ਸੁਖਬੀਰ ਬਾਦਲ ਨੇ ਬੋਕਾਰੋ ਵਿੱਚ ਹੋਏ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਲਈ ਕਿਹਾ

ਸੁਖਬੀਰ ਬਾਦਲ ਨੇ ਬੋਕਾਰੋ ਵਿੱਚ ਹੋਏ ਸਿੱਖ ਕਤਲੇਆਮ ਦੇ ਕੇਸ ਦੁਬਾਰਾ ਖੋਲ੍ਹਣ ਲਈ ਕਿਹਾ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਝਾਰਖੰਡ ਦੇ ਮੁੱਖ ਮੰਤਰੀ ਰਘੂਬਰ ਦਾਸ ਨੂੰ ਅਪੀਲ ਕੀਤੀ ਕਿ ਉੁਹ 1984 ਦੌਰਾਨ ਬੋਕਾਰੋ ’ਚ ਹੋਏ ਸਿੱਖ ਕਤਲੇਆਮ ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਜਾਂ ਇਨ੍ਹਾਂ ਨੂੰ ਸੀਬੀਆਈ ਹਵਾਲੇ ਕਰਨ। ਬਾਦਲ ਨੇ ਐਲਾਨ ਕੀਤਾ ਕਿ ਅਕਾਲੀ ਦਲ ਇਨ੍ਹਾਂ ਕੇਸਾਂ ਦੇ ਅਧਿਐਨ ਲਈ ਸੁਪਰੀਮ ਕੋਰਟ ਦੇ ਵਕੀਲਾਂ ਦੀ ਇੱਕ ਟੀਮ ਭੇਜੇਗਾ ਅਤੇ ਉਸ ਤੋਂ ਬਾਅਦ ਇਸ ਮਾਮਲੇ ਨੂੰ ਉੱਚ ਪੱਧਰ ਉੱਤੇ ਉਠਾਇਆ ਜਾਵੇਗਾ।

ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੇ ਸਬੰਧ ਵਿੱਚ ਅੱਜ ਬੋਕਾਰੋ ਵਿਚ ਇੱਕ ਗੁਰਮਤਿ ਸਮਾਗਮ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ 1984 ਵਿਚ ਕਥਿਤ ਤੌਰ 'ਤੇ ਕਾਂਗਰਸੀਆਂ ਦੇ ਇਸ਼ਾਰੇ ਉੱਤੇ 100 ਤੋਂ ਵੱਧ ਸਿੱਖਾਂ ਦਾ ਕਤਲ ਕਰ ਦਿੱਤਾ ਗਿਆ ਸੀ ਪਰ ਮੁਲਜ਼ਮਾਂ ਨੂੰ ਹੁਣ ਤਕ ਸਜ਼ਾ ਨਹੀਂ ਦਿੱਤੀ ਗਈ ਹੈ। ਉਨ੍ਹਾਂ ਝਾਰਖੰਡ ਦੇ ਮੁੱਖ ਮੰਤਰੀ ਨੂੰ ’84 ਦੇ ਸਾਰੇ ਕੇਸਾਂ ਨੂੰ ਦੁਬਾਰਾ ਖੋਲ੍ਹਣ ਵਾਸਤੇ ਇੱਕ ਵਿਸ਼ੇਸ਼ ਜਾਂਚ ਟੀਮ ਬਣਾਉਣ ਦੀ ਅਪੀਲ ਕੀਤੀ। 

ਦਿੱਲੀ ਅਤੇ ਕਾਨਪੁਰ ਵਿਚ ਵਾਪਰੇ ਅਜਿਹੇ ਕੇਸਾਂ ਬਾਰੇ ਉਨ੍ਹਾਂ ਕਿਹਾ ਕਿ ਐੱਨਡੀਏ ਦੀ ਸਰਕਾਰ ਵੱਲੋਂ ਜਗਦੀਸ਼ ਟਾਈਟਲਰ ਅਤੇ ਕਮਲ ਨਾਥ ਵਰਗਿਆਂ ਖ਼ਿਲਾ਼ਫ ਚੱਲਦੇ ਕੇਸਾਂ ਦਾ ਤੇਜ਼ੀ ਨਾਲ ਨਿਬੇੜਾ ਕੀਤਾ ਜਾ ਰਿਹਾ ਹੈ। 

ਕਰਤਾਰਪੁਰ ਲਾਂਘਾ ਖੋਲ੍ਹਣ ਬਾਰੇ ਪੁੱਛੇ ਜਾਣ ’ਤੇ ਉਨ੍ਹਾਂ ਦੱਸਿਆ ਕਿ ਲਾਂਘਾ 9 ਨਵੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਉਨ੍ਹਾਂ ਨੇ ਬੋਕਾਰੋ ਦੀ ਸਿੱਖ ਸੰਗਤ ਨੂੰ ਗੁਰੂ ਨਾਨਕ ਪਾਤਸ਼ਾਹ ਜੀ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਵਿਚ ਭਾਗ ਲੈਣ ਲਈ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਆਉਣ ਦੀ ਅਪੀਲ ਕੀਤੀ।

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।