ਐਨਆਈਏ ਦੀ ਦਹਿਸ਼ਤ ਖਿਲਾਫ ਸਿੱਖ ਜਥੇਬੰਦੀਆਂ ਦਾ ਰੋਸ ਮਾਰਚ

ਐਨਆਈਏ ਦੀ ਦਹਿਸ਼ਤ ਖਿਲਾਫ ਸਿੱਖ ਜਥੇਬੰਦੀਆਂ ਦਾ ਰੋਸ ਮਾਰਚ

ਅੰਮ੍ਰਿਤਸਰ ਟਾਈਮਜ਼ ਬਿਊਰੋ

ਬੀਤੇ ਕੁੱਝ ਸਮੇਂ ਤੋਂ ਸਿੱਖ ਨੌਜਵਾਨਾਂ ਨੂੰ ਕਾਲੇ ਕਾਨੂੰਨ ਵਜੋਂ ਜਾਣੇ ਜਾਂਦੇ ਯੂਏਪੀਏ ਅਧੀਨ ਨਾਮਜ਼ਦ ਕਰਕੇ ਜੇਲ੍ਹਾਂ ਵਿਚ ਬੰਦ ਕਰਨ ਅਤੇ ਮਾਨਸਿਕ ਤਸ਼ੱਦਦ ਕਰਨ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਬੀਤੇ ਕੱਲ੍ਹ ਮੋਹਾਲੀ ਸਥਿਤ ਗੁਰਦੁਆਰਾ ਅੰਬ ਸਾਹਿਬ ਤੋਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਵੱਲ ਮਾਰਚ ਕੀਤਾ ਗਿਆ। ਇਸ ਮਾਰਚ ਨੂੰ ਚੰਡੀਗੜ੍ਹ ਦੀ ਹੱਦ 'ਤੇ ਹੀ ਦਾਖਲ ਹੋਣ ਤੋਂ ਰੋਕ ਦਿੱਤਾ ਗਿਆ ਜਿੱਥੇ ਸਿੱਖ ਧਰਨਾਕਾਰੀ ਸੜਕ 'ਤੇ ਬੈਠ ਗਏ ਤੇ ਧਰਨਾ ਜਾਰੀ ਰੱਖਿਆ। ਇੱਥੇ ਪਹੁੰਚੇ ਮੁੱਖ ਮੰਤਰੀ ਦੇ ਓਐਸਡੀ ਨੇ ਸਿੱਖ ਜਥੇਬੰਦੀਆਂ ਤੋਂ ਮੰਗ ਪੱਤਰ ਲਿਆ। 

ਭਾਰਤ ਦੀ ਕੌਮੀ ਜਾਂਚ ਏਜੰਸੀ ਵੱਲੋਂ ਪਿਛਲੇ ਕੁੱਝ ਸਮੇਂ ਤੋਂ ਸਿੱਖ ਨੌਜਵਾਨਾਂ ਸਬੰਧ ਵਿੱਚ ਸਿੱਖ ਨੌਜਵਾਨਾਂ ਦੀ ਫੜੋ-ਫੜੀ ਅਤੇ ਪੁੱਛਗਿਛ ਲਈ ਆਪਣੇ ਦਫ਼ਤਰ ਸੱਦ ਕੇ ਕਥਿਤ ਤੌਰ ’ਤੇ ਉਨ੍ਹਾਂ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕਰਨ ਤੇ ਝੂਠੇ ਕੇਸਾਂ ਵਿੱਚ ਫਸਾਉਣ ਦੀਆਂ ਧਮਕੀਆਂ ਦੇਣ ਸਬੰਧੀ ਸਿੱਖਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਕੁੱਝ ਦਿਨ ਪਹਿਲਾਂ ਹੀ ਐੱਨਆਈਏ ਦੀ ਪੁੱਛਗਿਛ ਤੇ ਧਮਕੀਆਂ ਤੋਂ ਘਬਰਾਏ ਸਿੱਖ ਨੌਜਵਾਨ ਲਵਪ੍ਰੀਤ ਸਿੰਘ ਵਾਸੀ ਪਿੰਡ ਰੱਤਾਖੇੜਾ (ਸੰਗਰੂਰ) ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿੱਚ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। 

ਇਸ ਇਨਸਾਫ਼ ਮਾਰਚ ਵਿੱਚ ਦਲ ਖਾਲਸਾ, ਯੂਨਾਈਟਿਡ ਅਕਾਲੀ ਦਲ, ਅਕਾਲੀ ਦਲ (ਅੰਮ੍ਰਿਤਸਰ), ਸਿੱਖ ਸਟੂਡੈਂਟਸ ਫੈਡਰੇਸ਼ਨ, ਦਮਦਮੀ ਟਕਸਾਲ ਅਜਨਾਲਾ, ਭਾਈ ਬਲਜੀਤ ਸਿੰਘ ਦਾਦੂਆਲ ਦਾ ਜਥਾ ਅਤੇ ਹੋਰ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਿਰਕਤ ਕੀਤੀ। ਅਰਦਾਸ ਉਪਰੰਤ ਸਿੱਖ ਆਗੂਆਂ ਦੇ ਵੱਡੇ ਕਾਫ਼ਲੇ ਨੇ ਸ਼ਾਂਤਮਈ ਮਾਰਚ ਕਰਦਿਆਂ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਜਾਣ ਲਈ ਚੰਡੀਗੜ੍ਹ ਵੱਲ ਮਾਰਚ ਸ਼ੁਰੂ ਕੀਤਾ ਪਰ ਵਾਈਪੀਐੱਸ ਚੌਕ ਨੇੜੇ ਮੁਹਾਲੀ-ਚੰਡੀਗੜ੍ਹ ਦੀ ਹੱਦ ’ਤੇ ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕ ਲਿਆ। ਸਿੱਖ ਆਗੂ ਉੱਥੇ ਹੀ ਧੁੱਪ ਵਿੱਚ ਸੜਕ ’ਤੇ ਧਰਨਾ ਲਗਾ ਕੇ ਬੈਠ ਗਏ। 

ਸਿੱਖ ਆਗੂਆਂ ਨੇ ਕਿਹਾ ਕਿ ਸਿੱਖ ਨੌਜਵਾਨਾਂ ਨੂੰ ਝੂਠੇ ਕੇਸਾਂ ਵਿੱਚ ਫਸਾਉਣਾ ਲੋਕਤੰਤਰ ਦੇ ਖ਼ਿਲਾਫ਼ ਹੈ। ਉਨ੍ਹਾਂ ਕਿਹਾ ਕਿ ਯੂਏਪੀਏ ਵਰਗੇ ਕਾਲੇ ਕਾਨੂੰਨ ਵਿਰੁੱਧ ਕਿਸੇ ਮੌਜੂਦਾ ਜੱਜ ਤੋਂ ਨਿਰਪੱਖ ਜਾਂਚ ਕਰਵਾਈ ਜਾਵੇ।    ਇਸ ਮੌਕੇ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਾਬਕਾ ਸੀਨੀਅਰ ਮੀਤ ਪ੍ਰਧਾਨ ਗੁਰਸੇਵ ਸਿੰਘ ਹਰਪਾਲਪੁਰ, ਅਕਾਲੀ ਦਲ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਕੁਲਦੀਪ ਸਿੰਘ ਭਾਗੋਵਾਲ, ਚੰਡੀਗੜ੍ਹ ਦੇ ਪ੍ਰਧਾਨ ਗੋਪਾਲ ਸਿੰਘ ਸਿੱਧੂ ਆਦਿ ਸਮੇਤ ਵੱਡੀ ਗਿਣਤੀ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹਾਜ਼ਰ ਸਨ। 
ਬੁਲਾਰਿਆਂ ਨੇ ਮੰਗ ਕੀਤੀ ਕਿ ਸਿੱਖਾਂ ਨਾਲ ਵਧੀਕੀਆਂ ਬੰਦ ਕੀਤੀਆਂ ਜਾਣ ਅਤੇ ਸਿੱਖ ਨੌਜਵਾਨ ਦੀ ਮੌਤ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਿੱਖ ਨੌਜਵਾਨਾਂ ਨੂੰ ਨਿਸ਼ਾਨਾ ਬਣਾਉਣਾ ਬੰਦ ਨਾ ਕੀਤਾ ਗਿਆ ਤਾਂ ਵੱਡੇ ਪੱਧਰ ’ਤੇ ਸੰਘਰਸ਼ ਵਿੱਢਿਆ ਜਾਵੇਗਾ।  

ਮੁੱਖ ਮੰਤਰੀ ਦੇ ਓਐੱਸਡੀ ਜਗਦੀਪ ਸਿੰਘ ਸਿੱਧੂ ਨੇ ਧਰਨੇ ਵਾਲੀ ਥਾਂ ’ਤੇ ਪਹੁੰਚ ਕੇ ਪ੍ਰਦਰਸ਼ਨਕਾਰੀ ਸਿੱਖਾਂ ਤੋਂ ਮੁੱਖ ਮੰਤਰੀ ਦੇ ਨਾਮ ਲਿਖਿਆ ਮੰਗ ਪੱਤਰ ਹਾਸਲ ਕੀਤਾ ਅਤੇ ਸਿੱਖ ਆਗੂਆਂ ਨੂੰ ਬਣਦੀ ਕਾਰਵਾਈ ਨੂੰ ਅਮਲ ’ਚ ਲਿਆਉਣ, ਮ੍ਰਿਤਕ ਸਿੱਖ ਨੌਜਵਾਨ ਦੇ ਪਰਿਵਾਰ ਨੂੰ ਯੋਗ ਮੁਆਵਜ਼ਾ ਦੇਣ ਅਤੇ ਐੱਨਆਈਏ ਦੀਆਂ ਵਧੀਕੀਆਂ ਨੂੰ ਠੱਲ੍ਹ ਪਾਉਣ ਤੇ ਕੌਮੀ ਜਾਂਚ ਏਜੰਸੀ ਦੀਆਂ ਪੰਜਾਬ ਵਿੱਚ ਗਤੀਵਿਧੀਆਂ ’ਤੇ ਰੋਕ ਲਾਉਣ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਦਾ ਭਰੋਸਾ ਦਿੱਤਾ।