ਰਾਗੀਆਂ ਤੋਂ ਬਾਅਦ ਪੰਥ ਦੇ ਢਾਡੀਆਂ ਤੇ ਕਵੀਸ਼ਰਾਂ ਨੇ 'ਨਚਾਰਾਂ' ਦੇ ਬੁੱਤ ਹਟਾਉਣ ਲਈ ਇਕੱਠ ਕੀਤਾ

ਰਾਗੀਆਂ ਤੋਂ ਬਾਅਦ ਪੰਥ ਦੇ ਢਾਡੀਆਂ ਤੇ ਕਵੀਸ਼ਰਾਂ ਨੇ 'ਨਚਾਰਾਂ' ਦੇ ਬੁੱਤ ਹਟਾਉਣ ਲਈ ਇਕੱਠ ਕੀਤਾ

ਅੰਮ੍ਰਿਤਸਰ: ਸ੍ਰੀ ਦਰਬਾਰ ਸਾਹਿਬ ਨੇੜੇ ਰਾਹ 'ਤੇ ਪੰਜਾਬ ਸਰਕਾਰ ਵੱਲੋਂ ਲਾਏ ਗਏ ਭੰਗੜਾ ਤੇ ਗਿੱਧਾ ਪਾਉਂਦੇ ਨੌਜਵਾਨਾਂ ਤੇ ਮੁਟਿਆਰਾਂ ਦੇ ਬੁੱਤਾਂ ਨੂੰ ਹਟਾਉਣ ਲਈ ਚੱਲ ਰਹੀ ਮੁਹਿੰਮ ਤਹਿਤ ਅੱਜ ਸਿੱਖ ਜਗਤ ਦੇ ਢਾਡੀਆਂ ਅਤੇ ਕਵੀਸ਼ਰਾਂ ਵਲੋਂ ਹੈਰੀਟੇਜ ਸਟਰੀਟ ਵਿਚ ਰੋਸ ਵਿਖਾਵਾ ਕੀਤਾ ਗਿਆ ਅਤੇ ਇਨ੍ਹਾਂ ਬੁੱਤਾਂ ਨੂੰ ਹਟਾਉਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਗਿਆ। ਇਸ ਇਕੱਠ ਵਿਚ ਸ਼ਾਮਲ ਢਾਡੀਆਂ ਅਤੇ ਕਵੀਸ਼ਰਾਂ ਨੇ ਬੁੱਤ ਢਾਹੁਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤੇ ਅੰਮ੍ਰਿਤਧਾਰੀ ਨੌਜਵਾਨਾਂ ਦੀ ਰਿਹਾਈ ਦੀ ਮੰਗ ਵੀ ਕੀਤੀ ਹੈ।

ਢਾਡੀਆਂ ਅਤੇ ਕਵੀਸ਼ਰਾਂ ਤੋਂ ਪਹਿਲਾਂ ਦਰਬਾਰ ਸਾਹਿਬ ਦੇ ਰਾਗੀ ਜਥਿਆਂ ਦੀ ਜਥੇਬੰਦੀ ਸ਼੍ਰੋਮਣੀ ਰਾਗੀ ਸਭਾ ਵਲੋਂ ਵੀ ਬੁੱਤ ਹਟਾਉਣ ਅਤੇ ਗ੍ਰਿਫ਼ਤਾਰ ਨੌਜਵਾਨਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਰੋਸ ਵਿਖਾਵਾ ਕੀਤਾ ਜਾ ਚੁੱਕਾ ਹੈ। 

ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਦਮਦਮੀ ਟਕਸਾਲ ਵਲੋਂ ਵੀ ਬੁੱਤ ਹਟਾਉਣ ਅਤੇ ਨੌਜਵਾਨਾਂ ਦੀ ਰਿਹਾਈ ਲਈ ਕਿਹਾ ਜਾ ਚੁੱਕਾ ਹੈ। ਦਿਨੋ ਦਿਨ ਭਖ ਰਹੇ ਇਸ ਮਸਲੇ ਨੂੰ ਲੈ ਕੇ ਗੁਰੂ ਹਰਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਅੰਤਰਰਾਸ਼ਟਰੀ ਸ੍ਰੀ ਗੁਰੂ ਗੋਬਿੰਦ ਸਿੰਘ ਕਵੀਸ਼ਰ ਸਭਾ ਦੇ ਜਥਿਆਂ ਵਲੋਂ ਸਾਂਝੇ ਤੌਰ ’ਤੇ ਹੈਰੀਟੇਜ ਸਟਰੀਟ ਵਿਚ ਰੋਸ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀਆਂ ਨੇ ਬੈਨਰ ਤੇ ਤਖਤੀਆਂ ਚੁੱਕੀਆਂ ਹੋਈਆਂ ਸਨ, ਜਿਨ੍ਹਾਂ ਵਿਚ ਬੁੱਤਾਂ ਨੂੰ ਹਟਾਉਣ ਅਤੇ ਨੌਜਵਾਨਾਂ ਦੀ ਰਿਹਾਈ ਦੀ ਮੰਗ ਸਬੰਧੀ ਨਾਅਰੇ ਲਿਖੇ ਹੋਏ ਸਨ। 

ਢਾਡੀ ਸਭਾ ਦੇ ਕਾਰਜਕਾਰੀ ਪ੍ਰਧਾਨ ਪੂਰਨ ਸਿੰਘ ਨੇ ਕਿਹਾ ਕਿ ਸਿੱਖ ਸੰਗਤਾਂ ਦੇ ਮਨਾਂ ਵਿਚ ਇਨ੍ਹਾਂ ਬੁੱਤਾਂ ਖਿਲਾਫ ਰੋਸ ਦੀ ਭਾਵਨਾ ਹੈ। ਇਸ ਲਈ ਇਹ ਬੁੱਤ ਹਟਾ ਦਿੱਤੇ ਜਾਣੇ ਚਾਹੀਦੇ ਹਨ। ਸਿੱਖ ਜਗਤ ਦੀਆਂ ਭਾਵਨਾਵਾਂ ਮੁਤਾਬਕ ਵਿਵਾਦਤ ਬੁੱਤ ਹਟਾ ਕੇ ਇਥੇ ਸਿੱਖ ਇਤਿਹਾਸ ਨੂੰ ਦਰਸਾਉਂਦੇ ਬੁੱਤ ਲਾਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਇਹ ਵਿਵਾਦਤ ਬੁੱਤ ਕਿਸੇ ਹੋਰ ਜਨਤਕ ਥਾਂ ’ਤੇ ਲਾਏ ਜਾਣ। ਕਵੀਸ਼ਰ ਸਭਾ ਦੇ ਸੁਲੱਖਣ ਸਿੰਘ ਰਿਆੜ ਨੇ ਵੀ ਆਖਿਆ ਕਿ ਸਿੱਖ ਭਾਵਨਾਵਾਂ ਦੀ ਕਦਰ ਕਰਦਿਆਂ ਪ੍ਰਸ਼ਾਸਨ ਇਨ੍ਹਾਂ ਵਿਵਾਦਤ ਬੁੱਤਾਂ ਨੂੰ ਤੁਰੰਤ ਹਟਾਵੇ।

ਜਥੇ ਨੇ ਡਿਪਟੀ ਕਮਿਸ਼ਨਰ ਸ਼ਿਵ ਦੁਲਾਰ ਸਿੰਘ ਢਿੱਲੋਂ ਨੂੰ ਉਨ੍ਹਾਂ ਦੇ ਦਫਤਰ ਵਿਚ ਜਾ ਕੇ ਮੰਗ ਪੱਤਰ ਵੀ ਦਿੱਤਾ। ਇਸ ਸਬੰਧ ਵਿਚ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਇਹ ਮਾਮਲਾ ਸਰਕਾਰ ਨਾਲ ਸਬੰਧਤ ਹੈ ਅਤੇ ਇਸ ਸਬੰਧੀ ਮੰਗ ਪੱਤਰ ਸਰਕਾਰ ਨੂੰ ਅਗਲੀ ਕਾਰਵਾਈ ਲਈ ਭੇਜ ਦਿੱਤਾ ਜਾਵੇਗਾ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।