ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ

ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਵਿਭਾਗ ਦੇ ਸਕੱਤਰ ਨੂੰ ਮਿਲਿਆ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 12 ਅਕਤੂਬਰ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਚਲਾਉਣ ਨੂੰ ਲੈ ਕੇ ਸੰਸਥਾ ਦਾ ਇਕ ਵਫ਼ਦ ਭਾਰਤ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਸ੍ਰੀ ਅਪੂਰਵਾ ਚੰਦਰਾ ਨੂੰ ਮਿਲਿਆ। ਬੀਤੇ ਕੱਲ੍ਹ ਮਿਲੇ ਇਸ ਵਫ਼ਦ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਕੁਲਵੰਤ ਸਿੰਘ ਮੰਨਣ ਅਤੇ ਮੀਤ ਸਕੱਤਰ ਸ. ਸ਼ਾਹਬਾਜ਼ ਸਿੰਘ ਸ਼ਾਮਲ ਸਨ। ਇਸ ਤੋਂ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਇਕ ਵਫ਼ਦ ਨੇ ਸੂਚਨਾ ਤੇ ਪ੍ਰਸਾਰਣ ਮੰਤਰੀ ਸ੍ਰੀ ਅਨੁਰਾਗ ਸਿੰਘ ਠਾਕੁਰ ਨਾਲ ਮੁਲਾਕਾਤ ਕੀਤੀ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਆਪਣਾ ਸੈਟੇਲਾਈਟ ਚੈਨਲ ਸ਼ੁਰੂ ਕਰਨ ਲਈ ਯਤਨ ਨਿਰੰਤਰ ਜਾਰੀ ਹਨ ਅਤੇ ਇਸ ਸਬੰਧੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਤੱਕ ਸਮੇਂ-ਸਮੇਂ ਪਹੁੰਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸਕੱਤਰ ਨੇ ਸ਼੍ਰੋਮਣੀ ਕਮੇਟੀ ਵੱਲੋਂ ਰੱਖੇ ਪੱਖ ਨੂੰ ਸੰਜੀਦਗੀ ਨਾਲ ਸੁਣਿਆ ਹੈ ਅਤੇ ਜਲਦ ਹੀ ਇਸ ਸਬੰਧੀ ਮੁੜ ਵਿਚਾਰ-ਵਟਾਂਦਰੇ ਦੀ ਹਾਮੀ ਭਰੀ ਹੈ। ਭਾਈ ਮਹਿਤਾ ਨੇ ਕਿਹਾ ਕਿ ਧਾਰਮਿਕ ਸੰਸਥਾ ਹੋਣ ਕਾਰਨ ਸੈਟੇਲਾਈਟ ਚੈਨਲ ਲਈ ਕੁਝ ਤਕਨੀਕੀ ਸਮੱਸਿਆਵਾਂ ਅਤੇ ਸਰਕਾਰ ਦੇ ਨਿਯਮਾਂ ਕਰਕੇ ਮੁਸ਼ਕਲ ਆ ਰਹੀ ਹੈ, ਪਰੰਤੂ ਸ਼੍ਰੋਮਣੀ ਕਮੇਟੀ ਆਪਣੀ ਤਰਫੋਂ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਭਾਰਤ ਸਰਕਾਰ ਦੇ ਸਬੰਧਤ ਵਿਭਾਗ ਨਾਲ ਗੱਲਬਾਤ ਵਿਚ ਹੈ, ਤਾਂ ਜੋ ਇਸ ਸਬੰਧੀ ਪ੍ਰਕਿਰਿਆ ਨੂੰ ਜਲਦ ਮੁਕੰਮਲ ਕੀਤਾ ਜਾ ਸਕੇ।