ਸੁਮੇਧ ਸੈਣੀ ਦੀ ਪੱਕੀ ਜ਼ਮਾਨਤ 'ਤੇ ਸੁਣਵਾਈ 6 ਜੁਲਾਈ ਤਕ ਟਲੀ

ਸੁਮੇਧ ਸੈਣੀ ਦੀ ਪੱਕੀ ਜ਼ਮਾਨਤ 'ਤੇ ਸੁਣਵਾਈ 6 ਜੁਲਾਈ ਤਕ ਟਲੀ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਦੇ ਸਾਬਕਾ ਆਈਏਐੱਸ ਅਫਸਰ ਦੇ ਪੁੱਤਰ ਅਤੇ ਸਿਟਕੋ ਦੇ ਜੂਨੀਅਰ ਇੰਜੀਨੀਅਰ (ਜੇਈ) ਸਿੱਖ ਨੌਜਵਾਨ ਬਲਵੰਤ ਸਿੰਘ ਮੁਲਤਾਨੀ ਨੂੰ 29 ਸਾਲ ਪਹਿਲਾਂ ਅਗਵਾ ਕਰਨ ਮਗਰੋਂ ਭੇਤਭਰੀ ਹਾਲਤ ਵਿੱਚ ਲਾਪਤਾ ਕਰਨ ਦੇ ਗੰਭੀਰ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਚਰਚਿਤ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੱਕੀ ਜ਼ਮਾਨਤ ਦੇਣ ਦੀ ਕਾਰਵਾਈ ਅੱਗੇ ਟਲ ਗਈ ਹੈ। 

ਮੁਹਾਲੀ ਦੀ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਨਿਕਾ ਗੋਇਲ ਦੀ ਅਦਾਲਤ ਨੇ ਅੱਜ ਦੁਬਾਰਾ ਤੋਂ ਸੈਣੀ ਨੂੰ ਵੱਡੀ ਰਾਹਤ ਦਿੰਦਿਆਂ ਸੈਣੀ ਦੀ ਗ੍ਰਿਫ਼ਤਾਰੀ ’ਤੇ ਰੋਕ ਬਰਕਰਾਰ ਰੱਖਦਿਆਂ ਪੱਕੀ ਜ਼ਮਾਨਤ ਦੇਣ ਸਬੰਧੀ ਸੁਣਵਾਈ 6 ਜੁਲਾਈ ਤੱਕ ਅੱਗੇ ਪਾ ਦਿੱਤੀ ਹੈ। 

ਪੰਜਾਬ ਸਰਕਾਰ ਵੱਲੋਂ ਇਸ ਬਹੁ-ਚਰਚਿਤ ਕੇਸ ਦੀ ਪੈਰਵੀ ਲਈ ਨਿਯੁਕਤ ਕੀਤੇ ਵਿਸ਼ੇਸ਼ ਸਰਕਾਰੀ ਵਕੀਲ ਸਰਤੇਜ ਸਿੰਘ ਨਰੂਲਾ ਅਤੇ ਸਰਕਾਰੀ ਵਕੀਲ ਸੰਜੀਵ ਬੱਤਰਾ ਅਤੇ ਬਚਾਅ ਪੱਖ ਦੇ ਵਕੀਲ ਐੱਚਐੱਸ ਧਨੋਆ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਵਿੱਚ ਭਖਵੀਂ ਬਹਿਸ ਹੋਈ। ਸੁਣਵਾਈ ਮੌਕੇ ਪੀੜਤ ਪਰਿਵਾਰ ਦੇ ਵਕੀਲ ਪਰਦੀਪ ਸਿੰਘ ਵਿਰਕ ਵੀ ਅਦਾਲਤ ਵਿੱਚ ਹਾਜ਼ਰ ਸਨ।

ਸਬੰਧਿਤ ਖ਼ਬਰਾਂ: ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਖਿਲਾਫ ਸਿੱਖ ਨੌਜਵਾਨ ਨੂੰ ਅਗਵਾ ਕਰਨ ਦਾ ਮਾਮਲਾ ਦਰਜ