ਮਾਮਲਾ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ

ਮਾਮਲਾ ਗੁਰਮੀਤ ਸਿੰਘ ਬੁੱਕਣਵਾਲਾ ਨੂੰ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਣ ਦਾ

ਹਾਈ ਕੋਰਟ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਜਾਰੀ ਕੀਤਾ ਨੋਟਿਸ , ਮੰਗਿਆ ਜਵਾਬ

ਅੰਮ੍ਰਿਤਸਰ ਟਾਈਮਜ਼ ਬਿਊਰੋ 

 ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸਾਥੀ ਗੁਰਮੀਤ ਸਿੰਘ ਬੁੱਕਣਵਾਲਾ ਦੀ ਪਟੀਸ਼ਨ 'ਤੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਬੁੱਕਣਵਾਲਾ ਨੇ ਆਪਣੀ ਪਟੀਸ਼ਨ ਵਿੱਚ ਆਪਣੀ ਕੈਦ ਨੂੰ ਚੁਣੌਤੀ ਦੇਣ ਵਾਲੇ ਐਨਐਸਏ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।ਪਟੀਸ਼ਨ ਵਿੱਚ ਦੋਸ਼ ਲਾਇਆ ਗਿਆ ਹੈ ਕਿ ਉਸ ਨੂੰ ਗ਼ੈਰ-ਕਾਨੂੰਨੀ ਹਿਰਾਸਤ ਵਿੱਚ ਰੱਖਿਆ ਗਿਆ ਹੈ। ਹਾਈ ਕੋਰਟ ਦੀ ਜਸਟਿਸ ਮੰਜਰੀ ਨਹਿਰੂ ਕੌਲ ਨੇ ਸਾਰੇ ਬਚਾਅ ਪੱਖ ਨੂੰ ਇਸ ਮਾਮਲੇ ਵਿੱਚ 10 ਜੁਲਾਈ ਤੱਕ ਜਵਾਬ ਦਾਖ਼ਲ ਕਰਨ ਦਾ ਹੁਕਮ ਦਿੱਤਾ ਹੈ। ਪਟੀਸ਼ਨ ਮੁਤਾਬਕ ਅੰਮ੍ਰਿਤਪਾਲ ਨੂੰ ਗ੍ਰਿਫ਼ਤਾਰ ਕਰਨ ਲਈ 18 ਮਾਰਚ ਨੂੰ ਪੰਜਾਬ ਵਿੱਚ ਇੱਕ ਮੈਗਾ ਆਪ੍ਰੇਸ਼ਨ ਚਲਾਇਆ ਗਿਆ ਸੀ।ਉਸੇ ਦਿਨ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਅਤੇ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾ ਕੇ ਉਨ੍ਹਾਂ ਨੂੰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ, ਜਿਸ ਵਿੱਚ ਗੁਰਮੀਤ ਸਿੰਘ ਬੁੱਕਣਵਾਲਾ ਵੀ ਸੀ। ਬੁੱਕਣਵਾਲਾ 'ਤੇ 23 ਫਰਵਰੀ ਨੂੰ ਅਜਨਾਲਾ ਥਾਣੇ 'ਤੇ ਹੋਏ ਹਮਲੇ ਵਿਚ ਸ਼ਾਮਲ ਹੋਣ ਦਾ ਦੋਸ਼ ਹੈ, ਗੁਰਮੀਤ 'ਤੇ ਇਹ ਵੀ ਦੋਸ਼ ਹੈ ਕਿ ਉਸ ਨੇ ਅੰਮ੍ਰਿਤਪਾਲ ਲਈ ਨੌਜਵਾਨਾਂ ਨੂੰ ਉਕਸਾਇਆ ਸੀ, ਯਾਨੀ ਕਿ ਸਥਾਨਕ ਨੈੱਟਵਰਕ ਬਣਾ ਕੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਸੀ। 

ਬੁੱਕਣਵਾਲਾ ਨੇ ਆਪਣੀ ਪਟੀਸ਼ਨ ਵਿਚ ਕਿਹਾ ਹੈ ਕਿ 23 ਫਰਵਰੀ ਨੂੰ ਜਿਸ ਦਿਨ ਅਜਨਾਲਾ ਥਾਣੇ 'ਤੇ ਹਮਲਾ ਹੋਇਆ ਸੀ, ਉਸ ਦਿਨ ਉਹ ਜੇਲ੍ਹ ਵਿਚ ਸੀ ਅਤੇ ਸ਼ਾਮ ਨੂੰ ਪੰਜ ਵਜੇ ਰਿਹਾਅ ਹੋ ਗਿਆ ਸੀ, ਇਸ ਲਈ ਉਹ ਹਮਲੇ ਵਿਚ ਸ਼ਾਮਲ ਨਹੀਂ ਸੀ, ਇਹ ਦੋਸ਼ ਸਰਾਸਰ ਗਲਤ ਹੈ।