ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਮੌਤ; ਸ਼੍ਰੋਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ

ਸਿੱਖ ਇਤਿਹਾਸਕਾਰ ਪ੍ਰੋ. ਕਿਰਪਾਲ ਸਿੰਘ ਦੀ ਮੌਤ; ਸ਼੍ਰੋਮਣੀ ਕਮੇਟੀ ਨੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ
ਪ੍ਰੋ. ਕਿਰਪਾਲ ਸਿੰਘ

ਚੰਡੀਗੜ੍ਹ: ਪ੍ਰਸਿੱਧ ਸਿੱਖ ਇਤਿਹਾਸਕਾਰ ਪ੍ਰੋਫੈਸਰ ਕਿਰਪਾਲ ਸਿੰਘ ਚੰਡੀਗੜ੍ਹ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅਫ਼ਸੋਸ ਪ੍ਰਗਟ ਕੀਤਾ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪ੍ਰੋ. ਕਿਰਪਾਲ ਸਿੰਘ ਦੇ ਚਲਾਣੇ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਪ੍ਰੋਫੈਸਰ ਕਿਰਪਾਲ ਸਿੰਘ ਦੇ ਅਕਾਲ ਚਲਾਣੇ ਨੂੰ ਸਿੱਖ ਅਕਾਦਮਿਕ ਖੇਤਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਕਰਾਰ ਦਿੱਤਾ ਹੈ। 

ਡਾ. ਰੂਪ ਸਿੰਘ ਨੇ ਆਖਿਆ ਕਿ ਪ੍ਰੋ. ਕਿਰਪਾਲ ਸਿੰਘ ਵਿਸ਼ਵ ਪ੍ਰਸਿੱਧ ਸਿੱਖ ਇਤਿਹਾਸਕਾਰ ਸਨ, ਜਿਨ੍ਹਾਂ ਨੇ ਡਾ. ਗੰਡਾ ਸਿੰਘ ਤੋਂ ਬਾਅਦ ਸਿੱਖ ਇਤਿਹਾਸ ਦੇ ਖੇਤਰ ਵਿਚ ਕਰੜੀ ਘਾਲਣਾ ਘਾਲੀ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਧਰਮ ਪ੍ਰਚਾਰ ਕਮੇਟੀ ਦੇ ਲੰਮਾ ਸਮਾਂ ਮੈਂਬਰ ਰਹੇ ਪ੍ਰੋ. ਕਿਰਪਾਲ ਸਿੰਘ ਨੂੰ ਸੰਨ 2014 ਈ: ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ‘ਪ੍ਰੋਫੈਸਰ ਆਫ ਸਿਖਇਜ਼ਮ’ ਦੀ ਉਪਾਧੀ ਦਿੱਤੀ ਗਈ, ਜਦਕਿ ਇਸ ਤੋਂ ਪਹਿਲਾਂ 1992 ਵਿਚ ਵੀ ਉਨ੍ਹਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਨਮਾਨ ਮਿਲਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੇਵਾਵਾਂ ਦਿੰਦਿਆਂ ਉਨ੍ਹਾਂ ਨੇ ਸਿੱਖ ਇਤਿਹਾਸਕ ਸਰੋਤ ਸੰਪਾਦਨਾ ਪ੍ਰਾਜੈਕਟ ਤਹਿਤ ਨੌਵੇਂ ਪਾਤਸ਼ਾਹ ਤੱਕ ਸਿੱਖ ਇਤਿਹਾਸ ਦੀਆਂ 21 ਪੁਸਤਕਾਂ ਸੰਪਾਦਤ ਕਰਵਾਈਆਂ। ਇਸ ਤੋਂ ਇਲਾਵਾ ਪੰਜਾਬ ਦੀ ਵੰਡ ਦੇ ਦੁਖਾਂਤ ਬਾਰੇ ਮੌਲਿਕ ਕਾਰਜ ਕਰਨ ਦੇ ਨਾਲ ਨਾਲ ਉਨ੍ਹਾਂ ਨੇ ਜਨਮ ਸਾਖੀ ਸਾਹਿਤ ’ਤੇ ਵੀ ਮਹੱਤਵਪੂਰਨ ਖੋਜ ਕਾਰਜ ਕੀਤੇ। 

ਡਾ. ਰੂਪ ਸਿੰਘ ਨੇ ਕਿਹਾ ਕਿ ਪ੍ਰੋਫੈਸਰ ਕਿਰਪਾਲ ਸਿੰਘ ਵਰਗੇ ਸਿਰੜੀ ਇਤਿਹਾਸਕਾਰ ਦਾ ਚਲਾਣਾ ਸਿੱਖ ਜਗਤ ਲਈ ਨਾ ਪੂਰਾ ਹੋਣ ਵਾਲਾ ਘਾਟਾ ਹੈ, ਜਿਸ ਦਾ ਪੂਰਾ ਹੋਣਾ ਮੁਸ਼ਕਲ ਹੀ ਨਹੀਂ ਸਗੋਂ ਅਸੰਭਵ ਜਾਪਦਾ ਹੈ। 

ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਸਟਾਫ਼ ਵੱਲੋਂ ਪ੍ਰੋਫੈਸਰ ਕਿਰਪਾਲ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਸਭਾ ਵਿਚ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਮਗਰੋਂ ਵਿਛੜੀ ਰੂਹ ਨਮਿਤ ਅਰਦਾਸ ਕੀਤੀ ਗਈ। ਸ਼ੋਕ ਸਭਾ ਸਮੇਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਤੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ ਨੇ ਪ੍ਰੋ. ਕਿਰਪਾਲ ਸਿੰਘ ਦੀ ਘਾਲਣਾ ਨੂੰ ਯਾਦ ਕਰਦਿਆਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। 

ਪ੍ਰੋ. ਕਿਰਪਾਲ ਸਿੰਘ ਦੇ ਅਕਾਲ ਚਲਾਣੇ ਕਾਰਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵੀ ਬਾਅਦ ਦੁਪਹਿਰ ਅੱਧਾ ਦਿਨ ਲਈ ਬੰਦ ਰਹੇ। ਇਸੇ ਦੌਰਾਨ ਉਨ੍ਹਾਂ ਦੇ ਅੰਤਮ ਸੰਸਕਾਰ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸੱਕਤਰ ਸ. ਅਵਤਾਰ ਸਿੰਘ ਸੈਂਪਲਾ ਤੇ ਸਥਾਨਕ ਗੁਰਦੁਆਰਾ ਸਾਹਿਬਾਨ ਦੇ ਮੈਨੇਜਰ ਸ਼ਾਮਲ ਹੋਏ।