ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਇਕ ਮਹੀਨੇ ਦੀ ਰੋਕ ਲਾਈ

ਸੁਪਰੀਮ ਕੋਰਟ ਨੇ ਸੁਮੇਧ ਸੈਣੀ ਦੀ ਗ੍ਰਿਫਤਾਰੀ 'ਤੇ ਇਕ ਮਹੀਨੇ ਦੀ ਰੋਕ ਲਾਈ

ਅੰਮ੍ਰਿਤਸਰ ਟਾਈਮਜ਼ ਬਿਊਰੋ
29 ਸਾਲ ਪਹਿਲਾਂ ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ ਅਗਵਾ ਕਰਕੇ ਕਤਲ ਕਰਨ ਦੇ ਦੋਸ਼ਾਂ 'ਚ ਨਾਮਜ਼ਦ ਅਤੇ ਗ੍ਰਿਫਤਾਰੀ ਤੋਂ ਬਚਣ ਲਈ ਭਗੌੜੇ ਹੋਏ ਫਿਰਦੇ ਪੰਜਾਬ ਪੁਲਸ ਦੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੂੰ ਭਾਰਤ ਦੀ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਧਾਰਾ 302 ਵਿਚ ਅਗਾਂਊਂ ਜ਼ਮਾਨਤ ਲਈ ਸੁਪਰੀਮ ਕੋਰਟ 'ਚ ਸੈਣੀ ਵੱਲੋਂ ਦਰਜ ਅਰਜ਼ੀ 'ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਇਕ ਮਹੀਨੇ ਲਈ ਸੈਣੀ ਦੀ ਗ੍ਰਿਫਤਾਰੀ 'ਤੇ ਆਰਜ਼ੀ ਰੋਕ ਲਾ ਦਿੱਤੀ ਹੈ। ਅਦਾਲਤ ਨੇ ਸੈਣੀ ਨੂੰ ਪੁਲਸ ਜਾਂਚ ਵਿਚ ਸਹਿਯੋਗ ਦੇਣ ਦੇ ਹੁਕਮ ਵੀ ਜਾਰੀ ਕੀਤੇ ਹਨ।

ਇਸ ਦੇ ਨਾਲ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਮਾਮਲੇ ਵਿੱਚ ਜੁਆਬ ਦਾਖਲ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਦੇ ਜੱਜ ਜਸਟਿਸ ਅਸ਼ੋਕ ਭੂਸ਼ਣ, ਜਸਟਿਸ ਆਰ ਸੁਭਾਸ਼ ਰੈਡੀ ਅਤੇ ਜਸਟਿਸ ਐੱਮਆਰ ਸ਼ਾਹ ’ਤੇ ਆਧਾਰਿਤ ਵਿਸ਼ੇਸ਼ ਬੈਂਚ ਨੇ ਅੱਜ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ’ਤੇ ਸੁਣਵਾਈ ਕੀਤੀ। ਕਰੋਨਾ ਮਹਾਮਾਰੀ ਪ੍ਰਕੋਪ ਦੇ ਮੱਦੇਨਜ਼ਰ ਵੀਡੀਓ ਕਾਨਫਰੰਸਿੰਗ ਰਾਹੀਂ ਸੈਣੀ ਦੀ ਪਟੀਸ਼ਨ ’ਤੇ ਸੁਣਵਾਈ ਹੋਈ।

ਸੁਮੇਧ ਸੈਣੀ ਵੱਲੋਂ ਬਹਿਸ ਵਿੱਚ ਹਿੱਸਾ ਲੈਂਦਿਆਂ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਵਿਚ ਕਿਹਾ ਕਿ ਬਲਵੰਤ ਸਿੰਘ ਮੁਲਤਾਨੀ ਇਕ ਅਪਰਾਧੀ ਸੀ। ਦੂਜੇ ਪਾਸੇ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਵੱਲੋਂ ਸੈਣੀ ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਦਲੀਲਾਂ ਦਿੱਤੀਆਂ ਗਈਆਂ। ਸਿਖਰਲੀ ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫਿਲਹਾਲ ਸਾਬਕਾ ਡੀਜੀਪੀ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਉਂਦਿਆਂ ਸੈਣੀ ਨੂੰ ਪੁਲੀਸ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਹੈ।