ਯੂਏਪੀਏ ਦੇ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਪਾਲ ਸਿੰਘ ਖਹਿਰਾ

ਯੂਏਪੀਏ ਦੇ ਪੀੜਤ ਪਰਿਵਾਰਾਂ ਨੂੰ ਨਾਲ ਲੈ ਕੇ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਪਾਲ ਸਿੰਘ ਖਹਿਰਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਭਾਰਤ ਦੇ ਕਾਲੇ ਕਾਨੂੰਨ ਵਜੋਂ ਜਾਣੇ ਜਾਂਦੇ ਯੂਏਪੀਏ ਅਧੀਨ ਗ੍ਰਿਫਤਾਰ ਕੀਤੇ ਜਾ ਰਹੇ ਸਿੱਖਾਂ ਦੇ ਹੱਕ ਵਿਚ ਲਗਾਤਾਰ ਅਵਾਜ਼ ਚੁੱਕਦੇ ਆ ਰਹੇ ਭੁਲੱਥ ਹਲਕੇ ਤੋਂ ਐਮਐਲਏ ਸੁਖਪਾਲ ਸਿੰਘ ਖਹਿਰਾ ਅੱਜ ਆਪਣੇ ਸਾਥੀ ਵਿਧਾਇਕਾਂ ਅਤੇ ਯੂਏਪੀਏ ਦੇ ਪੀੜਤ ਪਰਿਵਾਰਾਂ ਸਮੇਤ ਅਕਾਲ ਤਖ਼ਤ ਸਾਹਿਬ ਵਿਖੇ ਪਹੁੰਚੇ। 

ਉਹਨਾਂ ਅਕਾਲ ਤਖ਼ਤ ਸਾਹਿਬ ਵਿਖੇ ਇੱਕ ਪੱਤਰ ਦੇ ਕੇ ਅਪੀਲ ਕੀਤੀ ਹੈ ਕਿ ਯੂਏਪੀਏ ਕਾਨੂੰਨ ਤਹਿਤ ਗ੍ਰਿਫਤਾਰ ਕੀਤੇ ਗਏ ਸਿੱਖ ਨੌਜਵਾਨਾਂ ਦੇ ਕੇਸਾਂ ਦੀ ਪੈਰਵਾਈ ਸ਼੍ਰੋਮਣੀ ਕਮੇਟੀ ਨੂੰ ਕਰਨ ਲਈ ਆਖਿਆ ਜਾਵੇ। ਉਨ੍ਹਾਂ ਦੋਸ਼ ਲਾਇਆ ਕਿ ਇਨ੍ਹਾਂ ਨੌਜਵਾਨਾਂ ਨੂੰ ਨਾਜਾਇਜ਼ ਗ੍ਰਿਫਤਾਰ ਕੀਤਾ ਗਿਆ ਅਤੇ ਪੁਲੀਸ ਆਪਣੀ ਸਾਖ ਬਚਾਉਣ ਲਈ ਅਜਿਹਾ ਕਰ ਰਹੀ ਹੈ। 

ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਇਹ ਸਾਰੇ ਨੌਜਵਾਨ ਗਰੀਬ ਪਰਿਵਾਰਾਂ ਨਾਲ ਸਬੰਧਤ ਹਨ ਅਤੇ ਵਧੇਰੇ ਦਿਹਾੜੀਦਾਰ ਹਨ। ਉਹਨਾਂ ਕਾਲੇ ਕਾਨੂੰਨ ਦੇ ਸ਼ਿਕਾਰ ਹੋ ਰਹੇ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਨੂੰ ਪੰਜ ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦੇਣ ਦੀ ਵੀ ਮੰਗ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਈ ਪੀੜਤ ਪਰਿਵਾਰਾਂ ਤੋਂ ਇਲਾਵਾ ਵਿਧਾਇਕ ਜਗਦੇਵ ਸਿੰਘ ਕਮਾਲੂ, ਪਿਰਮਲ ਸਿੰਘ ਖਾਲਸਾ, ਜਗਤਾਰ ਸਿੰਘ ਜੱਗਾ ਤੇ ਹੋਰ ਹਾਜ਼ਰ ਸਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਹਰਪ੍ਰੀਤ ਸਿੰਘ ਨੇ ਆਖਿਆ ਕਿ ਯੂਏਪੀਏ ਤਹਿਤ ਗ੍ਰਿਫ਼ਤਾਰ ਕੀਤੇ ਗਏ ਨੌਜਵਾਨਾਂ ਦੇ ਮਾਮਲੇ ਦੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ।