ਸੁਖਬੀਰ ਸਿੰਘ ਬਾਦਲ ਨੇ ਮੋਦੀ ਤੋਂ ਸਿੱਖ ਕੈਦੀਆਂ ਦੀ ਰਿਹਾਈ ਮੰਗੀ

ਸੁਖਬੀਰ ਸਿੰਘ ਬਾਦਲ ਨੇ ਮੋਦੀ ਤੋਂ ਸਿੱਖ ਕੈਦੀਆਂ ਦੀ ਰਿਹਾਈ ਮੰਗੀ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਸਜ਼ਾਵਾਂ ਪੂਰੀਆਂ ਕਰ ਚੁੱਕੇ ਸਾਰੇ ਸਿੱਖ ਕੈਦੀਆਂ ਦੀ ਤਰੁੰਤ ਰਿਹਾਈ ਨੂੰ ਯਕੀਨੀ ਬਣਾਉਣ ਲਈ ਦਖਲ ਦੇਣ ਦੀ ਮੰਗ ਕੀਤੀ ਹੈ। 

ਸੁਖਬੀਰ ਸਿੰਘ ਬਾਦਲ ਨੇ ਨਰਿੰਦਰ ਮੋਦੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਸਿੱਖ ਕੈਦੀਆਂ ਦੀ ਰਿਹਾਈ ਨਾਲ ਪੀੜਤ ਭਾਈਚਾਰੇ ਦੇ ਮਨ ਵਿੱਚ ਸਦਭਾਵਨਾ ਅਤੇ ਭਰੋਸਾ ਪੈਦਾ ਹੋਵੇਗਾ। ਉਹਨਾਂ ਕਿਹਾ ਕਿ ਅਜਿਹਾ ਕੋਈ ਕਾਨੂੰਨ ਨਹੀਂ ਹੈ ਜਿਸ ਅਧੀਨ ਸਜ਼ਾ ਪੂਰੀ ਹੋਣ ਮਗਰੋਂ ਕਿਸੇ ਵਿਅਕਤੀ ਨੂੰ ਇਕ ਮਿੰਟ ਲਈ ਵੀ ਕੈਦ ਵਿੱਚ ਰੱਖਿਆ ਜਾ ਸਕਦਾ ਹੋਵੇ। ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਗੁਰੂ ਨਾਨਕ ਪਾਤਸ਼ਾਹ ਦੇ 550ਵੇਂ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਇਨ੍ਹਾਂ ਸਿੱਖਾਂ ਦੀ ਰਿਹਾਈ ਦਾ ਐਲਾਨ ਕਰਨ। 

ਉਹਨਾਂ ਕਿਹਾ ਕਿ ਇਹ ਕਦਮ ਗੁਰੂ ਸਾਹਿਬ ਦੇ ਦੁਨੀਆਂ ਅੰਦਰ ਬੇਇਨਸਾਫੀ ਅਤੇ ਅੱਤਿਆਚਾਰ ਖਿਲਾਫ ਦਿੱਤੇ ਹੋਕੇ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ। ਉਹਨਾਂ ਕਿਹਾ ਕਿ ਇਹ ਕਦਮ ਸਰਕਾਰ ਦੀ ਦੇਸ਼ ਦੇ ਸੰਵਿਧਾਨ ਪ੍ਰਤੀ ਵਚਨਬੱਧਤਾ ਨੂੰ ਵੀ ਉਜਾਗਰ ਕਰੇਗਾ, ਜਿਸ ਤਹਿਤ ਕਿਸੇ ਵੀ ਵਿਅਕਤੀ ਨੂੰ ਲੋੜੀਂਦੀ ਕਾਨੂੰਨੀ ਕਾਰਵਾਈ ਤੋਂ ਬਗੈਰ ਕੈਦੀ ਨਹੀਂ ਬਣਾਇਆ ਜਾ ਸਕਦਾ।