ਬੁਚੜ ਸਾਬਕਾ ਪੁਲਿਸ ਅਫਸਰ ਸੈਣੀ ਮਾਮਲੇ ਵਿਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ!

ਬੁਚੜ ਸਾਬਕਾ ਪੁਲਿਸ ਅਫਸਰ ਸੈਣੀ ਮਾਮਲੇ ਵਿਚ ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਨੋਟਿਸ!

*ਸੈਣੀ ਡਰਿਆ ਕਿ ਪੁਲਿਸ ਮੈਨੂੰ ਗਿ੍ਫਤਾਰ ਕਰਨਾ ਚਾਹੁੰਦੀ ਏ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਚੰਡੀਗੜ੍ਹ – 30 ਸਾਲ ਪੁਰਾਣੇ ਕੇਸ ਵਿਚ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ  ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ  ਦਾ ਦਰਵਾਜ਼ਾ ਖੜਕਾਇਆ ਹੈ। ਇਸ ਮਾਮਲੇੇ  ਵਿਚ ਸੈਣੀ ਨੇ ਦਲੀਲ ਦਿੰਦਿਆਂਂ ਕਿਹਾ ਕਿ ਉਸ ਨੂੰ ਸਿਆਸੀ ਕਾਰਨਾਂ ਕਰਕੇ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ। ਪੁਲਿਸ ਉਸ ਨੂੰ ਹਰ ਕੀਮਤ ਤੇ ਗ੍ਰਿਫਤਾਰ ਕਰਨਾ ਚਾਹੁੰਦੀ ਹੈ। ਸਿਰਫ ਤੇ ਸਿਰਫ ਉਨ੍ਹਾਂ ਨੂੰ ਸਿਆਸਤ ਨੂੰ ਲੈ ਕੇ ਤੰਗ ਕੀਤਾ ਜਾ ਰਿਹਾ  ਹੈ।

ਇਸੇ ਲਈ 1991 ਦੇ ਕੇਸ ਵਿੱਚ ਤੀਹ ਸਾਲ ਦੀ ਦੇਰੀ ਤੋਂ ਬਾਅਦ 2020 ਵਿੱਚ ਕੇਸ ਦਰਜ ਕੀਤਾ ਗਿਆ ਸੀ। ਉਸ ਨੇ ਐਫਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਅਦਾਲਤ ਨੇ ਹੁਣ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਮਾਮਲੇ ਦੀ ਅਗਲੀ ਸੁਣਵਾਈ 25 ਨਵੰਬਰ ਲਈ ਤੈਅ ਕੀਤੀ ਗਈ ਹੈ।

ਕੀ ਹੈ ਪੂਰਾ ਮਾਮਲਾ?

•ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਵਲੋਂ ਕੀਤੀ ਗਈ ਸ਼ਿਕਾਇਤ ਅਨੁਸਾਰ, ਉਨ੍ਹਾਂ ਨੂੰ 11 ਦਸੰਬਰ 1991 ਨੂੰ ਤੜਕੇ 4 ਵਜੇ ਦੇ ਕਰੀਬ ਉਨ੍ਹਾਂ ਦੇ ਮੋਹਾਲੀ ਸਥਿਤ ਆਵਾਸ ਤੋਂ ਪੁਲਿਸ ਨੇ ਹਿਰਾਸਤ ਵਿਚ ਲਿਆ ਗਿਆ ਸੀ। ਉਸ ਵੇਲੇ ਕੁਝ ਹੋਰ ਲੋਕਾਂ ਨੂੰ ਵੀ ਹਿਰਾਸਤ ਵਿਚ ਲਿਆ ਗਿਆ ਸੀ।

•ਸ਼ਿਕਾਇਤ ਮੁਤਾਬਕ ਇਲਜ਼ਾਮ ਹੈ ਕਿ ਚੰਡੀਗੜ੍ਹ ਪੁਲਿਸ ਨੇ ਦੋ ਦਿਨ ਟਾਰਚਰ ਕਰਨ ਤੋਂ ਬਾਅਦ 13 ਦਸੰਬਰ ਨੂੰ ਐੱਫ਼ਆਈਆਰ ਦਰਜ ਕਰ ਲਈ ਸੀ, ਜਿਸ ਵਿੱਚ ਉਸ ਵੇਲੇ ਦੇ ਚੰਡੀਗੜ੍ਹ ਦੇ ਐੱਸਐੱਸਪੀ ਸੁਮੇਧ ਸਿੰਘ ਸੈਣੀ 'ਤੇ ਹੋਏ ਹਮਲੇ ਵਿਚ ਉਸ ਦਾ ਹੱਥ ਦੱਸਿਆ ਗਿਆ ਸੀ।

•ਚੰਡੀਗੜ੍ਹ ਪੁਲਿਸ ਦੀ ਹਿਰਾਸਤ ਵਿਚ ਕੁਲ 7 ਦਿਨਾਂ ਤੱਕ ਟਾਰਚਰ ਕਰਨ ਤੋਂ ਬਾਅਦ ਬਲਵੰਤ ਨੂੰ ਕਾਦੀਆਂ (ਗੁਰਦਾਸਪੁਰ) ਥਾਣੇ ਲੈ ਜਾਇਆ ਗਿਆ ਅਤੇ ਉੱਥੇ ਉਸ ਨੂੰ ਫਰਾਰ ਘੋਸ਼ਿਤ ਕਰਕੇ ਉਸ ਖਿਲਾਫ਼ ਇੱਕ ਹੋਰ ਐਫ਼ਆਈਆਰ ਦਰਜ ਕੀਤੀ ਗਈ ਸੀ।

•ਦਸੰਬਰ 1991 ਵਿਚ ਬਲਵੰਤ ਦੇ ਪਿਤਾ ਅਤੇ ਆਈਏਐੱਸ ਅਫ਼ਸਰ ਦਰਸ਼ਨ ਸਿੰਘ ਮੁਲਤਾਨੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਦਿਆਂ ਉਨ੍ਹਾਂ ਦੇ ਬੇਟੇ ਬਲਵੰਤ ਨੂੰ ਅਦਾਲਤ ਵਿਚ ਪੁਲਿਸ ਵਲੋਂ ਪੇਸ਼ ਕਰਾਉਣ ਲਈ ਕਿਹਾ।

•ਪਰ ਅਦਾਲਤ ਨੇ ਇਸ ਦਾਅਵੇ ਦੇ ਆਧਾਰ 'ਤੇ ਪਟੀਸ਼ਨ ਖਾਰਿਜ ਕਰ ਦਿੱਤੀ ਕਿ ਬਲਵੰਤ ਪੁਲਿਸ ਹਿਰਾਸਤ ਤੋਂ ਭੱਜ ਗਿਆ ਸੀ ਅਤੇ ਉਸ ਦੇ ਠਿਕਾਨੇ ਬਾਰੇ ਹੁਣ ਕਿਸੇ ਨੂੰ ਨਹੀਂ ਪਤਾ।

•ਪਰਿਵਾਰ ਦਾ ਕਹਿਣਾ ਸੀ ਕਿ ਬਲਵੰਤ ਦੀ ਪੁਲਿਸ ਤਸ਼ੱਦਦ ਦੌਰਾਨ ਮੌਤ ਹੋਈ ਹੈ।

•ਹਾਈਕੋਰਟ ਦੇ ਹੁਕਮਾਂ ਤੋਂ ਬਾਅਦ ਸਾਲ 2007 ਵਿਚ ਇਹ ਕੇਸ ਸੀਬੀਆਈ ਨੂੰ ਸੌਂਪ ਦਿਤਾ ਗਿਆ।

•2008 ਵਿਚ ਸੀਬੀਆਈ ਨੇ ਸੁਪਰੀਮ ਕੋਰਟ 'ਚ ਆਪਣਾ ਹਲਫ਼ਨਾਮਾ ਸੌਂਪਿਆ ।

•ਸੁਪਰੀਮ ਕੋਰਟ ਵਿਚ ਉਸ ਵੇਲੇ ਦੀ ਅਕਾਲੀ ਸਰਕਾਰ ਨੇ ਸੈਨੀ ਦੇ ਹੱਕ ਵਿਚ ਆਪਣਾ ਪੱਖ ਰਖਦਿਆਂ ਕਿਹਾ ਕਿ ਸੈਨੀ ਵਰਗੇ ਇਮਾਨਦਾਰ ਪੁਲਿਸ ਅਧਿਕਾਰੀ ਨੇ ਪੰਜਾਬ ਤੋਂ ਖਾੜਕੂਵਾਦ ਖ਼ਤਮ ਕਰਨ ਦੀ ਹਮੇਸ਼ਾ ਕੋਸ਼ਿਸ਼ ਕੀਤੀ ਹੈ।

•ਦਸੰਬਰ 2011 ਵਿਚ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੀ ਅਪੀਲ ਨੂੰ ਮੰਜ਼ੂਰੀ ਦਿਤੀ ਅਤੇ ਹਾਈਕੋਰਟ ਦੇ ਆਦੇਸ਼ਾਂ ਨੂੰ ਗ਼ਲਤ ਘੋਸ਼ਿਤ ਕੀਤਾ।

•ਬਲਵੰਤ ਸਿੰਘ ਮੁਲਤਾਨੀ ਦੇ ਭਰਾ ਪਲਵਿੰਦਰ ਸਿੰਘ ਮੁਲਤਾਨੀ ਦੀ ਸ਼ਿਕਾਇਤ 'ਤੇ 7 ਮਈ 2020 ਨੂੰ ਮੁੜ੍ਹ ਤੋਂ ਸੁਮੇਧ ਸਿੰਘ ਸੈਣੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।

•ਪਲਵਿੰਦਰ ਮੁਲਤਾਨੀ ਵਲੋਂ ਕੇਸ ਲੜ ਰਹੇ ਵਕੀਲ ਪ੍ਰਦੀਪ ਵਿਰਕ ਨੇ ਦੱਸਿਆ ਕਿ ਸੈਣੀ ਅਤੇ 7 ਹੋਰਾਂ ਖ਼ਿਲਾਫ਼ ਧਾਰਾ 364, 201, 344, 330 ਅਤੇ 120ਬੀ ਦੇ ਨਾਲ ਅਦਾਲਤ ਦੇ ਹੁਕਮਾਂ ਤੋਂ ਬਾਅਦ ਧਾਰਾ 302 (ਕਤਲ਼ ਦੀ ਧਾਰਾ) ਵੀ ਜੋੜ ਲਈ ਗਈ ਸੀ।

ਕੌਣ ਸੀ ਬਲਵੰਤ ਸਿੰਘ ਮੁਲਤਾਨੀ?

•ਬਲਵੰਤ ਸਿੰਘ ਮੁਲਤਾਨੀ ਤਤਕਾਲੀ ਆਈਏਐੱਸ ਅਧਿਕਾਰੀ ਦਰਸ਼ਨ ਸਿੰਘ ਮੁਲਤਾਨੀ ਦੇ ਪੁੱਤਰ ਸਨ।

•ਬਲਵੰਤ ਸਿੰਘ ਚੰਡੀਗੜ੍ਹ ਇੰਡਸਟ੍ਰਿਅਲ ਐਂਡ ਟੂਰਿਜ਼ਮ ਡਿਵੈਲਪਮੈਂਟ ਕੌਰਪੋਰੇਸ਼ਨ (ਸਿਟਕੋ) ਵਿੱਚ ਕੰਮ ਕਰਦੇ ਸਨ।

• ਬਲਵੰਤ ਸਿੰਘ ਨੇ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਹਾਸਲ ਕੀਤੀ ਹੋਈ ਸੀ ਅਤੇ ਉਹ ਮਈ, 1989 ਤੋਂ ਚੰਡੀਗੜ੍ਹ ਵਿੱਚ ਹੀ ਸਿਟਕੋ ਵਿੱਚ ਜੂਨੀਅਰ ਇੰਜੀਨੀਅਰ ਵਜੋਂ ਕੰਮ ਕਰ ਰਹੇ ਸਨ।

•31 ਦਸੰਬਰ, 1991 ਤੱਕ ਉਨ੍ਹਾਂ ਨੂੰ ਐਸ.ਡੀ.ਓ ਵਜੋਂ ਤਰੱਕੀ ਦਿੱਤੀ ਜਾਣੀ ਸੀ।

•ਉਨ੍ਹਾਂ ਦਾ ਅਜੇ ਵਿਆਹ ਨਹੀਂ ਹੋਇਆ ਸੀ ਅਤੇ ਹਾਦਸੇ ਵੇਲੇ ਉਹ 28 ਸਾਲਾਂ ਦੇ ਸਨ।