ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਰਾਹ ਪੱਧਰਾ; ਧਾਰਾ 302 ਵਿਚ ਮਾਮਲਾ ਦਰਜ ਕਰਨ ਦੇ ਹੁਕਮ

ਸੁਮੇਧ ਸੈਣੀ ਦੀ ਗ੍ਰਿਫਤਾਰੀ ਲਈ ਰਾਹ ਪੱਧਰਾ; ਧਾਰਾ 302 ਵਿਚ ਮਾਮਲਾ ਦਰਜ ਕਰਨ ਦੇ ਹੁਕਮ

ਅੰਮ੍ਰਿਤਸਰ ਟਾਈਮਜ਼ ਬਿਊਰੋ

ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਮਾਮਲੇ 'ਚ ਬੀਤੇ ਕੱਲ੍ਹ ਸੁਮੇਧ ਸੈਣੀ ਦੇ ਸਹਿਯੋਗੀ ਸਬ-ਇੰਸਪੈਕਟਰਾਂ ਵੱਲੋਂ ਅਦਾਲਤ ਵਿਚ ਆਪਣੇ ਬਿਆਨ ਕਲਮਬੰਦ ਕਰਾਉਣ ਬਾਅਦ ਅੱਜ ਫੈਂਸਲਾ ਸੁਣਾਉਂਦਿਆਂ ਮੁਹਾਲੀ ਅਦਾਲਤ ਨੇ ਡੀਜੀਪੀ ਸੈਣੀ ਖਿਲਾਫ ਧਾਰਾ 302 ਦੇ ਜੁਰਮ ਦਾ ਵਾਧਾ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਹ ਧਾਰਾ ਜੁੜਨ ਨਾਲ ਹੁਣ ਸੈਣੀ ਦੀ ਗ੍ਰਿਫਤਾਰੀ ਲਈ ਰਾਹ ਪੱਧਰਾ ਹੋ ਗਿਆ ਹੈ ਤੇ ਸੂਤਰਾਂ ਮੁਤਾਬਕ ਪੰਜਾਬ ਪੁਲਸ ਕਿਸੇ ਵੀ ਸਮੇਂ ਸੁਮੇਧ ਸੈਣੀ ਨੂੰ ਗ੍ਰਿਫਤਾਰ ਕਰ ਸਕਦੀ ਹੈ।

ਜ਼ਿਕਰਯੋਗ ਹੈ ਕਿ  ਕਿਸੇ ਸਮੇਂ ਸੈਣੀ ਦੇ ਚਹੇਤੇ ਰਹੇ ਸਾਬਕਾ ਇੰਸਪੈਕਟਰਾਂ ਜਗੀਰ ਸਿੰਘ ਅਤੇ ਕੁਲਦੀਪ ਸਿੰਘ ਸੰਧੂ ਨੇ ਵੀਰਵਾਰ ਨੂੰ ਮੁਹਾਲੀ ਦੀ ਜੁਡੀਸ਼ਲ ਮੈਜਿਸਟਰੇਟ-ਕਮ-ਡਿਊਟੀ ਮੈਜਿਸਟਰੇਟ ਰਸਵੀਨ ਕੌਰ ਦੀ ਅਦਾਲਤ ਵਿੱਚ ਸੀਆਰਪੀਸੀ ਦੀ ਧਾਰਾ 164 ਦੇ ਅਧੀਨ ਬਿਆਨ ਦਰਜ ਕਰਵਾਏ ਸੀ। 

ਪੁਲੀਸ ਵੱਲੋਂ ਹੁਣ ਸੈਣੀ ਖ਼ਿਲਾਫ਼ ਧਾਰਾ 302 ਜੋੜ ਕੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਤਿੰਨ ਦਿਨ ਦਾ ਨੋਟਿਸ ਦਿੱਤਾ ਜਾਵੇਗਾ।

ਜ਼ਿਕਰਯੋਗ ਹੈ ਕਿ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਨ ਮੌਕੇ ਇਹ ਦੋਵੇਂ ਸੁਮੇਧ ਸੈਣੀ ਦੇ ਕਰੀਬੀ ਸਨ। ਇਹਨਾਂ ਨੇ ਬਿਆਨਾ ਵਿਚ ਦੱਸਿਆ ਕਿ 1991 ਵਿੱਚ ਚੰਡੀਗੜ੍ਹ ਵਿੱਚ ਐੱਸਐੱਸਪੀ ਵਜੋਂ ਤਾਇਨਾਤੀ ਦੌਰਾਨ ਸੁਮੇਧ ਸੈਣੀ ਦੇ ਕਾਫ਼ਲੇ ਉੱਤੇ ਹੋਏ ਬੰਬ ਧਮਾਕੇ ਤੋਂ ਬਾਅਦ ਮੁਲਜ਼ਮਾਂ ਦੀ ਪੈੜ ਨੱਪਣ ਲਈ ਵਿਸ਼ੇਸ਼ ਸਰਚ ਅਭਿਆਨ ਚਲਾਇਆ ਗਿਆ ਸੀ। ਇਸ ਹਾਦਸੇ ਵਿੱਚ ਤਿੰਨ ਪੁਲੀਸ ਕਰਮਚਾਰੀ ਮਾਰੇ ਗਏ ਸੀ ਜਦੋਂਕਿ ਸੈਣੀ ਤੇ ਕੁਝ ਹੋਰ ਪੁਲੀਸ ਜਵਾਨ ਜ਼ਖ਼ਮੀ ਹੋ ਗਏ ਸੀ। ਉਦੋਂ ਸੈਣੀ ਦੇ ਕਹਿਣ ’ਤੇ ਬਲਵੰਤ ਸਿੰਘ ਮੁਲਤਾਨੀ ਨੂੰ ਮੁਹਾਲੀ ਸਥਿਤ ਉਸ ਦੇ ਘਰੋਂ ਚੁੱਕ ਕੇ ਸੈਕਟਰ-17 ਥਾਣੇ ਵਿੱਚ ਲਿਆਂਦਾ ਗਿਆ ਸੀ, ਜਿੱਥੇ ਸੈਣੀ ਦੀ ਮੌਜੂਦਗੀ ਵਿੱਚ ਉਸ ’ਤੇ ਬੇਤਹਾਸ਼ਾ ਤਸ਼ੱਦਦ ਢਾਹਿਆ ਗਿਆ।

ਇਹਨਾਂ ਅਫਸਰਾਂ ਨੇ ਦੱਸਿਆ ਕਿ ਥਾਣੇ ਵਿਚ ਕੁੱਟਮਾਰ ਦੌਰਾਨ ਹੀ ਮੁਲਤਾਨੀ ਦੀ ਮੌਤ ਹੋ ਗਈ ਸੀ। ਇਸ ਮਗਰੋਂ ਨੌਜਵਾਨ ਦੀ ਲਾਸ਼ ਨੂੰ ਟਿਕਾਣੇ ਲਗਾਉਣ ਲਈ ਵੱਖ-ਵੱਖ ਪੁਲੀਸ ਅਫ਼ਸਰਾਂ ਦੀਆਂ ਡਿਊਟੀਆਂ ਲਾਈਆਂ ਗਈਆਂ। ਇਹੀ ਨਹੀਂ ਪੁਲੀਸ ਨੇ ਕਾਨੂੰਨੀ ਕਾਰਵਾਈ ਤੋਂ ਬਚਣ ਲਈ ਕਾਦੀਆਂ (ਗੁਰਦਾਸਪੁਰ) ਥਾਣੇ ਵਿੱਚ ਝੂਠਾ ਕੇਸ ਦਰਜ ਕਰਕੇ ਇਹ ਦਰਸਾਇਆ ਕਿ ਮੁਲਤਾਨੀ ਪੁਲੀਸ ਹਿਰਾਸਤ ’ਚੋਂ ਭੱਜ ਗਿਆ ਹੈ। ਇਸ ਸਬੰਧੀ ਯੂਟੀ ਪੁਲੀਸ ਦੀ ਟੀਮ ਵੱਲੋਂ ਚੰਡੀਗੜ੍ਹ ਵਿੱਚ ਵੀ ਡੀਡੀਆਰ ਦਰਜ ਕੀਤੀ ਗਈ ਸੀ। ਇਸ ਤਰ੍ਹਾਂ ਉਦੋਂ ਪੁਲੀਸ ਵੱਲੋਂ ਮੁਲਤਾਨੀ ਕੇਸ ਨੂੰ ਸਰਕਾਰੀ ਫਾਈਲਾਂ ਵਿੱਚ ਦਫ਼ਨ ਕਰ ਦਿੱਤਾ ਗਿਆ। 

ਵਾਅਦਾ ਮੁਆਫ਼ ਗਵਾਹ ਬਣੇ ਯੂਟੀ ਪੁਲੀਸ ਦੇ ਸਾਬਕਾ ਅਫ਼ਸਰਾਂ ਨੇ ਆਪਣੇ ਬਿਆਨਾਂ ਵਿੱਚ ਸਪੱਸ਼ਟ ਕੀਤਾ ਕਿ ਮੁਲਤਾਨੀ ਨੂੰ ਅੰਨ੍ਹੇਵਾਹ ਅਣਮਨੁੱਖੀ ਤਸੀਹੇ ਦਿੱਤੇ ਗਏ ਅਤੇ ਉਸ ਦੇ ਸਰੀਰ ’ਚੋਂ ਖੂਨ ਵਗਣਾ ਸ਼ੁਰੂ ਹੋ ਗਿਆ। ਇਹ ਸਾਰਾ ਕੁਝ ਉਨ੍ਹਾਂ ਨੇ ਆਪਣੀ ਅੱਖੀਂ ਦੇਖਿਆ ਹੈ। ਪੁਲੀਸ ਦੀ ਇਸ ਦਰਿੰਦਗੀ ਕਾਰਨ ਮੁਲਤਾਨੀ ਕਾਫੀ ਸਮਾਂ ਦਰਦ ਨਾਲ ਕੁਰਲਾਉਂਦਾ ਰਿਹਾ। ਅਖੀਰ ਉਸ ਨੇ ਦਮ ਤੋੜ ਦਿੱਤਾ। ਇਸ ਤੋਂ ਪਹਿਲਾਂ ਵੀ ਇਸ ਕੇਸ ਵਿੱਚ ਕਈ ਚਸ਼ਮਦੀਦ ਗਵਾਹ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿੱਚ ਹਾਈ ਕੋਰਟ ਦੀ ਸੀਨੀਅਰ ਵਕੀਲ ਬੀਬੀ ਵੀ ਸ਼ਾਮਲ ਹੈ। ਉਸ ਨੇ ਵੀ ਆਪਣੇ ਬਿਆਨਾਂ ਵਿੱਚ ਖੁਲਾਸਾ ਕੀਤਾ ਸੀ ਕਿ ਸੈਣੀ ਦੀ ਮੌਜੂਦਗੀ ਵਿੱਚ ਯੂਟੀ ਪੁਲੀਸ ਨੇ ਮੁਲਤਾਨੀ ਉੱਤੇ ਤਸ਼ੱਦਦ ਢਾਹਿਆ ਸੀ ਅਤੇ ਉਹ ਤੁਰਨ ਫਿਰਨ ਤੋਂ ਵੀ ਲਾਚਾਰ ਸੀ।