ਪਾਵਨ ਬਿਰਧ ਸਰੂਪ ਇਕੱਤਰ ਕਰਨ ਦੀ ਕਿਸੇ ਨੂੰ ਹਰਗਿਜ਼ ਇਜਾਜ਼ਤ ਨਹੀਂ ਹੈ, ਸੰਗਤਾਂ ਸੁਚੇਤ ਰਹਿਣ: ਸ਼੍ਰੋਮਣੀ ਕਮੇਟੀ
ਸੁਲਤਾਨਪੁਰ ਲੋਧੀ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਵਿਚਾਰੇ ਅਨੇਕਾਂ ਮਸਲਿਆਂ ਵਿੱਚ ਵਿਦੇਸ਼ਾਂ ਤੋਂ ਜਹਾਜ਼ਾਂ ਰਾਹੀਂ ਭਾਰਤ ਲਿਆਂਦੇ ਜਾ ਰਹੇ ਬਿਰਧ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦਾ ਮਾਮਲਾ ਵੀ ਵਿਚਾਰਿਆ ਗਿਆ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਬੀਤੇ ਸਮੇਂ ਅੰਦਰ ਅਮਰੀਕਾ ਦੇ ਹਵਾਈ ਅੱਡੇ ‘ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਵੱਡੀ ਗਿਣਤੀ ਵਿਚ ਪਾਵਨ ਬਿਰਧ ਸਰੂਪ ਭਾਰਤ ਲਿਆਉਣ ਸਮੇਂ ਕੀਤੀ ਗਈ ਮਰਯਾਦਾ ਦੀ ਉਲੰਘਣਾ ਬੇਹੱਦ ਦੁਖਦਾਈ ਹੈ, ਜਿਸ ਦੇ ਦੋਸ਼ੀਆਂ ਖਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦੇਸ਼ ਦੁਨੀਆਂ ਵਿੱਚੋਂ ਪਾਵਨ ਬਿਰਧ ਸਰੂਪ ਇਕੱਤਰ ਕਰਨ ਦੀ ਕਿਸੇ ਨੂੰ ਹਰਗਿਜ਼ ਇਜਾਜ਼ਤ ਨਹੀਂ ਹੈ ਅਤੇ ਸੰਗਤਾਂ ਵੀ ਇਸ ਪ੍ਰਤੀ ਸੁਚੇਤ ਰਹਿਣ।
ਸ਼੍ਰੋਮਣੀ ਕਮੇਟੀ ਨੇ ਕੁਦਰਤੀ ਆਫਤਾਂ ਸਮੇਂ ਹਲਾਤਾਂ ਨਾਲ ਨਜਿੱਠਣ ਲਈ ਇਕ ਵਿਸ਼ੇਸ਼ ਵਿਭਾਗ ਸਥਾਪਿਤ ਕਰਨ ਅਤੇ ਵਾਤਾਵਰਨ ਦੀ ਸ਼ੁਧਤਾ ਲਈ ਹਰ ਇਤਿਹਾਸਕ ਗੁਰਦੁਆਰਾ ਸਾਹਿਬ ਅੰਦਰ 550 ਬੂਟੇ ਲਗਾਉਣ ਦਾ ਫੈਸਲਾ ਕੀਤਾ।
ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਕੁਦਰਤੀ ਆਫ਼ਤਾਂ ਅਤੇ ਹੋਰ ਮੁਸ਼ਕਲਾਂ ਸਮੇਂ ਮਨੁੱਖਤਾ ਦੀ ਮੱਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਹੰਗਾਮੀ ਸੇਵਾਵਾਂ ਦੇਣ ਲਈ ਇਕ ਵਿਭਾਗ ਬਣਾਇਆ ਜਾਵੇਗਾ, ਜੋ ਅਜਿਹੇ ਮੌਕਿਆਂ ਸਮੇਂ ਤੁਰੰਤ ਹਰਕਤ ਵਿਚ ਆਉਂਦਿਆਂ ਜ਼ਮੀਨੀ ਪੱਧਰ ‘ਤੇ ਕਾਰਜ ਕਰੇਗਾ। ਇਸ ਨਾਲ ਵੱਖ-ਵੱਖ ਇਲਾਕਿਆਂ ਵਿੱਚੋਂ ਨੌਜੁਆਨਾਂ ਨੂੰ ਜੋੜਨ ਦੀ ਵਿਉਂਤਬੰਦੀ ਵੀ ਕੀਤੀ ਜਾਵੇਗੀ, ਤਾਂ ਜੋ ਲੋੜ ਸਮੇਂ ਹਰ ਖੇਤਰ ਅੰਦਰ ਤੁਰੰਤ ਸੇਵਾਵਾਂ ਆਰੰਭੀਆ ਜਾ ਸਕਣ।
ਉਨ੍ਹਾਂ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਗੁਰੂ ਨਾਨਕ ਪਾਤਸ਼ਾਹ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਦੀ ਸ਼ੁਧਤਾ ਲਈ ਇਕ ਅਹਿਮ ਫੈਸਲਾ ਵੀ ਕੀਤਾ ਗਿਆ ਹੈ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠਲੇ ਹਰ ਗੁਰਦੁਆਰਾ ਸਾਹਿਬਾਨ ਅੰਦਰ ਘੱਟੋ-ਘੱਟ 550 ਬੂਟੇ ਲਗਾਏ ਜਾਣਗੇ। ਬੂਟੇ ਵਿਰਾਸਤੀ ਕਿਸਮ ਦੇ ਹੋਣਗੇ ਅਤੇ ਪਾਲਣ ਪੋਸ਼ਣ ਅਤੇ ਸਾਂਭ-ਸੰਭਾਲ ਦੀ ਜ਼ੁੰਮੇਵਾਰੀ ਗੁਰੂ ਘਰਾਂ ਦੇ ਮੈਨੇਜਰਾਂ ਦੀ ਹੋਵੇਗੀ। ਇਸੇ ਤਹਿਤ ਹੀ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪਰਕਰਮਾਂ ਅੰਦਰ ਸ਼ਾਨਦਾਰ ਅਤੇ ਫਲਦਾਰ ਬੂਟੇ ਲਗਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਸ੍ਰੀ ਤਰਨ ਤਾਰਨ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਧਾਮਾਂ ਅੰਦਰ ਬੂਟੇ ਲਗਾਉਣ ਦੀ ਸੇਵਾ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੇ ਸਹਿਯੋਗ ਨਾਲ ਹੋਵੇਗੀ।
ਇਕੱਤਰਤਾ ਵਿਚ ਲਏ ਹੋਰ ਫੈਸਲਿਆਂ ਬਾਰੇ ਉਨ੍ਹਾਂ ਦੱਸਿਆ ਕਿ ਦੇਸ਼ ਦੀ ਅਜ਼ਾਦੀ ਵਿਚ ਅਹਿਮ ਯੋਗਦਾਨ ਪਾਉਣ ਵਾਲੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਸਿੰਘ ਨੂੰ ਸ਼ਹੀਦ ਦਾ ਦਰਜ਼ਾ ਦੇਣ ਲਈ ਕੇਂਦਰ ਸਰਕਾਰ ਨੂੰ ਪੱਤਰ ਲਿਖਿਆ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬਟਾਲਾ ਪਟਾਕਾ ਫੈਕਟਰੀ ‘ਚ ਹੋਏ ਧਮਾਕੇ ਕਾਰਨ ਸ੍ਰੀ ਰਾਮਦਾਸ ਕਲੋਨੀ ਬਟਾਲਾ ਦੇ ਗੁਰਦੁਆਰਾ ਸਾਹਿਬ ਦੀ ਬਿਲਡਿੰਗ ਨੂੰ ਨੁਕਸਾਨ ਪੁੱਜਣ ਕਾਰਨ 1 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਓਪਨ ਵਰਲਡ ਕੱਪ ਜਰਮਨੀ ਵਿਚ ਪਿਸਟਲ ਸ਼ੂਟਿੰਗ ਮੁਕਾਬਲੇ ਦੌਰਾਨ ਗੋਲਡ ਮੈਡਲ ਜਿੱਤਣ ਵਾਲੇ 13 ਸਿੱਖ ਬਲਾਟੀਅਨ (ਸਿੱਖ ਰੈਜੀਮੈਂਟ ਸੈਂਟਰ ਰਾਮਗੜ੍ਹ) ਦੇ ਨੌਜੁਆਨ ਸ. ਮਨਜੀਤ ਸਿੰਘ ਨੂੰ ਉਸ ਦੀ ਪ੍ਰਾਪਤ ਬਦਲੇ 51 ਹਜ਼ਾਰ ਰੁਪਏ ਦੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਵੇਗਾ।
ਇਕੱਤਰਤਾ ਦੌਰਾਨ ਅਮਰੀਕਾ ਦੇ ਸਿੱਖਾਂ ਵੱਲੋਂ ਵਾਸ਼ਿੰਗਟਨ ਸੂਬੇ ਦੇ ਸ਼ਹਿਰ ਬੈਲੀਗਮ ਵਿਖੇ ਖ਼ਾਲਸਾ ਯੂਨੀਵਰਸਿਟੀ ਸਥਾਪਤ ਕਰਨ ਦੀ ਸ਼ਲਾਘਾ ਕੀਤੀ ਗਈ ਅਤੇ ਇਸ ਯੂਨੀਵਰਸਿਟੀ ਲਈ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ ਅਤੇ ਸਿੱਖ ਇਤਿਹਾਸ ਰੀਸਰਚ ਬੋਰਡ ਵੱਲੋਂ ਪ੍ਰਕਾਸ਼ਤ ਪੁਸਤਕਾਂ ਦੇ ਦੋ ਸੈੱਟ ਭੇਜਣ ਦਾ ਫੈਸਲਾ ਕੀਤਾ ਗਿਆ। ਇਹ ਵੀ ਪ੍ਰਵਾਨ ਕੀਤਾ ਗਿਆ ਕਿ ਯੂਨੀਵਰਸਿਟੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਯੂਨੀਵਰਸਿਟੀ ਦੀ ਸਥਾਪਨਾ ਲਈ 130 ਏਕੜ ਜ਼ਮੀਨ ਦੇਣ ਵਾਲੇ ਸਿੱਖ ਸ. ਮਨਜੀਤ ਸਿੰਘ ਦੀ ਵੀ ਸਿਫਤ ਕੀਤੀ। ਇਸੇ ਤਰ੍ਹਾਂ ਭਾਈ ਸਾਹਿਬ ਭਾਈ ਹਰਭਜਨ ਸਿੰਘ ਜੋਗੀ ਵੱਲੋਂ ਚਲਾਏ ਗਏ ਸਿੱਖ ਧਰਮਾ ਇੰਟਰਨੈਸ਼ਨਲ ਅਮਰੀਕਾ ਦੇ ਮੁਖੀ ਡਾ. ਬੀਬੀ ਇੰਦਰਜੀਤ ਕੌਰ ਅਤੇ ਡਾ. ਗੁਰਅੰਮ੍ਰਿਤ ਕੌਰ ਦੀ ਦੇਖ-ਰੇਖ ਹੇਠ ਜਪੁਜੀ ਸਾਹਿਬ ਦਾ 20 ਭਾਸ਼ਾਵਾਂ ਵਿਚ ਕੀਤੇ ਜਾ ਰਿਹਾ ਅਨੁਵਾਦ ਕਾਰਜ ਨੂੰ ਵੀ ਸਲਾਹਿਆ ਗਿਆ।
ਇਕੱਤਰਤਾ ‘ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਿੱਕਰ ਸਿੰਘ ਚੰਨੂ, ਜਰਨਲ ਸਕੱਤਰ ਸ. ਗੁਰਬਚਨ ਸਿੰਘ ਕਰਮੂੰਵਾਲਾ, ਅੰਤ੍ਰਿੰਗ ਮੈਂਬਰਾਨ ਭਾਈ ਮਨਜੀਤ ਸਿੰਘ, ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਬਾਬਾ ਗੁਰਮੀਤ ਸਿੰਘ ਤ੍ਰਿਲੋਕੇਵਾਲਾ, ਸ. ਜਰਨੈਲ ਸਿੰਘ ਕਰਤਾਰਪੁਰ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਭੁਪਿੰਦਰ ਸਿੰਘ ਭਲਵਾਨ, ਸ. ਜਗਜੀਤ ਸਿੰਘ ਤਲਵੰਡੀ, ਸ. ਅਮਰੀਕ ਸਿੰਘ ਵਿਛੋਆ, ਸ. ਸ਼ਿੰਗਾਰਾ ਸਿੰਘ ਲੋਹੀਆਂ, ਬੀਬੀ ਜਸਬੀਰ ਕੌਰ ਜੱਫਰਵਾਲ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਸ. ਅਵਤਾਰ ਸਿੰਘ ਸੈਂਪਲਾ, ਸ. ਸੁਖਦੇਵ ਸਿੰਘ ਭੂਰਾਕੋਹਨਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸ. ਦਰਸ਼ਨ ਸਿੰਘ ਪੀ.ਏ., ਸ. ਸਤਨਾਮ ਸਿੰਘ ਰਿਆੜ ਮੈਨੇਜਰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸਮੇਤ ਦਫ਼ਤਰੀ ਅਮਲਾ ਮੌਜੂਦ ਸੀ।
Comments (0)