ਸਿੱਖ ਸਮਾਗਮਾਂ ਦਾ ਹੁਣ ਭਾਰਤੀ ਪ੍ਰਧਾਨ ਮੰਤਰੀ ਨੂੰ ਨਹੀਂ ਜਾਵੇਗਾ ਸੱਦਾ

ਸਿੱਖ ਸਮਾਗਮਾਂ ਦਾ ਹੁਣ ਭਾਰਤੀ ਪ੍ਰਧਾਨ ਮੰਤਰੀ ਨੂੰ ਨਹੀਂ ਜਾਵੇਗਾ ਸੱਦਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਐਲਾਨ ਕੀਤਾ ਹੈ ਕਿ ਅਗਲੇ ਦਿਨਾਂ ਵਿਚ ਮਨਾਏ ਜਾਣ ਵਾਲੇ ਖਾਲਸਾ ਪੰਥ ਦੇ ਸ਼ਤਾਬਦੀ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਹੀਂ ਭੇਜਿਆ ਜਾਵੇਗਾ। ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 'ਚ ਫਰਵਰੀ ਅਤੇ ਮਈ 'ਚ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਉਤਸ਼ਾਹ ਸਹਿਤ ਮਨਾਉਣ ਦਾ ਫ਼ੈਸਲਾ ਕੀਤਾ ਗਿਆ। 

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਇਕ ਸਵਾਲ ਦੇ ਜਵਾਬ 'ਚ ਕਿਹਾ ਕਿ ਸ਼ਤਾਬਦੀ ਸਮਾਗਮਾਂ 'ਚ ਸ਼ਾਮਿਲ ਹੋਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ ਨਹੀਂ ਭੇਜਿਆ ਜਾਵੇਗਾ। ਪੰਜਾਬ ਸਰਕਾਰ ਨਾਲ ਨੌਵੇਂ ਪਾਤਸ਼ਾਹ ਦੀ ਸ਼ਤਾਬਦੀ ਰਲ ਕੇ ਮਨਾਉਣ ਸਬੰਧੀ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਕੀਤੇ ਜਾ ਰਹੇ ਸਮਾਗਮ ਸਿੱਖ ਪੰਥ ਵਲੋਂ ਕੀਤੇ ਜਾਣ ਵਾਲੇ ਸਮਾਗਮ ਹਨ ਅਤੇ ਸਾਰਿਆਂ ਨੂੰ ਇਨ੍ਹਾਂ 'ਚ ਸ਼ਾਮਲ ਹੋਣਾ ਚਾਹੀਦਾ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਸਾਕਾ ਨਨਕਾਣਾ ਸਾਹਿਬ ਦੇ ਸਾਕੇ ਦੀ ਯਾਦ ਵਿਚ ਸ਼੍ਰੋਮਣੀ ਕਮੇਟੀ ਵਲੋਂ ਇਕ ਸਮਾਗਮ ਅੰਮ੍ਰਿਤਸਰ ਅਤੇ ਇਕ ਸਮਾਗਮ ਨਨਕਾਣਾ ਸਾਹਿਬ ਵਿਖੇ ਕੀਤਾ ਜਾਵੇਗਾ ਅਤੇ ਇਸ ਮੌਕੇ ਇਕ ਵਿਸ਼ੇਸ਼ ਜਥਾ ਵੀ ਨਨਕਾਣਾ ਸਾਹਿਬ ਜਾਵੇਗਾ, ਜਿਸ 'ਚ ਸ਼੍ਰੋਮਣੀ ਕਮੇਟੀ ਮੈਂਬਰ ਸਾਹਿਬਾਨ ਵੀ ਸ਼ਾਮਿਲ ਹੋਣਗੇ।