ਨਵਜੋਤ ਸਿੱਧੂ ਨੇ ਕੈਪਟਨ ਤੋਂ ਅਸਤੀਫਾ ਮੰਗਿਆ

ਨਵਜੋਤ ਸਿੱਧੂ ਨੇ ਕੈਪਟਨ ਤੋਂ ਅਸਤੀਫਾ ਮੰਗਿਆ

ਅੰਮ੍ਰਿਤਸਰ: ਪੰਜਾਬ ਕਾਂਗਰਸ ਵਿੱਚ ਘਮਸਾਣ ਮਚਣਾ ਸ਼ੁਰੂ ਹੋ ਗਿਆ ਹੈ। ਭਾਜਪਾ ਛੱਡ ਕਾਂਗਰਸ ਵਿੱਚ ਆਈ ਸਿੱਧੂ ਜੋੜੀ ਲਈ ਹੁਣ ਕਾਂਗਰਸ ਵਿੱਚ ਟਿਕਣਾ ਵੀ ਔਖਾ ਹੋ ਗਿਆ ਹੈ ਤੇ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਦੀ ਰਾਜਨੀਤੀ 'ਚ ਵੱਡੇ ਫਰਬਦਲ ਹੋਣ ਦੀ ਸੰਭਾਵਨਾ ਹੈ। 

ਕੈਪਟਨ ਅਤੇ ਸਿੱਧੂ ਜੋੜੀ ਦਾ ਵਿਵਾਦ ਹੁਣ ਜਨਤਕ ਰੂਪ ਵਿੱਚ ਸਾਹਮਣੇ ਆ ਗਿਆ ਹੈ ਤੇ ਦੋਵੇਂ ਧਿਰਾਂ ਬਿਆਨੋ ਬਿਆਨੀ ਹੋ ਰਹੀਆਂ ਹਨ। ਪੰਜਾਬ ਦੇ ਸਾਬਕਾ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਇੱਕ ਬਿਆਨ ਵਿੱਚ ਕਿਹਾ ਕਿ ਜੇ ਪੰਜਾਬ ਵਿਚ ਸੰਸਦੀ ਚੋਣਾਂ ਦੌਰਾਨ ਕਾਂਗਰਸ 13 ਸੀਟਾਂ ’ਤੇ ਜਿੱਤ ਪ੍ਰਾਪਤ ਕਰਨ ਵਿਚ ਅਸਫ਼ਲ ਰਹੀ ਤਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਦੀ ਨੈਤਿਕ ਜ਼ਿੰਮੇਵਾਰੀ ਕਬੂਲ ਕਰਦਿਆਂ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਗੱਲ ਸਰੂਪ ਰਾਣੀ ਸਰਕਾਰੀ ਕਾਲਜ ਵਿਚ ਆਪਣੀ ਵੋਟ ਪਾਉਣ ਮਗਰੋਂ ਆਖੀ। ਡਾ. ਸਿੱਧੂ ਇਥੇ ਆਪਣੇ ਪਤੀ ਨਵਜੋਤ ਸਿੰਘ ਸਿੱਧੂ ਨਾਲ ਵੋਟ ਪਾਉਣ ਪੁੱਜੇ ਸਨ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਪ੍ਰਤੀ ਆਪਣੇ ਤਿੱਖੇ ਤੇਵਰ ਅੱਜ ਵੀ ਜਾਰੀ ਰੱਖੇ। ਇਸ ਦੌਰਾਨ ਉਨ੍ਹਾਂ ਆਖਿਆ ਕਿ ਜੇ ਮੁੱਖ ਮੰਤਰੀ ਆਪਣੇ ਵਿਧਾਇਕਾਂ ਨੂੰ ਹਲਕਿਆਂ ਪ੍ਰਤੀ ਜਵਾਬ ਦੇਹ ਬਣਾ ਰਹੇ ਹਨ, ਤਾਂ ਉਹ ਖੁਦ ਵੀ ਜਵਾਬਦੇਹ ਹਨ। ਜੇਕਰ ਪੰਜਾਬ ਵਿਚ ਕਾਂਗਰਸ ਸਰਕਾਰ ਨੂੰ 13 ਸੀਟਾਂ ’ਤੇ ਜਿੱਤ ਪ੍ਰਾਪਤ ਨਹੀ ਹੁੰਦੀ ਤਾਂ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫਾ ਦੇ ਦੇਣਾ ਚਾਹੀਦਾ ਹੈ। 

ਨਵਜੋਤ ਸਿੰਘ ਸਿੱਧੂ ਵੱਲੋਂ ਪੰਜਾਬ ਵਿਚ ਚੋਣ ਪ੍ਰਚਾਰ ਘੱਟ ਕੀਤੇ ਜਾਣ ਬਾਰੇ ਉਨ੍ਹਾਂ ਆਖਿਆ ਕਿ ਦੇਸ਼ ਦੇ 19 ਸੂਬਿਆ ਦੇ ਪ੍ਰਧਾਨਾਂ ਨੇ ਸਿੱਧੂ ਨੂੰ ਸਟਾਰ ਪ੍ਰਚਾਰਕ ਵਜੋਂ ਉਨ੍ਹਾਂ ਦੇ ਹਲਕਿਆਂ ਵਿਚ ਚੋਣ ਪ੍ਰਚਾਰ ਲਈ ਭੇਜਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਸਿੱਧੂ ਸਿਰਫ ਉਨ੍ਹਾਂ ਹਲਕਿਆਂ ਵਿਚ ਪ੍ਰਚਾਰ ਵਾਸਤੇ ਗਏ, ਜਿੱਥੇ ਮੁਕਾਬਲਾ ਸਖ਼ਤ ਬਣਿਆ ਹੋਇਆ ਸੀ ਪਰ ਇਥੇ ਅੰਮ੍ਰਿਤਸਰ ਸੰਸਦੀ ਹਲਕੇ ਵਿਚ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਸਥਿਤੀ ਮਜ਼ਬੂਤ ਹੈ।

ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ