ਜੇ.ਐਨ.ਯੂ ਹਿੰਸਾ: ਪੰਥਕ ਜਥੇਬੰਦੀਆਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਅਤੇ ਵੀਸੀ ਨੂੰ ਹਟਾਉਣ ਦੀ ਮੰਗ

ਜੇ.ਐਨ.ਯੂ ਹਿੰਸਾ: ਪੰਥਕ ਜਥੇਬੰਦੀਆਂ ਵੱਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਅਤੇ ਵੀਸੀ ਨੂੰ ਹਟਾਉਣ ਦੀ ਮੰਗ
ਬੈਠਕ ਵਿੱਚ ਸ਼ਾਮਲ ਸਿੱਖ ਆਗੂ ਸਿਮਰਨਜੀਤ ਸਿੰਘ ਮਾਨ, ਹਰਪਾਲ ਸਿੰਘ ਚੀਮਾ ਅਤੇ ਹੋਰ

ਅੰਮ੍ਰਿਤਸਰ: ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਅਧਿਆਪਕਾਂ 'ਤੇ ਬੀਜੇਪੀ ਦੇ ਵਿਦਿਆਰਥੀ ਵਿੰਗ ਏਬੀਵੀਪੀ ਦੇ ਗੁੰਡਿਆਂ ਦੁਆਰਾ ਕੀਤੇ ਗਏ ਹਮਲੇ ਨੂੰ ਸਰਕਾਰੀ ਸ਼ਹਿ ਅਧੀਨ ਹੋਈ ਹਿੰਸਾ ਕਰਾਰ ਦਿੰਦਿਆਂ , ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਅਤੇ ਜੇ.ਐਨ.ਯੂ ਦੇ ਉੱਪ-ਕੁਲਪਤੀ ਨੂੰ ਹਟਾਉਣ ਦੀ ਮੰਗ ਕੀਤੀ ਹੈ।

ਦਲ ਖਾਲਸਾ ਦਫ਼ਤਰ ਵਿੱਚ ਭਾਰਤ ਵਿਚ ਵਿਗੜਦੀ ਰਾਜਨੀਤਿਕ ਸਥਿਤੀ ਅਤੇ ਜੇ.ਐਨ.ਯੂ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ‘ਤੇ ਹੈਰਾਨ ਕਰਨ ਵਾਲੀ ਵਹਿਸ਼ੀ ਹਿੰਸਾ ਬਾਰੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਅਤੇ ਦਲ ਖਾਲਸਾ ਨੇ ਅਮਿਤ ਸ਼ਾਹ ਵੱਲੋਂ ਸੀਏਏ, ਐਨਆਰਸੀ ਅਤੇ ਐਨਆਰਪੀ ਦਾ ਵਿਰੋਧ ਕਰ ਰਹੇ ਨਾਗਰਿਕਾਂ ਨੂੰ ਧਮਕਾਉਣ ਅਤੇ ਮੁਸਲਮਾਨ ਅਤੇ ਵਿਦਿਆਰਥੀਆਂ ਦੀ ਜਾਨ-ਮਾਲ ਦੀ ਰਾਖੀ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹਿਣ ਲਈ ਅਸਤੀਫੇ ਦੀ ਮੰਗ ਕੀਤੀ।

ਅਕਾਲੀ ਦਲ (ਅੰਮ੍ਰਿਤਸਰ) ਦੇ ਮੁਖੀ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ ਨੇ ਜਾਮੀਆ ਅਤੇ ਜੇ.ਐਨ.ਯੂ ਦੇ ਵਿਦਿਆਰਥੀਆਂ ਦੀ ਜ਼ਿੰਦਗੀ ਵਿੱਚ ਤਬਾਹੀ ਮਚਾ ਰੱਖੀ ਹੈ। ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਨੇ ਆਪਣੇ ਬਿਆਨ ਕਿ " ਟੁਕੜੇ-ਟੁਕੜੇ(ਜੇ.ਐਨ. ਯੂ. ਵਿਦਿਆਰਥੀ) ਗੈੰਗ ਨੂੰ ਸਬਕ ਸਿਖਾਇਆ ਜਾਵੇਗਾ" ਦੀ ਏ.ਬੀ.ਵੀ.ਪੀ ਦੇ ਗੁੰਡਿਆਂ ਕੋਲੋ ਪੂਰਤੀ ਕਰਵਾਈ ਹੈ।

ਦਲ ਖਾਲਸਾ ਦੇ ਪ੍ਰਧਾਨ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਾਮੀਆ ਅਤੇ ਏਐਮਯੂ ਦੇ ਨਕਸ਼ੇ ਕਦਮਾਂ ਤੇ ਚੱਲਦਿਆਂ ਜੇ.ਐਨ.ਯੂ ਵਿਖੇ ਹੋਈ ਵਹਿਸ਼ੀ ਹਿੰਸਾ, ਇਹ ਸਾਫ ਕਰਦੀ ਹੈ ਕਿ ਭਾਜਪਾ ਆਪਣੇ ਫਾਸੀਵਾਦੀ ਮਾਰਗ ਤੋਂ ਪਿੱਛੇ ਨਹੀਂ ਹਟੇਗੀ ਅਤੇ ਵੱਖ ਵਿਚਾਰ ਰੱਖਣ ਵਾਲੇ ਵਿਦਿਆਰਥੀਆਂ, ਅਧਿਆਪਕਾਂ, ਰਾਏ-ਨਿਰਮਾਤਾਵਾਂ, ਸਿਵਲ ਸੁਸਾਇਟੀ ਦੇ ਮੈਂਬਰਾਂ ਅਤੇ ਮਨੁੱਖੀ ਅਧਿਕਾਰਾਂ ਦੇ ਰਖਵਾਲਿਆਂ ਦੀ ਜਾਨ ਦੀ ਪਰਵਾਹ ਕੀਤੇ ਬਿਨਾਂ ਪੂਰੇ ਦੇਸ਼ ਵਿਚ ਗੁਜਰਾਤ ਮਾਡਲ ਨੂੰ ਲਾਗੂ ਕਰਨ ਲਈ ਅੱਗੇ ਵਧੇਗੀ।

ਦਲ ਖਾਲਸਾ ਦੇ ਬੁਲਾਰੇ ਕੰਵਰਪਾਲ ਸਿੰਘ ਨੇ ਕਿਹਾ ਕਿ ਭਾਜਪਾ ਨੂੰ ਮਗਰਮੱਛ ਦੇ ਹੰਝੂ ਵਹਾਉਣੇ ਬੰਦ ਕਰਨੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਜੇਐੱਨਯੂ ਵਿਖੇ ਵਿਦਿਆਰਥਣਾਂ ਅਤੇ ਅਧਿਆਪਕਾਂ 'ਤੇ ਏਬੀਵੀਪੀ ਵੱਲੋਂ ਕੀਤੀ ਗਈ ਹਿੰਸਾ ਦਾ ਸੱਚ ਲੁਕ ਨਹੀਂ ਸਕਦਾ।ਉਨਾਂ ਕਿਹਾ ਕਿ ਅਮਿਤ ਸ਼ਾਹ ਅਤੇ ਭਾਜਪਾ ਮੰਤਰੀ ਮੰਡਲ ਦੇ ਮੈਂਬਰਾਂ ਦੇ ਅਖੌਤੀ ਬਿਆਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਜ਼ਖਮਾਂ ਨੂੰ ਭਰ ਨਹੀਂ ਸਕਣਗੇ।

ਦਲ ਖਾਲਸਾ ਅਤੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਸੰਕਟ ਦੀ ਇਸ ਘੜੀ ਵਿੱਚ ਸਿੱਖ ਲੋਕਾਂ ਨੂੰ ਮੁਸਲਮਾਨਾਂ ਅਤੇ ਵਿਦਿਆਰਥੀਆਂ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਦੇਸ਼ ਭਰ ਦੇ ਵਿਦਿਅਕ ਅਦਾਰਿਆਂ ਅੰਦਰ ਕੁਰਸੀਆਂ 'ਤੇ ਬੈਠੇ ਅਹੁਦੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਦੀ ਇਸ ਗੁੰਡਾਗਰਦੀ ਦਾ ਵਿਰੋਧ ਕਰਨ ਅਤੇ ਵਿਦਿਆਰਥੀਆਂ ਦੇ ਹੱਕ ਵਿੱਚ ਖਲੋਣ। ਉਨ੍ਹਾਂ ਜਾਮੀਆ, ਏਐਮਯੂ ਅਤੇ ਜੇਐਨਯੂ ਵਿਖੇ ਸੰਘਰਸ਼ਸ਼ੀਲ ਵਿਦਿਆਰਥੀਆਂ ਅਤੇ ਸ਼ਾਹੀਨ ਬਾਗ ਵਿਖੇ ਮੁਜ਼ਾਹਰਾ ਕਰਨ ਵਾਲੀਆਂ ਮੁਸਲਿਮ ਅੌਰਤਾਂ ਨਾਲ ਪੂਰੀ ਏਕਤਾ ਦਾ ਪ੍ਰਗਟਾਵਾ ਕੀਤਾ।

ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੇ ਜੇਐਨਯੂ ਦੇ ਉਪ ਕੁਲਪਤੀ ਅਤੇ ਆਰਐਸਐਸ ਅਤੇ ਭਾਜਪਾ ਦਾ ਪੱਖ ਪੂਰਣ ਵਾਲਿਆਂ ਨੂੰ ਤੁਰੰਤ ਹਟਾਉਣ ਅਤੇ ਏਬੀਵੀਪੀ ’ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰੋ ਮਹਿੰਦਰ ਪਾਲ ਸਿੰਘ, ਹਰਭਜਨ ਸਿੰਘ ਕਸ਼ਮੀਰੀ, ਜਥੇ ਬਲੇਰ, ਰਣਬੀਰ ਸਿੰਘ ਵੀ ਹਾਜ਼ਰ ਸਨ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।