ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਾਉਣ ਦੀ ਸੁਣਵਾਈ ਟਲੀ
ਅੰਮ੍ਰਿਤਸਰ ਟਾਈਮਜ਼ ਬਿਊਰੋ
ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਮਾਮਲੇ ਵਿਚ ਪੰਜਾਬ ਪੁਲਸ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਜ਼ਮਾਨਤ ਰੱਦ ਕਰਨ ਬਾਰੇ ਅਦਾਲਤ ਵਿਚ ਚੱਲ ਰਹੀ ਸੁਣਵਾਈ ਟਲ ਗਈ ਹੈ। ਬੀਤੀ 11 ਮਈ ਨੂੰ ਮੁਹਾਲੀ ਅਦਾਲਤ ਨੇ ਸੈਣੀ ਦੀ ਅਗਾਊਂ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ ਅਤੇ ਹੁਕਮ ਦਿੱਤਾ ਸੀ ਕਿ ਉਹ ਪੁਲੀਸ ਜਾਂਚ ਵਿਚ ਸ਼ਾਮਲ ਹੋਵੇ ਅਤੇ ਅਦਾਲਤ ਨੂੰ ਦੱਸੇ ਬਿਨਾਂ ਘਰ ਤੋਂ ਬਾਹਰ ਨਾ ਜਾਵੇ।
ਸਰਕਾਰੀ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਸੁਮੇਧ ਸੈਣੀ ਨੇ ਪਿਛਲੇ ਸਮੇਂ ਦੌਰਾਨ ਅਦਾਲਤ ਅਤੇ ਸਿਟ ਨੂੰ ਕੁਝ ਦੱਸੇ ਬਿਨਾਂ ਘਰ ਤੋਂ ਗਾਇਬ ਹੋ ਕੇ ਅਦਾਲਤ ਦੇ ਹੁਕਮਾਂ ਦੀ ਉਲੰਘਣਾ ਕੀਤੀ ਹੈ, ਜਿਸ ਕਾਰਨ ਪੰਜਾਬ ਸਰਕਾਰ ਨੇ ਉਸ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਸੀ।
ਮੁਹਾਲੀ ਅਦਾਲਤ ਵਿਚ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਦੌਰਾਨ ਸੈਣੀ ਦੇ ਵਕੀਲ ਐੱਚਐੱਸ ਧਨੋਆ ਨੇ ਨਾ ਤਾਂ ਵਕਾਲਤਨਾਮਾ ਦਾਇਰ ਕੀਤਾ ਅਤੇ ਨਾ ਹੀ ਪੰਜਾਬ ਸਰਕਾਰ ਅਤੇ ਪੀੜਤ ਪਰਿਵਾਰ ਵੱਲੋਂ ਲਗਾਏ ਇਤਰਾਜ਼ਾਂ ਬਾਰੇ ਲਿਖਤੀ ਪੱਖ ਰੱਖਿਆ, ਸਗੋਂ ਕਾਰਵਾਈ ਲਈ ਅਦਾਲਤ ਤੋਂ ਹੋਰ ਸਮੇਂ ਦੀ ਮੋਹਲਤ ਮੰਗੀ ਹੈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸਰਕਾਰ ਦੀ ਅਰਜ਼ੀ ’ਤੇ ਸੁਣਵਾਈ ਲਈ 19 ਨਵੰਬਰ ਦਾ ਦਿਨ ਨਿਰਧਾਰਤ ਕੀਤਾ ਹੈ।
ਉਧਰ, ਸੁਮੇਧ ਸੈਣੀ ਖ਼ਿਲਾਫ਼ ਮਟੌਰ ਥਾਣੇ ਵਿਚ ਦਰਜ ਐੱਫ਼ਆਈਆਰ ਰੱਦ ਕਰਨ ਅਤੇ ਉਸ ਨੂੰ ਪੱਕੀ ਜ਼ਮਾਨਤ ਬਾਰੇ ਮਾਮਲੇ ਸੁਪਰੀਮ ਕੋਰਟ ਵਿਚ ਵਿਚਾਰ ਅਧੀਨ ਹਨ। ਇਨ੍ਹਾਂ ਦੋਵਾਂ ਪਟੀਸ਼ਨਾਂ ’ਤੇ 28 ਅਕਤੂਬਰ ਨੂੰ ਸੁਣਵਾਈ ਹੋਵੇਗੀ।
Comments (0)