ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਸੁਲਤਾਨਪੁਰ ਲੋਧੀ ’ਚ ਛਾਉਣੀ ਨਿਹੰਗ ਸਿੰਘਾਂ ਅੰਦਰ ਵਾਪਰੀ ਘਟਨਾ ਮੰਦਭਾਗੀ- ਐਡਵੋਕੇਟ ਧਾਮੀ

ਅੰਮ੍ਰਿਤਸਰ ਟਾਈਮਜ਼ ਬਿਊਰੋ 

ਨਵੀਂ ਦਿੱਲੀ, 23 ਨਵੰਬਰ (ਮਨਪ੍ਰੀਤ ਸਿੰਘ ਖਾਲਸਾ):-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਤੇ ਕੱਲ੍ਹ ਗੁਰਦੁਆਰਾ ਅਕਾਲ ਬੁੰਗਾ ਸਾਹਿਬ ਯਾਦਗਾਰ ਨਵਾਬ ਕਪੂਰ ਸਿੰਘ ਛਾਉਣੀ ਨਿਹੰਗ ਸਿੰਘਾਂ ਸੁਲਤਾਨਪੁਰ ਲੋਧੀ ਵਿਖੇ ਹੋਏ ਟਕਰਾਅ ਦੀ ਘਟਨਾ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਅਜਿਹੀ ਘਟਨਾ ਦੁਖਦਾਈ ਹੈ। ਗੁਰਦੁਆਰਾ ਸਾਹਿਬਾਨ ਅਤੇ ਸਿੱਖ ਜਥੇਬੰਦੀਆਂ ਦੇ ਅਸਥਾਨਾਂ ਨਾਲ ਸੰਗਤ ਦੀਆਂ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ, ਜਿਥੇ ਟਕਰਾਅ ਵਾਲੀ ਅਤੇ ਤਲਖ਼ ਸਥਿਤੀ ਠੀਕ ਨਹੀਂ ਹੈ। ਉਨ੍ਹਾਂ ਸਬੰਧਤ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਉਹ ਮਾਮਲੇ ਨੂੰ ਮਿਲ ਬੈਠ ਕੇ ਹੱਲ ਕਰਨ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮ ਸੁਲਤਾਨਪੁਰ ਲੋਧੀ ਵਿਖੇ ਸਥਿਤ ਗੁਰਦੁਆਰਾ ਸ੍ਰੀ ਬੇਰ ਸਾਹਿਬ ਅੰਦਰ ਸ਼ਰਧਾ ਤੇ ਸਤਿਕਾਰ ਨਾਲ ਮਨਾਏ ਜਾ ਰਹੇ ਹਨ। 27 ਨਵੰਬਰ ਨੂੰ ਪ੍ਰਕਾਸ਼ ਗੁਰਪੁਰਬ ਦੇ ਮੱਦੇਨਜ਼ਰ ਵੱਡੀ ਗਿਣਤੀ ਵਿਚ ਸੰਗਤਾਂ ਲਗਤਾਰ ਗੁਰਦੁਆਰਾ ਸਾਹਿਬਾਨ ਅੰਦਰ ਪਹੁੰਚ ਰਹੀਆਂ ਹਨ, ਜਿਨ੍ਹਾਂ ਦੀਆਂ ਭਾਵਨਾਵਾਂ ਅਤੇ ਸ਼ਰਧਾ ਨੂੰ ਠੇਸ ਨਹੀਂ ਪਹੁੰਚਣੀ ਚਾਹੀਦੀ।