ਹਜ਼ੂਰ ਸਾਹਿਬ ਤੋਂ ਆਈਆਂ ਸੰਗਤਾਂ ਨੂੰ ਡੇਰਿਆਂ ਦੀ ਥਾਂ ਗੁਰਦੁਆਰਾ ਸਾਹਿਬ ਵਿਚ ਰੱਖੇ ਪੰਜਾਬ ਸਰਕਾਰ: ਸ਼੍ਰੋਮਣੀ ਕਮੇਟੀ

ਹਜ਼ੂਰ ਸਾਹਿਬ ਤੋਂ ਆਈਆਂ ਸੰਗਤਾਂ ਨੂੰ ਡੇਰਿਆਂ ਦੀ ਥਾਂ ਗੁਰਦੁਆਰਾ ਸਾਹਿਬ ਵਿਚ ਰੱਖੇ ਪੰਜਾਬ ਸਰਕਾਰ: ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ ਟਾਈਮਜ਼ ਬਿਊਰੋ
ਹਜ਼ੂਰ ਸਾਹਿਬ ਤੋਂ ਪਰਤੀਆਂ ਸੰਗਤਾਂ ਨੂੰ 21 ਦਿਨਾਂ ਦੇ ਇਕਾਂਤਵਾਸ ਲਈ ਪੰਜਾਬ ਸਰਕਾਰ ਵੱਲੋਂ ਰਾਧਾ ਸੁਆਮੀ ਡੇਰਿਆਂ ਅਤੇ ਹੋਰ ਥਾਵਾਂ 'ਤੇ ਰੱਖਣ ਦੇ ਪ੍ਰਬੰਧਾਂ ਦੇ ਬਦਲੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਹਾ ਹੈ ਕਿ ਇਹਨਾਂ ਸੰਗਤਾਂ ਨੂੰ ਸਰਕਾਰ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਵਿਚ ਰੱਖੇ ਜਿੱਥੇ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ। 

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਖਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਤੋਂ ਪਰਤੇ ਸ਼ਰਧਾਲੂਆਂ ਨੂੰ ਇਕਾਂਤਵਾਸ ਰੱਖਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਿਆਂ ਵਿਚ ਹਰ ਤਰ੍ਹਾਂ ਦੇ ਪ੍ਰਬੰਧ ਮੁਕੰਮਲ ਹਨ। ਰਿਹਾਇਸ਼ ਲਈ ਸਰਾਂਵਾਂ ਤਿਆਰ ਹਨ ਅਤੇ ਲੰਗਰ ਵਿਵਸਥਾ ਵੀ ਕੀਤੀ ਗਈ ਹੈ। ਇਸ ਸਬੰਧ ਵਿਚ ਸਾਰੇ ਗੁਰਦੁਆਰਾ ਸਾਹਿਬਾਨ ਦੇ ਮੈਨੇਜਰਾਂ ਨੂੰ ਨਿਰਦੇਸ਼ ਜਾਰੀ ਕਰ ਦਿੱਤੇ ਗਏ ਕਿ ਕੋਰੋਨਾ ਮਹਾਮਾਰੀ ਦੌਰਾਨ ਸ਼੍ਰੋਮਣੀ ਕਮੇਟੀ ਹਰ ਤਰ੍ਹਾਂ ਸਰਕਾਰ ਤੇ ਪ੍ਰਸ਼ਾਸਨ ਦੇ ਨਾਲ ਹੈ ਅਤੇ ਇਸ ਬਿਮਾਰੀ ਨਾਲ ਨਜਿੱਠਣ ਲਈ ਕੋਈ ਕਸਰ ਨਹੀਂ ਰਹਿਣ ਦਿੱਤੀ ਜਾਵੇਗੀ। 

ਭਾਈ ਗੋਬਿੰਦ ਸਿੰਘ ਲੋਂਗੋਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਸੰਗਤਾਂ ਨੂੰ ਨਿੱਜੀ ਡੇਰਿਆਂ ਵਿਚ ਭੇਜਣ ਦੀ ਥਾਂ ਗੁਰੂ ਘਰਾਂ ਵਿਚ ਰੱਖਿਆ ਜਾਵੇ। ੳੇੁਹਨਾਂ ਕਿਹਾ ਕਿ ਸਰਾਂਵਾਂ ਨੂੰ ਬਿਲਕੁਲ ਆਵਾਜਾਈ ਮੁਕਤ ਰੱਖਿਆ ਜਾਵੇਗਾ ਅਤੇ ਪ੍ਰਸ਼ਾਸਨ ਤੇ ਸਿਹਤ ਵਿਭਾਗ ਦੀ ਨਿਗਰਾਨੀ ਵਿਚ ਲੋੜੀਂਦੀਆਂ ਸੇਵਾਵਾਂ ਸ਼੍ਰੋਮਣੀ ਕਮੇਟੀ ਦੇਵੇਗੀ। ਗੁਰੂ ਘਰਾਂ ਅੰਦਰ ਰੱਖੇ ਜਾਣ ਵਾਲੇ ਲੋਕਾਂ ਦੇ ਇਲਾਜ ਲਈ ਮੌਜੂਦ ਰਹਿਣ ਵਾਲੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਵੀ ਸ਼੍ਰੋਮਣੀ ਕਮੇਟੀ ਵੱਲੋਂ ਸਹਿਯੋਗ ਕੀਤਾ ਜਾਵੇਗਾ।

ਬਿਆਨ ਵਿਚ ਕਿਹਾ ਗਿਆ, "ਸ੍ਰੀ ਹਜ਼ੂਰ ਸਾਹਿਬ ਤੋਂ ਪੁੱਜੀਆਂ ਸੰਗਤਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਰਿਹਾਇਸ਼, ਲੰਗਰ ਤੇ ਹੋਰ ਜ਼ਰੂਰੀ ਲੋੜਾਂ ਅਨੁਸਾਰ ਪੂਰੀ ਤਿਆਰੀ ਕੀਤੀ ਗਈ ਹੈ। ਪੰਜਾਬ ਸਰਕਾਰ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੀਆਂ ਸੰਗਤਾਂ ਸਮੇਤ ਜਿਹੜੇ ਵੀ ਲੋਕਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਿਆਂ ਵਿਚ ਇਕਾਂਤਵਾਸ ਕਰੇਗੀ ਉਨ੍ਹਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਪ੍ਰਸ਼ਾਸਨ ਵੱਲੋਂ ਕੁਝ ਲੋਕ ਪਟਿਆਲਾ, ਸ੍ਰੀ ਮੁਕਤਸਰ ਸਾਹਿਬ, ਸੰਗਰੂਰ ਤੇ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸਾਹਿਬਾਨ ਵਿਚ ਰੱਖੇ ਗਏ ਹਨ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਨਾਲ ਸਬੰਧਤ ਜਿਥੇ ਵੀ ਗੁਰੂ ਘਰ ਹਨ, ਹਰ ਥਾਂ ਬਿਹਤਰ ਪ੍ਰਬੰਧ ਹਨ। "

ਉਹਨਾਂ ਕਿਹਾ, "ਤਖਤ ਸ੍ਰੀ ਹਜ਼ੂਰ ਸਾਹਿਬ ਤੋਂ ਸ਼ਰਧਾਲੂਆਂ ਨੂੰ ਪੰਜਾਬ ਲਿਆਉਣ ਲਈ ਸਭ ਦੇ ਯਤਨ ਸਵਾਗਤਯੋਗ ਹਨ ਅਤੇ ਇਨ੍ਹਾਂ ਆਪਣੇ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਵੀ ਸਾਂਝੇ ਯਤਨਾ ਦੀ ਲੋੜ ਹੈ।ਕਿ ਕਿਸੇ ਨੂੰ ਵੀ ਬੇਗਾਨਗੀ ਵਾਲਾ ਅਹਿਸਾਸ ਨਾ ਕਰਵਾਇਆ ਜਾਵੇ ਸਗੋਂ ਬੀਮਾਰੀ ਦੀ ਲਪੇਟ ਵਿਚ ਆਏ ਹਰ ਵਿਅਕਤੀ ਦਾ ਹੌਸਲਾ ਵਧਾਇਆ ਜਾਵੇ।"
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।