ਬੇਅਦਬੀ ਮਾਮਲੇ: ਇਨਸਾਫ ਨਾ ਹੋਣ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਵਿਧਾਇਕ ਦੇ ਘਰ ਬਾਹਰ ਧਰਨਾ ਲਾਇਆ

ਬੇਅਦਬੀ ਮਾਮਲੇ: ਇਨਸਾਫ ਨਾ ਹੋਣ ਦੇ ਰੋਸ ਵਜੋਂ ਸਿੱਖ ਜਥੇਬੰਦੀਆਂ ਨੇ ਵਿਧਾਇਕ ਦੇ ਘਰ ਬਾਹਰ ਧਰਨਾ ਲਾਇਆ

ਅੰਮ੍ਰਿਤਸਰ: ਵੱਖ ਵੱਖ ਸਿੱਖ ਜਥੇਬੰਦੀਆਂ ਦੇ ਗੱਠਜੋੜ ਅਲਾਇੰਸ ਆਫ ਸਿੱਖ ਆਰਗੇਨਾਈਜੇਸ਼ਨ ਨੇ ਅੱਜ ਬਰਗਾੜੀ ਬੇਅਦਬੀ ਮਾਮਲੇ ਵਿਚ ਨਿਆਂ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸ਼ੁਰੂ ਕੀਤੇ ਸੰਘਰਸ਼ ਦੇ ਦੂਜੇ ਪੜਾਅ ਵਿਚ ਪੱਟੀ ਤੋਂ ਕਾਂਗਰਸ ਵਿਧਾਇਕ ਹਰਮਿੰਦਰ ਸਿੰਘ ਗਿੱਲ ਦੇ ਘਰ ਦੇ ਬਾਹਰ ਰੋਸ ਧਰਨਾ ਦਿੱਤਾ।

ਸਥਾਨਕ ਰਣਜੀਤ ਐਵੀਨਿਊ ਵਿਖੇ ਜਥੇਬੰਦੀ ਦੇ ਆਗੂ ਸੁਖਦੇਵ ਸਿੰਘ ਫਗਵਾੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਬਰਗਾੜੀ ਇਨਸਾਫ਼ ਲਈ ਸ਼ੁਰੂ ਕੀਤੇ ਸੰਘਰਸ਼ ਦੇ ਪਹਿਲੇ ਪੜਾਅ ਤੋਂ ਬਾਅਦ ਅੱਜ ਦੂਜੇ ਪੜਾਅ ਵਿਚ ਸਰਕਾਰ ਦੇ ਕਈ ਆਗੂਆਂ ਦੀ ਜਵਾਬ-ਤਲਬੀ ਕੀਤੀ ਜਾਵੇਗੀ, ਜਿਨ੍ਹਾਂ ਨੇ ਉਸ ਵੇਲੇ ਵੱਡੇ ਵੱਡੇ ਭਾਸ਼ਨ ਦਿੱਤੇ ਸਨ। ਇਸੇ ਤਹਿਤ ਅੱਜ ਸ੍ਰੀ ਹਰਮਿੰਦਰ ਸਿੰਘ ਗਿੱਲ ਦੇ ਘਰ ਬਾਹਰ ਧਰਨਾ ਦਿੱਤਾ ਹੈ। 

ਉਨ੍ਹਾਂ ਆਖਿਆ ਕਿ ਗਿੱਲ ਨੇ ਇਸ ਮਾਮਲੇ ਵਿਚ ਸੀਬੀਆਈ ਨੂੰ ਕਸੂਰਵਾਰ ਠਹਿਰਾਇਆ ਪਰ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ ਹਨ। ਇਸ ਮੌਕੇ 1986 ਦੇ ਨਕੋਦਰ ਗੋਲੀ ਕਾਂਡ ਦੇ ਦੋਸ਼ੀਆਂ ਖ਼ਿਲਾਫ਼ ਕੋਈ ਕਾਰਵਾਈ ਨਾ ਹੋਣ ਦਾ ਮਾਮਲਾ ਵੀ ਉਭਾਰਿਆ ਗਿਆ। ਸਿੱਖ ਆਗੂਆਂ ਨੇ ਐਲਾਨ ਕੀਤਾ ਕਿ 22 ਮਾਰਚ ਨੂੰ ਫਰੀਦਕੋਟ ਤੋਂ ਵਿਧਾਇਕ ਕੁਸ਼ਲਦੀਪ ਸਿੰਘ , 29 ਮਾਰਚ ਨੂੰ ਖਡੂਰ ਸਾਹਿਬ ਤੋਂ ਵਿਧਾਇਕ ਰਮਨਜੀਤ ਸਿੰਘ ਸਿੱਕੀ ਅਤੇ 5 ਅਪਰੈਲ ਨੂੰ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਘਰ ਬਾਹਰ ਇਨ੍ਹਾਂ ਮੁੱਦਿਆਂ ਨੂੰ ਲੈ ਕੇ ਜਵਾਬ-ਤਲਬੀ ਕੀਤੀ ਜਾਵੇਗੀ।  ਗਿੱਲ ਨੇ ਭਰੋਸਾ ਦਿੱਤਾ ਕਿ ਉਹ ਇਹ ਮਾਮਲਾ ਮੁੱਖ ਮੰਤਰੀ ਕੋਲ ਰੱਖਣਗੇ।