ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ ਆਰੰਭਿਆ

ਸ਼੍ਰੋਮਣੀ ਕਮੇਟੀ ਨੇ ਹਿਮਾਚਲ ਪ੍ਰਦੇਸ਼ ’ਚ ਹੜ੍ਹਾਂ ਕਾਰਨ ਫਸੇ ਲੋਕਾਂ ਨੂੰ ਵਾਪਸ ਲਿਆਉਣ ਦਾ ਕਾਰਜ ਆਰੰਭਿਆ

ਸ਼੍ਰੋਮਣੀ ਕਮੇਟੀ ਵੱਲੋਂ ਪੀੜਤ ਕਿਸਾਨਾਂ ਲਈ ਗੁਰਦੁਆਰਾ ਸਾਹਿਬਾਨ ਦੀ 53 ਏਕੜ ਜ਼ਮੀਨ ’ਤੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ

ਨਵੀਂ ਦਿੱਲੀ, 13 ਜੁਲਾਈ (ਮਨਪ੍ਰੀਤ ਸਿੰਘ ਖਾਲਸਾ):-ਅੱਜ ਜਦੋਂ ਪੰਜਾਬ ਹੜ੍ਹਾਂ ਦੀ ਮਾਰ ਹੇਠ ਹੈ ਅਤੇ ਸਾਰੇ ਪਾਸੇ ਹਾਹਾਕਾਰ ਮੱਚੀ ਹੋਈ ਹੈ, ਉਸ ਸਮੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀ ਤੇ ਮੁਲਾਜ਼ਮ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਲੋੜਵੰਦਾਂ ਤੱਕ ਪਹੁੰਚ ਕੇ ਮਾਨਵਤਾ ਦੀ ਸੇਵਾ ਕਰ ਰਹੇ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਕਮੇਟੀ ਪਹਿਲੇ ਦਿਨ ਤੋਂ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਅੰਦਰ ਸੇਵਾਵਾਂ ਨਿਭਾਅ ਰਹੀ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਹਿਮਾਚਲ ਪ੍ਰਦੇਸ਼ ਵਿਚ ਫਸੇ ਲੋਕਾਂ ਨੂੰ ਸੁਰੱਖਿਅਤ ਪੰਜਾਬ ਲਿਆਉਣ ਦੇ ਯਤਨ ਜਾਰੀ ਹਨ। ਸਕੱਤਰ ਸ. ਪ੍ਰਤਾਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ’ਤੇ ਅੱਜ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਦਲਜੀਤ ਸਿੰਘ ਭਿੰਡਰ ਦੀ ਅਗਵਾਈ ਹੇਠ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਸ. ਗੁਰਪ੍ਰੀਤ ਸਿੰਘ ਰੋਡੇ ਤੇ ਮੀਤ ਮੈਨੇਜਰ ਸ. ਸੰਦੀਪ ਸਿੰਘ ਸਮੇਤ ਟੀਮ ਹਿਮਾਚਲ ਪ੍ਰਦੇਸ਼ ਦੇ ਮੰਡੀ ਸ਼ਹਿਰ ਵਿਚ ਪੁੱਜੀ ਸੀ, ਜਿਸ ਨੇ ਉਥੋਂ ਦੇ ਹਾਲਾਤਾਂ ਦਾ ਜਾਇਜ਼ਾ ਲਿਆ ਅਤੇ ਮੰਡੀ ਦੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਨਾਲ ਮਿਲ ਕੇ ਲੋੜਵੰਦਾਂ ਦੀ ਸਹਾਇਤਾ ਲਈ ਕਾਰਜ ਆਰੰਭਿਆ। ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਥਿਤ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਗਏ ਵੱਡੀ ਗਿਣਤੀ ਸ਼ਰਧਾਲੂ ਹੜ੍ਹ ਆਉਣ ਕਰਕੇ ਇਥੇ ਰੁਕੇ ਹੋਏ ਹਨ, ਜਿਨ੍ਹਾਂ ਨੂੰ ਵਾਪਸ ਲਿਆਉਣ ਲਈ ਸ਼੍ਰੋਮਣੀ ਕਮੇਟੀ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਅੱਜ 50 ਲੋਕਾਂ ਨੂੰ ਲੈ ਕੇ ਇਕ ਬੱਸ ਸ੍ਰੀ ਅਨੰਦਪੁਰ ਸਾਹਿਬ ਲਈ ਰਵਾਨਾ ਕੀਤੀ ਗਈ। ਇਸੇ ਤਰ੍ਹਾਂ ਬਾਕੀ ਲੋਕਾਂ ਨੂੰ ਵੀ ਸੁਰੱਖਿਅਤ ਪੰਜਾਬ ਲਿਆਂਦਾ ਜਾਵੇਗਾ।

ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਹੜ੍ਹਾਂ ਕਾਰਨ ਕਿਸਾਨਾਂ ਦੀ ਫਸਲਾਂ ਦਾ ਵੱਡਾ ਨੁਕਸਾਨ ਹੋਇਆ ਹੈ, ਜਿਸ ਨੂੰ ਵੇਖਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਦੀ ਜ਼ਮੀਨ ਵਿਚ ਪਨੀਰੀ ਬੀਜਣ ਦੇ ਆਦੇਸ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਸ ਤਹਿਤ ਗੁਰਦੁਆਰਾ ਬਾਬਾ ਗਾਂਧਾ ਸਿੰਘ ਜੀ ਬਰਨਾਲਾ ਵਿਖੇ 10 ਕਿਲ੍ਹੇ, ਗੁਰਦੁਆਰਾ ਸਾਹਿਬ ਪਾਤਸ਼ਾਹੀ ਦਸਵੀਂ ਹੇਰਾਂ ਲੁਧਿਆਣਾ ਵਿਖੇ 12 ਕਿਲ੍ਹੇ, ਗੁਰਦੁਆਰਾ ਸ੍ਰੀ ਨਾਨਕਿਆਣਾ ਸਾਹਿਬ ਸੰਗਰੂਰ ਵਿਖੇ 15 ਕਿਲ੍ਹੇ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਕੋਟਾਂ ਵਿਖੇ 5 ਕਿਲ੍ਹੇ, ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਜਲਾਲਬਾਦ ਫਾਰਮ ਵਿਖੇ 8 ਕਿਲ੍ਹੇ ਅਤੇ ਗੁਰਦੁਆਰਾ ਬਾਬਾ ਬੀਰ ਸਿੰਘ ਜੀ ਰੱਤੋਕੇ ਵਿਖੇ 3 ਕਿਲ੍ਹੇ ਝੋਨੇ ਦੀ ਪਨੀਰੀ ਬੀਜਣ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪਨੀਰੀ ਪਛੇਤੀਆਂ ਕਿਸਮਾਂ ਦੀ ਬੀਜੀ ਜਾਵੇਗੀ, ਤਾਂ ਜੋ ਪੀੜਤ ਕਿਸਾਨਾਂ ਨੂੰ ਇਸ ਦਾ ਲਾਭ ਮਿਲ ਸਕੇ।

ਸ. ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਜਿਥੇ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਵੱਖ-ਵੱਖ ਗੁਰਦੁਆਰਾ ਸਾਹਿਬਾਨ ਤੋਂ ਲੰਗਰ ਤਿਆਰ ਕਰਕੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਤੱਕ ਪੁੱਜਦਾ ਕੀਤਾ ਜਾ ਰਿਹਾ ਹੈ, ਉਥੇ ਹੀ ਮੈਡੀਕਲ ਟੀਮਾਂ ਵੀ ਆਪਣੀਆਂ ਸੇਵਾਵਾਂ ਦੇ ਰਹੀਆਂ ਹਨ। ਇਸ ਦੇ ਨਾਲ ਹੀ ਲੋੜ ਅਨੁਸਾਰ ਪੀੜਤ ਪਰਿਵਾਰਾਂ ਲਈ ਗੁਰਦੁਆਰਾ ਸਾਹਿਬਾਨ ਅੰਦਰ ਰਿਹਾਇਸ਼ ਦੇ ਵੀ ਪੁਖਤਾ ਪ੍ਰਬੰਧ ਕੀਤੇ ਗਏ ਹਨ।