ਸਿਕਲੀਗਰ ਤੇ ਵਣਜਾਰੇ ਸਿੱਖਾਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ ਸ੍ਰੋਮਣੀ ਕਮੇਟੀ ਨੇ ਸਹਾਇਤਾ ਕੀਤੀ

ਸਿਕਲੀਗਰ ਤੇ ਵਣਜਾਰੇ ਸਿੱਖਾਂ  ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ ਸ੍ਰੋਮਣੀ ਕਮੇਟੀ ਨੇ ਸਹਾਇਤਾ ਕੀਤੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਸਕੂਲ/ਕਾਲਜ ਦੀਆਂ ਫੀਸਾਂ ਲਈ 30 ਲੱਖ 33 ਹਜ਼ਾਰ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਸਹਾਇਤਾ ਰਾਸ਼ੀ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ’ਤੇ ਪੜ੍ਹਦੇ ਸਿਕਲੀਗਰ ਤੇ ਵਣਜਾਰੇ ਬੱਚਿਆਂ ਦੀਆਂ ਫੀਸਾਂ ਦੇ ਰੂਪ ਵਿਚ ਸਕੂਲਾਂ ਨੂੰ ਸੌਂਪੀ।

ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਹਰ ਸਾਲ ਬੱਚਿਆਂ ਦੀਆਂ ਸਕੂਲ ਫੀਸਾਂ ਭਰਨ ਦਾ ਫੈਸਲਾ ਕੀਤਾ ਹੋਇਆ ਹੈ। ਇਸੇ ਤਹਿਤ ਸ਼੍ਰੋਮਣੀ ਕਮੇਟੀ ਵੱਲੋਂ ਵਿਦਿਅਕ ਸਾਲ 2023-24 ਦੀਆਂ ਫੀਸਾਂ ਭੇਜੀਆਂ ਗਈਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਰਾਏਪੁਰ, ਛੱਤੀਸਗੜ੍ਹ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਸਕੂਲਾਂ ਕਾਲਜਾਂ ਵਿੱਚ ਜਾ ਕੇ ਇਥੇ ਪੜ੍ਹ ਰਹੇ ਸਿਕਲੀਗਰ ਤੇ ਵਣਜਾਰੇ ਸਿੱਖ ਬੱਚਿਆਂ ਦੀਆਂ ਫੀਸਾਂ ਸਿੱਧੇ ਤੌਰ ’ਤੇ ਸਕੂਲਾਂ ਤੇ ਕਾਲਜਾਂ ਨੂੰ ਸੌਂਪੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਬੀਤੇ ’ਚ ਸ਼੍ਰੋਮਣੀ ਕਮੇਟੀ ਵੱਲੋਂ ਕੀਤੇ ਗਏ ਫੈਸਲੇ ਅਨੁਸਾਰ ਸਾਲ ਭਰ ਦੀਆਂ ਫੀਸਾਂ ਇਕੋ ਸਮੇਂ ਖੁਦ ਜਾ ਕੇ ਜਮ੍ਹਾਂ ਕਰਵਾਈਆਂ ਜਾਂਦੀਆਂ ਹਨ । ਉਨ੍ਹਾਂ ਕਿਹਾ ਕਿ ਇਹ ਫੀਸਾਂ ਦੇਣ ਦਾ ਮੰਤਵ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਸਿੱਖਿਅਤ ਕਰਨਾ ਹੈ ਤਾਂ ਜੋ ਭਵਿੱਖ ਵਿਚ ਉਹ ਆਪਣੇ ਪੈਰਾਂ ’ਤੇ ਖੜ੍ਹੇ ਹੋ ਸਕਣ। ਉਨ੍ਹਾਂ ਕਿਹਾ ਕਿ ਸਾਡੇ ਲਈ ਖੁਸ਼ੀ ਦੀ ਗੱਲ ਹੈ ਕਿ ਬਹੁਤ ਸਾਰੇ ਬੱਚੇ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਪੜ੍ਹ ਕੇ ਨੌਕਰੀਆਂ ਪ੍ਰਾਪਤ ਕਰ ਰਹੇ ਹਨ, ਜੋ ਆਪਣੇ ਪਰਿਵਾਰ ਦਾ ਸਹਾਰਾ ਬਨਣਗੇ।