹੈ ਕਿ ਜ਼ਲ੍ਹਿਆਂਵਾਲਾ ਬਾਗ ਸਾਕੇ ਦੀ ਦੋਸ਼ੀ ਬਰਤਾਨਵੀ ਹਕੂਮਤ ਦਾ ਰਾਜ ਅੱਜ ਪੰਜਾਬ ਦੀ ਧਰਤੀ 'ਤੇ ਨਹੀਂ ਹੈ ਪਰ ਜਿਸ ਭਾਰਤੀ ਹਕੂਮਤ ਦੇ ਰਾਜ ਵਿੱਚ ਸਾਕਾ 1978 ਵਾਪਰਿਆ ਉਹ ਅੱਜ ਵੀ ਪੰਜਾਬ 'ਤੇ ਰਾਜ ਕਰ ਰਹੀ ਹੈ। 

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਹੋਏ ਸਮਾਗਮ ਸਬੰਧੀ ਜਾਰੀ ਪ੍ਰੈਸ ਬਿਆਨ ਵਿੱਚ ਕਿਹਾ ਗਿਆ "੧੩ ਅਪ੍ਰੈਲ ੧੯੧੯ ਨੂੰ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੇ ਸ਼ਹੀਦਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਰਦਾਸ ਸਮਾਗਮ ਕੀਤਾ ਗਿਆ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੀਤੇ ਗਏ ਇਸ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਾਹਿਬਾਨ ਅਤੇ ਸਮੁੱਚੇ ਸਟਾਫ਼ ਨੇ ਹਾਜ਼ਰੀ ਭਰ ਕੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਭੇਟ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸਮਾਗਮ ਜ਼ਲ੍ਹਿਆਂਵਾਲੇ ਬਾਗ ਦੇ ਸਾਕੇ ਦੀ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਤਨਾਮ ਸਿੰਘ ਕੁਹਾੜਕਾ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਪ੍ਰੇਮ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਜ਼ਲ੍ਹਿਆਂਵਾਲੇ ਬਾਗ ਦੇ ਖੂਨੀ ਸਾਕੇ ਲਈ ਬਰਤਾਨੀਆ ਸਰਕਾਰ ਪਾਸੋਂ ਮੁਆਫ਼ੀ ਦੀ ਮੰਗ ਵੀ ਕੀਤੀ ਜਾ ਚੁੱਕੀ ਹੈ। ਭਾਈ ਲੌਂਗੋਵਾਲ ਨੇ ਆਖਿਆ ਸੀ ਕਿ ਇਹ ਖੂਨੀ ਸਾਕਾ ਮਨੁੱਖੀ ਕਦਰਾਂ ਕੀਮਤਾਂ ਦੇ ਵਿਰੁੱਧ ਇਕ ਸ਼ਰਮਨਾਮ ਕਾਰਾ ਸੀ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਇਸ ਮਨੁੱਖਤਾ ਮਾਰੂ ਕਾਰੇ ਲਈ ਬਰਤਾਨੀਆ ਸਰਕਾਰ ਨੂੰ ਸੰਸਦ ਵਿਚ ਮੁਆਫ਼ੀ ਮੰਗਣੀ ਚਾਹੀਦੀ ਹੈ।

ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਅਰਦਾਸ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਸੁਰਜੀਤ ਸਿੰਘ ਭਿੱਟੇਵਡ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਨਿਸ਼ਾਨ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਸਤਨਾਮ ਸਿੰਘ ਸੁਪ੍ਰਿੰਟੈਂਡੈਂਟ, ਸ. ਰਾਜਿੰਦਰ ਸਿੰਘ ਰੂਬੀ, ਸ. ਬਘੇਲ ਸਿੰਘ ਤੇ ਸ. ਇਕਬਾਲ ਸਿੰਘ ਮੁਖੀ ਵਧੀਕ ਮੈਨੇਜਰ ਸਮੇਤ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਤੇ ਸ੍ਰੀ ਦਰਬਾਰ ਸਾਹਿਬ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।"

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ