ਡੇਰਾ ਸਿਰਸਾ ਮੁਖੀ ਤੋਂ ਪੁੱਛਗਿੱਛ ਕਰਨ ਸੁਨਾਰੀਆ ਜੇਲ੍ਹ ਪਹੁੰਚੀ ਸਿੱਟ ਖਾਲੀ ਹੱਥ ਪਰਤੀ; ਹਰਿਆਣਾ ਪ੍ਰਸ਼ਾਸਨ ਨੇ ਨਹੀਂ ਦਿੱਤੀ ਪ੍ਰਵਾਨਗੀ
ਚੰਡੀਗੜ੍ਹ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੀਆਂ ਸਿੱਖ ਸੰਗਤਾਂ 'ਤੇ ਪੰਜਾਬ ਪੁਲਿਸ ਵੱਲੋਂ ਬਹਿਬਲ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਉਣ ਦੀ ਪੜਤਾਲ ਕਰ ਰਹੀ ਵਿਸ਼ੇਸ਼ ਜਾਂਚ ਟੀਮ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਤੋਂ ਪੁੱਛ ਪੜਤਾਲ ਕਰਨ ਲਈ ਰੋਹਤਕ ਗਈ ਸੀ ਪਰ ਸੁਨਾਰੀਆ ਜੇਲ੍ਹ ਪ੍ਰਸ਼ਾਸਨ ਨੇ ਟੀਮ ਨੂੰ ਜੇਲ੍ਹ ਵਿਚ ਬੰਦ ਡੇਰਾ ਮੁਖੀ ਨੂੰ ਮਿਲਣ ਦੀ ਪ੍ਰਵਾਨਗੀ ਨਹੀਂ ਦਿੱਤੀ। ਵਿਸ਼ੇਸ਼ ਜਾਂਚ ਟੀਮ ਦੇ ਮੈਂਬਰ 22 ਮਾਰਚ ਤੋਂ ਡੇਰਾ ਮੁਖੀ ਤੋਂ ਪੁੱਛਗਿੱਛ ਕਰਨ ਲਈ ਹਰਿਆਣਾ ਸਰਕਾਰ ਦੇ ਸੰਪਰਕ ਵਿੱਚ ਸਨ ਅਤੇ ਇਸ ਸਬੰਧੀ ਬਕਾਇਦਾ ਜਾਂਚ ਟੀਮ ਨੇ ਪੰਜਾਬ ਸਰਕਾਰ ਰਾਹੀਂ ਹਰਿਆਣਾ ਸਰਕਾਰ ਦੇ ਜੇਲ੍ਹ ਵਿਭਾਗ ਨਾਲ ਰਾਬਤਾ ਕਾਇਮ ਕੀਤਾ ਹੋਇਆ ਸੀ। ਅੱਜ ਜਦੋਂ ਜਾਂਚ ਟੀਮ ਸੁਨਾਰੀਆ ਜੇਲ੍ਹ ਪੁੱਜੀ ਤਾਂ ਜੇਲ੍ਹ ਅਫਸਰਾਂ ਨੇ ਡੇਰਾ ਮੁਖੀ ਨਾਲ ਮੁਲਾਕਾਤ ਕਰਵਾਉਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਜੇਕਰ ਜਾਂਚ ਟੀਮ ਡੇਰਾ ਮੁਖੀ ਤੋਂ ਕਿਸੇ ਮਾਮਲੇ ਦੀ ਪੜਤਾਲ ਕਰਨਾ ਚਾਹੁੰਦੀ ਹੈ ਉਹ ਜ਼ਿਲ੍ਹਾ ਮੈਜਿਸਟਰੇਟ ਤੋਂ ਇਜਾਜ਼ਤ ਲੈ ਕੇ ਆਉਣ। ਕੋਸ਼ਿਸ਼ਾਂ ਦੇ ਬਾਵਜੂਦ ਜਾਂਚ ਟੀਮ ਨੂੰ ਜ਼ਿਲ੍ਹਾ ਮੈਜਿਸਟਰੇਟ ਨੇ ਪੁੱਛ ਪੜਤਾਲ ਦੀ ਇਜਾਜ਼ਤ ਨਹੀਂ ਦਿੱਤੀ।
ਜਾਂਚ ਟੀਮ ਦੇ ਮੈਂਬਰ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸੁਨਾਰੀਆ ਜੇਲ੍ਹ ਵਿੱਚ ਡੇਰਾ ਮੁਖੀ ਤੋਂ ਪੁਛ ਪੜਤਾਲ ਕਰਨ ਲਈ ਹਰਿਆਣਾ ਸਰਕਾਰ ਨਾਲ ਦੁਬਾਰਾ ਸੰਪਰਕ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਡੇਰਾ ਮੁਖੀ ਤੋਂ ਪੁੱਛ ਪੜਤਾਲ ਨਹੀਂ ਹੋ ਸਕੀ।
ਦੱਸਣਯੋਗ ਹੈ ਕਿ ਜਾਂਚ ਟੀਮ ਨੇ ਫਰੀਦਕੋਟ ਦੇ ਇਲਾਕਾ ਮੈਜਿਸਟਰੇਟ ਏਕਤਾ ਉਪਲ ਦੀ ਅਦਾਲਤ ਵਿੱਚੋਂ 20 ਮਾਰਚ ਨੂੰ ਡੇਰਾ ਮੁਖੀ ਤੋਂ ਪੁੱਛ ਪੜਤਾਲ ਲਈ ਇਜਾਜ਼ਤ ਹਾਸਲ ਕਰ ਲਈ ਸੀ। ਜਾਂਚ ਟੀਮ ਬੇਅਦਬੀ ਕਾਂਡ ਅਤੇ ਉਸ ਤੋਂ ਵਾਪਰੀਆ ਘਟਨਾਵਾਂ ਵਿੱਚ ਡੇਰਾ ਮੁਖੀ ਨੂੰ ਅਹਿਮ ਕੜੀ ਵਜੋਂ ਦੇਖ ਰਹੀ ਹੈ। ਡੇਰਾ ਮੁਖੀ ਦੀ ਵਿਵਾਦਤ ਫਿਲਮ ਐੱਮਐੱਸਜੀ ਨੂੰ 2 ਸਤੰਬਰ 2015 ਵਿੱਚ ਪੰਜਾਬ ਦੇ ਸਿਨੇਮਿਆਂ ਵਿੱਚ ਦਿਖਾਉਣ ਦੀ ਇਜਾਜ਼ਤ ਮਿਲ ਗਈ ਸੀ। ਜਾਂਚ ਟੀਮ ਦਾ ਦਾਅਵਾ ਹੈ ਕਿ ਫਿਲਮ ਚਲਾਉਣ ਦੀ ਇਜਾਜ਼ਤ ਮਿਲਣਾ ਅਤੇ ਡੇਰਾ ਮੁਖੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੁਆਫੀ ਦੇਣ ਲਈ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਕਥਿਤ ਅਹਿਮ ਭੂਮਿਕਾ ਨਿਭਾਈ ਸੀ ਅਤੇ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਉੱਪਰ ਕਥਿਤ ਮੁਆਫੀ ਦੇਣ ਲਈ ਦਬਾਅ ਪਾਇਆ ਸੀ।
ਬਾਦਲ ਦਲ ਨੇ ਸਿਟ ਦੇ ਮੈਂਭਰ ਕੁੰਵਰ ਵਿਜੇ ਪ੍ਰਤਾਪ ਦੀ ਪੰਜਾਬ ਤੋਂ ਬਾਹਰ ਬਦਲੀ ਦੀ ਮੰਗ ਕੀਤੀ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਮਾਮਲਿਆਂ ਵਿਚ ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲ ਜਾ ਰਹੀ ਜਾਂਚ ਤੋਂ ਤੰਗ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਲੋਕ ਸਭਾ ਚੋਣਾਂ ਤੱਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਪੰਜਾਬ ਤੋਂ ਬਾਹਰ ਬਦਲ ਦਿੱਤਾ ਜਾਵੇ। ਉਹਨਾਂ ਦਾ ਕਹਿਣਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਜਾਣਬੁੱਝ ਕੇ ਉਹਨਾਂ ਦੀ ਪਾਰਟੀ ਨੂੰ ਰਾਜਸੀ ਨੁਕਸਾਨ ਪਹੁੰਚਾਉਣ ਖਾਤਰ ਗਲਤ ਤੱਥ ਪੇਸ਼ ਕਰ ਰਹੇ ਹਨ।
ਹਰਿਆਣਾ ਭਾਜਪਾ ਨੇ ਬਾਦਲਾਂ ਨਾਲ ਨਿਭਾਈ ਯਾਰੀ
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੁੱਛਗਿੱਛ ਦੀ ਸਿੱਟ ਨੂੰ ਪ੍ਰਵਾਨਗੀ ਨਾ ਦੇਣ ਸਬੰਧੀ ਕਈ ਤਰ੍ਹਾਂ ਦੀਆਂ ਗੱਲਾਂ ਸਾਹਮਣੇ ਆ ਰਹੀਆਂ ਹਨ। ਸਿਆਸੀ ਮਾਹਿਰਾਂ ਦਾ ਕਹਿਣਾ ਹੈ ਕਿ ਹਰਿਆਣਾ ਦੀ ਸੱਤਾ 'ਤੇ ਕਾਬਜ਼ ਬਾਦਲ ਦਲ ਦੀ ਭਾਈਵਾਲ ਭਾਜਪਾ ਨੇ ਆਪਣੀ ਯਾਰੀ ਨਿਭਾਉਂਦਿਆਂ ਸਿੱਟ ਦੀ ਜਾਂਚ ਵਿਚ ਅੜਿੱਕਾ ਡਾਹਿਆ ਹੈ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)