ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਚਲਾਈ ਗਈ ਦਸਖਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਬੰਦੀ ਸਿੰਘਾਂ ਦੀ ਰਿਹਾਈ ਲਈ ਦਿੱਲੀ ਵਿਖੇ ਚਲਾਈ ਗਈ ਦਸਖਤੀ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ

ਅੰਮ੍ਰਿਤਸਰ ਟਾਈਮਜ਼ ਬਿਊਰੋ

ਨਵੀਂ ਦਿੱਲੀ 31 ਜਨਵਰੀ (ਮਨਪ੍ਰੀਤ ਸਿੰਘ ਖਾਲਸਾ):- ਪਿਛਲੇ ਲੰਮੇ ਸਮੇਂ ਤੋਂ ਹਿੰਦੁਸਤਾਨ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਸਿੱਖ ਸਿਆਸੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਚਲਾਈ ਗਈ ਦਸਖਤੀ ਮੁਹਿੰਮ ਨੂੰ ਦਿੱਲੀ ਦੇ ਵੱਖ ਵੱਖ ਗੁਰਦੁਆਰਾ ਸਾਹਿਬਾਨ ਅੰਦਰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਸੈਕੜਿਆ ਦੀ ਤਾਦਾਦ ਅੰਦਰ ਸਿੱਖ ਪੰਜਾਬੀ ਪਰਿਵਾਰਾਂ ਨੇ ਇਸ ਵਿਚ ਵੱਧ ਚੜ੍ਹ ਕੇ ਹਿੱਸਾ ਲਿਆ । ਦਿੱਲੀ ਦੇ ਵੱਖ ਵੱਖ ਗੁਰੂ ਘਰਾਂ ਅੰਦਰ ਇਸ ਮੁਹਿੰਮ ਦੀ ਸ਼ੁਰੂਆਤ ਕਰਣ ਵਾਲੇ ਦਿੱਲੀ ਕਮੇਟੀ ਦੇ ਨੌਜੁਆਨ ਮੈਂਬਰ ਅਤੇ ਸਮਾਜਿਕ ਕਾਰਕੁਨ ਸਰਦਾਰ ਇੰਦਰਪ੍ਰੀਤ ਸਿੰਘ ਕੌਛੜ (ਮੌਂਟੀ) ਅਤੇ ਉਨ੍ਹਾਂ ਦੀ ਟੀਮ ਨੇ ਦਸਿਆ ਕਿ ਪਹਿਲਾਂ ਅਤੇ ਮੌਜੂਦਾ ਸਰਕਾਰਾਂ ਵਲੋਂ 25-25 ਸਾਲਾਂ ਤੋਂ ਬੰਦ ਸਿੱਖ ਬੰਦੀ ਸਿੰਘਾਂ ਦੇ ਮਾਮਲੇ ਵਲ ਬਿਲਕੁਲ ਧਿਆਨ ਨਾ ਦੇ ਕੇ ਓਹ ਸਿੱਖ ਪੰਥ ਅੰਦਰ ਗੁੱਸੇ ਵਾਲਾ ਮਾਹੌਲ ਬਣਾ ਰਹੀ ਹੈ ਜਿਸ ਤੇ ਜੱਥੇਦਾਰ ਅਕਾਲ ਤਖਤ ਸਾਹਿਬ ਵਲੋਂ ਸਰਕਾਰਾਂ ਦੀ ਗੂੜੀ ਨੀਂਦ ਤੋੜਨ ਲਈ ਦਸਖਤੀ ਮੁਹਿੰਮ ਚਲਾਉਣ ਵਾਸਤੇ ਕਿਹਾ ਗਿਆ । ਉਨ੍ਹਾਂ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਅਸੀਂ ਦਿੱਲੀ ਦੇ ਵੱਖ ਵੱਖ ਗੁਰੂ ਘਰਾਂ ਅੰਦਰ ਬਾਬਾ ਦੀਪ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਚ ਇਹ ਮੁਹਿੰਮ ਚਲਾਈ ਸੀ ਜਿਸ ਦਾ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਅੱਗੇ ਵੀ ਬੰਦੀ ਸਿੰਘਾਂ ਦੀ ਜਲਦ ਰਿਹਾਈ ਲਈ ਚਲਾਈ ਜਾ ਰਹੀ ਇਸ ਮੁਹਿੰਮ ਨੂੰ ਹੋਰ ਤੇਜੀ ਨਾਲ ਚਲਾ ਕੇ ਸਰਕਾਰ ਤੇ ਦਬਾਅ ਬਣਾਉਣ ਲਈ ਸਮੂਹ ਦਿੱਲੀ ਅੰਦਰ ਅਤੇ ਆਸ ਪਾਸ ਦੇ ਇਲਾਕਿਆ ਵਿਚ ਲੈ ਕੇ ਜਾਵਾਂਗੇ ।