ਬਾਬਰੀ ਮਸਜਿਦ ਮਾਮਲਾ: ਸਿੱਖ ਧਰਮ ਤੇ ਗੁਰੂ ਨਾਨਕ ਪਾਤਸ਼ਾਹ ਬਾਰੇ ਦਰਜ ਗਲਤ ਟਿੱਪਣੀਆਂ ਸਬੰਧੀ ਸੁਪਰੀਮ ਕੋਰਟ ਕਰੇਗਾ ਸੁਣਵਾਈ

ਬਾਬਰੀ ਮਸਜਿਦ ਮਾਮਲਾ: ਸਿੱਖ ਧਰਮ ਤੇ ਗੁਰੂ ਨਾਨਕ ਪਾਤਸ਼ਾਹ ਬਾਰੇ ਦਰਜ ਗਲਤ ਟਿੱਪਣੀਆਂ ਸਬੰਧੀ ਸੁਪਰੀਮ ਕੋਰਟ ਕਰੇਗਾ ਸੁਣਵਾਈ
ਸਿੱਖ ਨੇਸ਼ਨ ਆਰਗੇਨਾਈਜ਼ੇਸ਼ਨ ਦੇ ਨੁਮਾਂਇੰਦੇ

ਅੰਮ੍ਰਿਤਸਰ: ਬਾਬਰੀ ਮਸਜਿਦ ਮਾਮਲੇ ਦੇ ਫ਼ੈਸਲੇ ਵਿਚ ਸਿੱਖ ਧਰਮ ਬਾਰੇ ਵਰਤੇ ਗਏ ਸ਼ਬਦ ‘ਕਲਟ’ ਨੂੰ ਹਟਾਉਣ ਦਾ ਮਾਮਲਾ ਸੁਪਰੀਮ ਕੋਰਟ ਪੁੱਜ ਗਿਆ ਹੈ। ਇਸ ਸਬੰਧ ਵਿਚ ਸਿੱਖ ਨੇਸ਼ਨ ਆਰਗੇਨਾਈਜੇਸ਼ਨ ਵਲੋਂ ਦਾਇਰ ਕੀਤੀ ਪਟੀਸ਼ਨ ਵਿਚ ਇਸ ਇਤਰਾਜ਼ਯੋਗ ਸ਼ਬਦ ਅਤੇ ਗੁਰੂ ਨਾਨਕ ਪਾਤਸ਼ਾਹ ਦੀ ਅਯੁੱਧਿਆ ਫੇਰੀ ਦੌਰਾਨ ਮੂਰਤੀ ਪੂਜਾ ਕਰਨ ਸਬੰਧੀ ਦਿੱਤੇ ਹਵਾਲਿਆਂ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਹੈ।

ਸਿੱਖ ਨੇਸ਼ਨ ਆਰਗੇਨਾਈਜੇਸ਼ਨ ਦੇ ਪ੍ਰਧਾਨ ਡਾ. ਮਨਜੀਤ ਸਿੰਘ ਰੰਧਾਵਾ ਵਲੋਂ ਦਾਇਰ ਕੀਤੀ ਇਹ ਪਟੀਸ਼ਨ ਵਕੀਲ ਇਸ਼ਮਾ ਰੰਧਾਵਾ, ਧਨੰਜਯ ਗਰੋਵਰ ਅਤੇ ਅਨਿਰਬਾਨ ਭੱਟਾਚਾਰੀਆ ਨੇ ਤਿਆਰ ਕੀਤੀ ਹੈ। ਹਾਲ ਹੀ ਵਿੱਚ ਦਾਇਰ ਕੀਤੀ ਇਸ ਪਟੀਸ਼ਨ ’ਤੇ ਸੁਪਰੀਮ ਕੋਰਟ ਵਲੋਂ ਸੁਣਵਾਈ ਕਰਨ ਦੀ ਸਹਿਮਤੀ ਦੇ ਦਿੱਤੀ ਗਈ ਹੈ। ਇਸ ਪਟੀਸ਼ਨ ’ਤੇ ਸੁਣਵਾਈ ਅਗਲੇ ਹਫ਼ਤੇ ਸ਼ੁਰੂ ਹੋਣ ਅਤੇ ਇਸ ਦੀ ਪੈਰਵੀ ਸੀਨੀਅਰ ਐਡਵੋਕੇਟ ਕਪਿਲ ਸਿੱਬਲ ਵਲੋਂ ਕੀਤੇ ਜਾਣ ਦੀ ਸੰਭਾਵਨਾ ਹੈ।

ਇਸ ਸਬੰਧੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਡਾ. ਰੰਧਾਵਾ ਨੇ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਅਯੁੱਧਿਆ ਕੇਸ ਬਾਰੇ ਦਿੱਤੇ ਫ਼ੈਸਲੇ ਵਿਚ ਸਿੱਖ ਧਰਮ ਬਾਰੇ ਵਿਸ਼ੇਸ਼ ਤੌਰ ’ਤੇ ਇਕ ਸ਼ਬਦ ‘ਕਲਟ’ ਵਰਤਿਆ ਗਿਆ ਹੈ। ਉਨ੍ਹਾਂ ਵੱਖ-ਵੱਖ ਸ਼ਬਦਕੋਸ਼ਾਂ ਦਾ ਹਵਾਲਾ ਦਿੰਦਿਆਂ ਆਖਿਆ ਕਿ ਇਹ ਸ਼ਬਦ ਨਾਂਹ-ਪੱਖੀ ਭਾਵਨਾ ਵਾਲਾ ਹੈ। ਅਦਾਲਤ ਵਲੋਂ ਸਿੱਖ ਧਰਮ ਨੂੰ ਇਸ ਸ਼ਬਦ ਰਾਹੀਂ ਇਕ ਗੁੱਟ ਕਰਾਰ ਦਿੱਤਾ ਗਿਆ ਹੈ ਜਦੋਂਕਿ ਸੰਯੁਕਤ ਰਾਸ਼ਟਰ ਵਲੋਂ ਸਿੱਖ ਧਰਮ ਨੂੰ ਵਿਸ਼ਵ ਦੇ ਛੇਵੇਂ ਮੁਕੰਮਲ ਧਰਮ ਵਜੋਂ ਮਾਨਤਾ ਮਿਲ ਚੁੱਕੀ ਹੈ। ਉਨ੍ਹਾਂ ਕਿਹਾ ਕਿ ਜੇ ਇਹ ਸ਼ਬਦ ਨਾ ਹਟਾਇਆ ਗਿਆ ਤਾਂ ਇਹ ਭਵਿੱਖ ਵਿਚ ਕਈ ਹੋਰ ਥਾਵਾਂ ’ਤੇ ਵੀ ਸਿੱਖ ਧਰਮ ਲਈ ਵਰਤਿਆ ਜਾ ਸਕਦਾ ਹੈ। ਇਸ ਲਈ ਇਸ ਗਲਤੀ ਨੂੰ ਹੁਣੇ ਸੁਧਾਰਨਾ ਚਾਹੀਦਾ ਹੈ।

ਪਟੀਸ਼ਨ ਵਿਚ ਦਰਜ ਕੀਤੇ ਦੂਜੇ ਮੁੱਦੇ ਬਾਰੇ ਉਨ੍ਹਾਂ ਕਿਹਾ ਕਿ ਅਯੁੱਧਿਆ ਮਾਮਲੇ ਵਿਚ ਆਰਐੱਸਐੱਸ ਨਾਲ ਸਬੰਧਤ ਰਾਜਿੰਦਰ ਸਿੰਘ ਨਾਂ ਦੇ ਵਿਅਕਤੀ ਨੇ ਗਵਾਹੀ ਦਿੱਤੀ ਹੈ ਜਿਸ ਵਿਚ ਉਸ ਨੇ ਦਾਅਵਾ ਕੀਤਾ ਕਿ ਗੁਰੂ ਨਾਨਕ ਪਾਤਸ਼ਾਹ ਵਲੋਂ ਇੱਕ ਸ਼ਰਧਾਲੂ ਵਜੋਂ ਰਾਮ ਜਨਮ ਭੂਮੀ ਅਯੁੱਧਿਆ ਦੇ ਦਰਸ਼ਨ ਕੀਤੇ ਗਏ ਸਨ ਅਤੇ ਉੱਥੇ ਉਨ੍ਹਾਂ ਨੇ ਮੰਦਰ ਵਿਚ ਭਗਵਾਨ ਰਾਮ ਦੀ ਮੂਰਤੀ ਦੀ ਪੂਜਾ ਵੀ ਕੀਤੀ ਸੀ। ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਰਾਜਿੰਦਰ ਸਿੰਘ ਵਲੋਂ ਆਪਣੀ ਗਵਾਹੀ ਵਿਚ ਗੁਰੂ ਨਾਨਕ ਪਾਤਸ਼ਾਹ ਬਾਰੇ ਅਦਾਲਤ ਨੂੰ ਗਲਤ ਹਵਾਲੇ ਦਿੱਤੇ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਇਹ ਗਵਾਹ ਕੋਈ ਮਾਨਤਾਪ੍ਰਾਪਤ ਇਤਿਹਾਸਕਾਰ ਨਹੀਂ ਹੈ ਅਤੇ ਉਸ ਨੇ ਆਪਣੇ ਦਾਅਵੇ ਬਾਰੇ ਕੋਈ ਪੁਖਤਾ ਸਬੂਤ ਵੀ ਨਹੀਂ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਇਸ ਚੁਣੌਤੀ ਪਟੀਸ਼ਨ ਵਿਚ ਮਾਨਤਾ ਪ੍ਰਾਪਤ ਸਿੱਖ ਇਤਿਹਾਸਕਾਰਾਂ ਅਤੇ ਵਿਦਵਾਨਾਂ ਦੇ ਵਿਚਾਰ ਵੀ ਨੱਥੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਖੁਦ ਕਰਮਕਾਂਡਾਂ ਅਤੇ ਮੂਰਤੀ ਪੂਜਾ ਦਾ ਵਿਰੋਧ ਕਰਦੇ ਸਨ, ਇਸ ਲਈ ਉਹ ਖ਼ੁਦ ਕਿਵੇਂ ਮੂਰਤੀ ਪੂਜਾ ਕਰ ਸਕਦੇ ਸਨ। ਉਨ੍ਹਾਂ ਕਿਹਾ ਕਿ ਅਦਾਲਤ ਵਲੋਂ ਦਰਜ ਕੀਤੀ ਇਹ ਗਵਾਹੀ ਕਾਨੂੰਨੀ ਦਸਤਾਵੇਜ਼ ਬਣ ਜਾਵੇਗੀ ਜਿਸ ਨਾਲ ਭਵਿੱਖ ਵਿਚ ਹੋਰ ਵੀ ਦੁਬਿਧਾਵਾਂ ਪੈਦਾ ਹੋਣਗੀਆਂ। ਇਸ ਲਈ ਇਸ ਨੂੰ ਹਟਾਇਆ ਜਾਣਾ ਚਾਹੀਦਾ ਹੈ।

ਇੱਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਕਿਹਾ ਕਿ ਇਹ ਮਾਮਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਸਿੱਖ ਸੰਸਥਾਵਾਂ ਕੋਲ ਵੀ ਰੱਖਿਆ ਸੀ ਪਰ ਉਨ੍ਹਾਂ ਵਲੋਂ ਇਸ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੇ ਜਾਣ ਕਾਰਨ ਹੀ ਉਨ੍ਹਾਂ ਨੇ ਖ਼ੁਦ ਅਦਾਲਤ ਵਿਚ ਇਸ ਮਾਮਲੇ ਨੂੰ ਚੁਣੌਤੀ ਦਿੱਤੀ ਹੈ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।