ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਸਿੱਖ ਆਗੂ: ਗਿਆਨੀ ਹਰਪ੍ਰੀਤ ਸਿੰਘ

ਬੰਦੀ ਸਿੰਘਾਂ ਦੀ ਰਿਹਾਈ ਲਈ ਅਵਾਜ਼ ਬੁਲੰਦ ਕਰਨ ਸਿੱਖ ਆਗੂ: ਗਿਆਨੀ ਹਰਪ੍ਰੀਤ ਸਿੰਘ
ਗਿਆਨੀ ਹਰਪ੍ਰੀਤ ਸਿੰਘ ਨਾਲ ਵਿਚਾਰ ਕਰਦੇ ਹੋਏ ਰਵੀ ਸਿੰਘ

ਅੰਮ੍ਰਿਤਸਰ: ਭਾਰਤੀ ਜੇਲ੍ਹ ਵਿੱਚ ਨਜ਼ਰਬੰਦ ਬੰਦੀ ਸਿੰਘ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ਦੇ ਮਾਮਲੇ ਵਿੱਚ ਭਾਰਤ ਦੀ ਕੇਂਦਰ ਸਰਕਾਰ ਵੱਲੋਂ ਮੁੱਕਰਣ ਬਾਰੇ ਗੱਲ ਕਰਦਿਆਂ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਸਰਕਾਰ ਦੀ ਇਸ ਕਾਰਵਾਈ ਨਾਲ ਸਿੱਖਾਂ ਦੇ ਮਨਾਂ ਨੂੰ ਸੱਟ ਵੱਜੀ ਹੈ। ਇਸ ਲਈ ਸਰਕਾਰ ਨੂੰ ਆਪਣਾ ਫ਼ੈਸਲਾ ਬਦਲਣਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੱਖ ਆਗੂਆਂ ਨੂੰ ਆਖਿਆ ਕਿ ਉਹ ਬੰਦੀ ਸਿੰਘਾਂ ਦੀ ਰਿਹਾਈ ਲਈ ਆਵਾਜ਼ ਬੁਲੰਦ ਕਰਨ।

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇਥੇ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਵੱਖ ਵੱਖ ਵਫ਼ਦਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਆਖਿਆ ਕਿ ਆਜ਼ਾਦੀ ਤੋਂ ਬਾਅਦ ਸਿੱਖਾਂ ਨਾਲ ਮਾੜਾ ਸਲੂਕ ਕੀਤਾ ਜਾ ਰਿਹਾ ਹੈ ਪਰ ਇਹ ਮਾਮਲਾ ਹੋਰ ਵੀ ਦੁਖਦਾਈ ਹੈ। ਇਕ ਵਾਰੀ ਹਾਂ ਕਰਕੇ ਮੁਕਰਨਾ ਕਿਸੇ ਵੀ ਤਰ੍ਹਾਂ ਜਾਇਜ਼ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਬੰਦੀਆਂ ਦੀ ਰਿਹਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਰੱਦ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਆਖਿਆ ਕਿ ਉਹ ਇਕਜੁਟ ਹੋ ਕੇ ਸਮੂਹ ਸਿੱਖ ਬੰਦੀਆਂ ਦੀ ਰਿਹਾਈ ਲਈ ਸਰਕਾਰ ਕੋਲ ਆਵਾਜ਼ ਬੁਲੰਦ ਕਰਨ।

ਵਿਦੇਸ਼ਾਂ ਵਿਚ ਪੜ੍ਹਾਈ ਦੇ ਮੰਤਵ ਨਾਲ ਗਏ ਪੰਜਾਬੀ ਤੇ ਖਾਸ ਕਰਕੇ ਸਿੱਖ ਬੱਚਿਆਂ ਬਾਰੇ ਗੱਲ ਕਰਦਿਆਂ ਉਨ੍ਹਾਂ ਨੇ ਵਿਦੇਸ਼ਾਂ ਦੇ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਨੂੰ ਆਖਿਆ ਕਿ ਉਹ ਇਨ੍ਹਾਂ ਬੱਚਿਆਂ ਲਈ ਲੰਗਰ ਅਤੇ ਰਿਹਾਇਸ਼ ਦੇ ਤਰਜੀਹੀ ਆਧਾਰ ’ਤੇ ਪ੍ਰਬੰਧ ਕਰਨ। ਨਵੰਬਰ 1984 ਸਿੱਖ ਕਤਲੇਆਮ ਮਾਮਲੇ ਬਾਰੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਵੱਲੋਂ ਨਵੰਬਰ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਬਾਰੇ ਆਏ ਬਿਆਨ ’ਤੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਸ ਵੇਲੇ ਦੀ ਸਰਕਾਰ ਨੇ ਖੁਦ ਨਸਲਕੁਸ਼ੀ ਕਰਵਾਈ ਸੀ। ਜ਼ਿਕਰਯੋਗ ਹੈ ਕਿ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਬੀਤੇ ਦਿਨ ਸਾਬਕਾ ਪ੍ਰਧਾਨ ਮੰਤਰੀ ਇੰਦਰ ਕੁਮਾਰ ਗੁਜਰਾਲ ਦੀ ਯਾਦ ਵਿਚ ਰੱਖੇ ਸਮਾਗਮ ਦੌਰਾਨ ਕਿਹਾ ਕਿ ਜੇ ਤਤਕਾਲੀ ਗ੍ਰਹਿ ਮੰਤਰੀ ਪੀ.ਵੀ ਨਰਸਿਮ੍ਹਾ ਰਾਓ ਨੇ ਗੁਜਰਾਲ ਵੱਲੋਂ ਦਿੱਤੇ ਫ਼ੌਜ ਸੱਦਣ ਦੇ ਸੁਝਾਅ ’ਤੇ ਧਿਆਨ ਦਿੱਤਾ ਹੁੰਦਾ ਤਾਂ 1984 ਦੇ ਸਿੱਖ ਵਿਰੋਧੀ ਕਤਲੇਆਮ ਨੂੰ ਰੋਕਿਆ ਜਾ ਸਕਦਾ ਸੀ। 


ਰਣਜੀਤ ਸਿੰਘ ਢੱਡਰੀਆਂ ਵਾਲਾ ਮਾਮਲੇ ਬਾਰੇ ਉਨ੍ਹਾਂ ਕਿਹਾ ਕਿ ਇਸ ਸਬੰਧ ਵਿਚ ਪੰਜ ਮੈਂਬਰੀ ਕਮੇਟੀ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸਿੱਖ ਏਡ ਦੇ ਬਾਨੀ ਭਾਈ ਰਵੀ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕਰਕੇ ਵਿਦੇਸ਼ਾਂ ਵਿਚ ਰੁਲ ਰਹੇ ਪੰਜਾਬੀ ਬੱਚਿਆਂ ਦਾ ਮਾਮਲਾ ਉਭਾਰਿਆ ਸੀ। ਖਾਲਸਾ ਏਡ ਨੇ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਦਾ ਸਮਰਥਨ ਕੀਤਾ। ਉਨ੍ਹਾਂ ਨੇ ਸਿੱਖ ਬੰਦੀਆਂ ਦੀ ਰਿਹਾਈ ਦਾ ਵੀ ਸਮਰਥਨ ਕੀਤਾ। ਉਨ੍ਹਾਂ ਸਿਰੋਪਾਓ ਦੀ ਹੋ ਰਹੀ ਬੇਕਦਰੀ ’ਤੇ ਵੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਨੂੰ ਲੋੜੀਂਦੀ ਕਾਰਵਾਈ ਦੀ ਅਪੀਲ ਕੀਤੀ ਹੈ।
 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।