ਸੁਪਰੀਮ ਕੋਰਟ ਵਲੋਂ ਸੁਮੇਧ ਸੈਣੀ ਨੂੰ ਝਟਕਾ, ਨਵੀਂਐਫ.ਆਈ.ਆਰ. ਰੱਦ ਕਰਨ ਤੋਂ ਇਨਕਾਰੀ
*ਕੈਪਟਨ ਤੇ ਬਾਦਲ ਪਰਿਵਾਰ ਦਾ ਵਿਸ਼ਵਾਸ ਪਾਤਰ ਸੀ ਸੈਣੀ
* ਅਦਾਲਤ ਵਿਚ ਬਾਦਲ ਸਰਕਾਰ ਨੇ ਸੈਣੀ ਦੇ ਹਕ ਵਿਚ ਦਿਤੀ ਸੀ ਗਵਾਹੀ
* ਨਿਆਂ ਉਪਰ ਉਠੇ ਸੁਆਲ ਕਿ ਸਤਾਰਾਂ ਸਾਲ ਬਾਅਦ ਵੀ ਕੇਸ ਕਿਉਂ ਲਟਕ ਰਿਹਾ ਏ ,ਇਨਸਾਫ ਕਦੋਂ?
-ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਝਟਕਾ ਦਿੰਦਿਆਂ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਕਰਨ ਅਤੇ ਹੱਤਿਆ ਦੇ ਮਾਮਲੇ ਵਿਚ ਸੈਣੀ ਖ਼ਿਲਾਫ਼ ਦਰਜ ਨਵੀਂ ਐਫ.ਆਈ.ਆਰ. 'ਤੇ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ।ਸੁਮੇਧ ਸੈਣੀ ਨੇ ਸੁਪਰੀਮ ਕੋਰਟ ਵਿਚ ਪਾਈ ਪਟੀਸ਼ਨ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਸੀ ।ਸਰਬਉਚ ਅਦਾਲਤ ਨੇ ਪਟੀਸ਼ਨ ਖ਼ਾਰਜ ਕਰਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਆਦੇਸ਼ ਨੂੰ ਰੱਦ ਕਰਨ ਦਾ ਕੋਈ ਕਾਰਨ ਨਹੀਂ ਹੈ ।ਸੈਣੀ ਨੇ ਪਟੀਸ਼ਨ ਵਿਚ ਦਾਅਵਾ ਕਰਦਿਆਂ ਕਿਹਾ ਕਿ ਉਨ੍ਹਾਂ ਖ਼ਿਲਾਫ਼ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਸਿਆਸਤ ਤੋਂ ਪ੍ਰੇਰਿਤ ਹੋ ਕੇ ਸਾਜਿਸ਼ ਕੀਤੀ ਅਤੇ ਘਟਨਾ ਦੇ ਦਹਾਕਿਆਂ ਤੋਂ ਬਾਅਦ ਐਫ.ਆਈ.ਆਰ. ਦਰਜ ਕੀਤੀ ।ਜਸਟਿਸ ਐਮ.ਐਮ. ਸੁੰਦਰੇਸ਼ ਅਤੇ ਪੰਕਜ ਮਿੱਥਲ ਦੇ ਬੈਂਚ ਨੇ ਮਾਮਲੇ ਦੀ ਪ੍ਰਗਤੀ ਤੇ ਖ਼ਾਸ ਤੌਰ 'ਤੇ ਦੋਸ਼ ਪੱਤਰ ਦਾਖ਼ਲ ਕਰਨ ਨੂੰ ਆਪਣੇ ਫ਼ੈਸਲੇ ਦਾ ਆਧਾਰ ਮੰਨਿਆ । ਸੁਪਰੀਮ ਕੋਰਟ ਨੇ ਇਹ ਸਪੱਸ਼ਟ ਕੀਤਾ ਕਿ 8 ਸਤੰਬਰ, 2020 ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਪਿਛਲੇ ਫ਼ੈਸਲੇ ਦੀਆਂ ਟਿੱਪਣੀਆਂ 'ਤੇ ਚੱਲ ਰਹੀ ਹੇਠਲੀ ਅਦਾਲਤ ਦੀ ਕਾਰਵਾਈ ਪ੍ਰਭਾਵਿਤ ਨਹੀਂ ਹੋਵੇਗੀ ।
ਉਕਤ ਮਾਮਲਾ ਪੰਜਾਬ ਸੰਤਾਪ ਦੇ ਪ੍ਰਭਾਵਿਤ ਸਮੇਂ 1990 ਦੇ ਦਹਾਕੇ ਦਾ ਹੈ ।ਉਸ ਦੌਰਾਨ ਸੁਮੇਧ ਸੈਣੀ ਚੰਡੀਗੜ੍ਹ ਦੇ ਐਸ.ਐਸ.ਪੀ. ਸਨ । 1991 'ਚ ਸੈਣੀ 'ਤੇ ਖਾੜਕੂ ਹਮਲਾ ਹੋਇਆ ।ਉਸ ਹਮਲੇ ਵਿਚ ਸੈਣੀ ਦੀ ਸੁਰੱਖਿਆ 'ਚ ਤਾਇਨਾਤ 4 ਪੁਲਿਸ ਮੁਲਾਜ਼ਮ ਮਾਰੇ ਗਏ ਅਤੇ ਸੈਣੀ ਆਪ ਵੀ ਜ਼ਖ਼ਮੀ ਹੋ ਗਏ ।ਉਸੇ ਮਾਮਲੇ ਵਿਚ ਪੁਲਿਸ ਨੇ ਸੁਮੇਧ ਸੈਣੀ ਦੇ ਆਦੇਸ਼ 'ਤੇ ਸਾਬਕਾ ਆਈ.ਏ.ਐਸ. ਦੇ ਬੇਟੇ ਬਲਵੰਤ ਸਿੰਘ ਮੁਲਤਾਨੀ ਨੂੰ ਗਿ੍ਫ਼ਤਾਰ ਕੀਤਾ ।ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ ਵਿਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ। ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ ਸੀ।ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲਿਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ।
ਦਸੰਬਰ 1991 ਵਿਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ ਸੀ।
ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ 'ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।
ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 ਵਿਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।2008 ਵਿਚ ਸੀਬੀਆਈ ਨੇ ਸੁਪਰੀਮ ਕੋਰਟ ਵਿਚ ਆਪਣਾ ਹਲਫ਼ਨਾਮਾ ਸੌਂਪਿਆ ।
ਸੁਪਰੀਮ ਕੋਰਟ ਵਿਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ ਵਿਚ ਆਪਣਾ ਪੱਖ ਰਖਦਿਆਂ ਕਿਹਾ ਸੀ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਖਾੜਕੂਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।
ਦਸੰਬਰ 2011 ਵਿਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮਨਜੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।
ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ।
ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਅਨੁਸਾਰ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਸੀ।
ਹੁਣ ਸੁਆਲ ਅਦਾਲਤ ਦੀ ਨਿਆਂ ਉਪਰ ਹੈ ਕਿ ਅਜਿਹੇ ਬੁਰਛਾਗਰਦ ਪੁਲੀਸ ਅਫਸਰ ਦੇ ਮਾਮਲੇ ਵਿਚ ਸਤਾਰਾਂ ਸਾਲ ਬਾਅਦ ਵੀ ਕੇਸ ਲਟਕ ਕਿਉਂ ਰਿਹਾ ਹੈ।ਪੀੜਤ ਪਰਿਵਾਰ ਨੂੰ ਇਨਸਾਫ ਕਿਉਂ ਨਹੀਂ।
ਕੌਣ ਸੀ ਬਲਵੰਤ ਸਿੰਘ ਮੁਲਤਾਨੀ?
•ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।
•ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।
• ਬਲਵੰਤ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ।
•31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।
•ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਗਿ੍ਫਤਾਰੀ ਵੇਲੇ ਉਹ 28 ਸਾਲਾਂ ਦੇ ਸਨ।
ਕੈਪਟਨ ਤੇ ਬਾਦਲ ਦੋਵਾਂ ਦੇ ਰਹੇ ਭਰੋਸੇਮੰਦ
ਸਾਬਕਾ ਪੁਲਿਸ ਮੁਖੀ ਕੇ.ਪੀ.ਐੱਸ. ਗਿੱਲ ਦੇ ਕਰੀਬੀ ਸਮਝੇ ਜਾਂਦੇ ਸੁਮੇਧ ਸੈਣੀ ਸਰਕਾਰ ਦੀ ਗੋਲੀ ਬਦਲੇ ਗੋਲੀ ਦੀ ਨੀਤੀ ਨੂੰ ਲਾਗੂ ਕਰਨ ਵਾਲੇ ਪੰਜਾਬ ਪੁਲਿਸ ਦੇ ਮੋਹਰੀ ਅਫ਼ਸਰ ਵਿੱਚੋਂ ਸਨ।
2007 ਤੋਂ ਬਾਅਦ ਉਹ ਅਕਾਲੀ ਦਲ ਦੀ 10 ਸਾਲ ਦੀ ਸੱਤਾ ਦੌਰਾਨ ਅਹਿਮ ਭੂਮਿਕਾ ਵਿੱਚ ਰਹੇ। ਅਕਾਲੀ ਭਾਜਪਾ ਸਰਕਾਰ ਦੌਰਾਨ ਹੀ ਉਹ 2012 ਤੋਂ 2015 ਤੱਕ ਪੰਜਾਬ ਪੁਲਿਸ ਮੁਖੀ ਦੇ ਰਹੇ।
2009 ਵਿੱਚ ਭਾਰਤ ਦੇ ਸਾਬਕਾ ਚੀਫ਼ ਜਸਟਿਸ ਟੀਐੱਸ ਠਾਕੁਰ ਨੇ ਸੈਣੀ 'ਤੇ ਪੰਜਾਬ ਹਾਈਕੋਰਟ ਦੇ ਜੱਜਾਂ ਦੇ ਫੋਨ ਟੈਪ ਕਰਨ ਦਾ ਇਲਜ਼ਾਮ ਲਾਇਆ ਸੀ।
ਸੁਮੇਧ ਸਿੰਘ ਸੈਣੀ, ਕੈਪਟਨ ਅਮਰਿੰਦਰ ਦੇ ਪਹਿਲੇ ਕਾਰਜਕਾਲ ਦੌਰਾਨ ਉਨ੍ਹਾਂ ਦੇ ਭਰੋਸੇਯੋਗ ਅਫ਼ਸਰ ਸਨ।
ਅਕਾਲੀ ਸਰਕਾਰ ਦੌਰਾਨ ਕੈਪਟਨ 'ਤੇ ਲੁਧਿਆਣਾ ਦੇ ਸਿਟੀ ਸੈਂਟਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਵਿੱਚ ਸ਼ਾਮਲ ਹੋਣ ਦੇ ਇਲਜ਼ਾਮ ਲਾਏ ਗਏ ਸਨ।ਇਸ ਮਗਰੋਂ ਇਹ ਰਿਸ਼ਤੇ ਨਿੱਘਰਦੇ ਹੀ ਚਲੇ ਗਏ। ਇਹ ਇਲਜ਼ਾਮ ਲਾਏ ਜਾਣ ਸਮੇਂ ਸੁਮੇਧ ਸੈਣੀ ਪੰਜਾਬ ਵਿਜੀਲੈਂਸ ਵਿਭਾਗ ਦੇ ਮੁਖੀ (2007-12) ਸਨ।ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰ ਵਿੱਚ ਆਉਣ ਤੋਂ ਬਾਅਦ ਸਿਟੀ ਸੈਂਟਰ ਘੋਟਾਲਾ ਮਾਮਲੇ ਵਿੱਚ ਕਲੋਜ਼ਰ ਰਿਪੋਰਟ ਜਮਾਂ ਕਰਵਾ ਦਿੱਤੀ ਗਈ ਸੀ।
ਇਸ ਦੇ ਖਿਲਾਫ਼ ਸੈਣੀ ਨੇ ਲੁਧਿਆਣਾ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਗੁਰਬੀਰ ਸਿੰਘ ਦੀ ਅਦਾਲਤ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖਿਲਾਫ਼ ਅਰਜ਼ੀ ਦਾਇਰ ਕਰ ਦਿੱਤੀ।
14 ਅਕਤੂਬਰ 2015 ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਕੋਟਕਪੂਰਾ 'ਚ ਸਿੱਖਾਂ ਵੱਲੋਂ ਪ੍ਰਦਰਸ਼ਨ, ਜਿਸ ਉੱਤੇ ਪੁਲਿਸ ਵੱਲੋਂ ਲਾਠੀਚਾਰਜ ਹੋਇਆ। ਇਸੇ ਦਿਨ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਵਿਚ ਦੋ ਸਿੱਖ ਨੌਜਵਾਨਾਂ ਦੀ ਸ਼ਹਾਦਤ ਹੋ ਗਈ ਸੀ।
ਇਸ ਤੋਂ ਬਾਅਦ ਸਰਕਾਰ 'ਤੇ ਸੈਣੀ ਨੂੰ ਪੁਲਿਸ ਮੁਖੀ ਦੇ ਅਹੁਦੇ ਤੋਂ ਹਟਾਉਣ ਦਾ ਦਬਾਅ ਪਿਆ ਅਤੇ ਸੈਣੀ ਦੀ ਥਾਂ 1982 ਬੈਚ ਦੇ ਹੀ ਅਫ਼ਸਰ ਸੁਰੇਸ਼ ਅਰੋੜਾ ਨੂੰ ਪੁਲਿਸ ਮੁਖੀ ਨਿਯੁਕਤ ਕਰ ਦਿੱਤਾ ਗਿਆ।
ਸੁਮੇਧ ਸੈਣੀ ਬਾਰੇ ਜਾਣਕਾਰੀ
ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ 1982 ਬੈਚ ਦੇ ਆਈਪੀਐੱਸ ਅਫ਼ਸਰ ਹਨ। ਸੈਣੀ 6 ਜ਼ਿਲ੍ਹਿਆਂ ਦੇ ਐਸਐਸਪੀ ਰਹਿ ਚੁੱਕੇ ਹਨ।
ਸੁਮੇਧ ਸੈਣੀ ਬਟਾਲਾ, ਫਿਰੋਜ਼ਪੁਰ, ਲੁਧਿਆਣਾ, ਬਠਿੰਡਾ, ਰੂਪਨਗਰ ਤੇ ਚੰਡੀਗੜ੍ਹ ਦੇ ਐੱਸਐੱਸਪੀ ਰਹੇ ਹਨ।
ਅਗਸਤ 1991 ਵਿੱਚ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸੀ ਉਸ ਦੌਰਾਨ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਵਿੱਚ ਸੁਮੇਧ ਤਾਂ ਬਚ ਗਏ ਪਰ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ।
ਸੈਣੀ ਉੱਪਰ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਅਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਲੰਬਾ ਸਮਾਂ ਚੱਲਿਆ।
ਵਿਨੋਦ ਦੀ ਮਾਂ ਨੇ ਸੁਮੇਧ ਖਿਲਾਫ 24 ਸਾਲ ਅਦਾਲਤੀ ਮੁਕੱਦਮਾ ਲੜਿਆ ਅਤੇ 100 ਸਾਲ ਦੀ ਉਮਰ ਵਿੱਚ ਉਨ੍ਹਾਂ ਦੀ ਮੌਤ ਹੋ ਗਈ।
ਸਾਲ 1994 ਤੋਂ ਜਾਰੀ ਅਦਾਲਤੀ ਕਾਰਵਾਈ ਅਜੇ ਵੀ ਜਾਰੀ ਹੈ।
ਚੰਡੀਗੜ੍ਹ ਵਿੱਚ ਉਹ ਫੌਜ ਦੇ ਲੈਫਟੀਨੈਂਟ ਕਰਨਲ ਦੇ ਥੱਪੜ ਮਾਰਨ ਅਤੇ ਬਠਿੰਡਾ ਵਿੱਚ ਐੱਸਐੱਸਪੀ ਰਹਿੰਦਿਆਂ ਡਿਪਟੀ ਕਮਿਸ਼ਨਰ ਦੀ ਪਾਰਟੀ ਵਿੱਚ ਇੱਕ ਇੰਜਨੀਅਰ ਨਾਲ ਖਿੱਚਧੂਹ ਕਰਨ ਕਰਕੇ ਵਿਵਾਦਾਂ ਵਿੱਚ ਆਏ ਸਨ।
Comments (0)