ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ: ਪੰਜਾਬ ਸਰਕਾਰ

ਤਿੰਨਾਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕੁੱਝ ਵੀ ਮਨਜ਼ੂਰ ਨਹੀਂ: ਪੰਜਾਬ ਸਰਕਾਰ

ਅੰਮ੍ਰਿਤਸਰ ਟਾਈਮਜ਼ ਬਿਊਰੋ

ਪੰਜਾਬ ਵਜਾਰਤ ਨੇ ਅਹਿਮ ਬੈਠਕ ਕਰਕੇ ਸੁਪਰੀਮ ਕੋਰਟ ਦੇ ਖੇਤੀ ਕਾਨੂੰਨਾਂ ਸਬੰਧੀ ਹੁਕਮਾਂ ਦੀ ਨਜ਼ਰਸਾਨੀ ਕਰਨ ਮਗਰੋਂ ਕਿਹਾ ਕਿ ਤਿੰਨੋਂ ਕੇਂਦਰੀ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਘੱਟ ਕਿਸੇ ਵੀ ਗੱਲ 'ਤੇ ਸਹਿਮਤੀ ਨਹੀਂ ਕੀਤੀ ਜਾ ਸਕਦੀ। 

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੋਈ ਬੈਠਕ ਵਿਚ ਤਿੰਨਾਂ ਖੇਤੀ ਕਾਨੂੰਨਾਂ ਨੂੰ ਕਿਸਾਨ ਵਿਰੋਧੀ, ਦੇਸ਼ ਵਿਰੋਧੀ ਅਤੇ ਦੇਸ਼ ਦੀ ਸੁਰੱਖਿਆ ਲਈ ਖਤਰੇ ਵਾਲੇ ਦੱਸਿਆ ਗਿਆ। 

ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਜ਼ਮੀਨੀ ਹਕੀਕਤਾਂ ਨੂੰ ਦੇਖ ਨਹੀਂ ਰਹੀ। ਪੰਜਾਬ ਵਜ਼ਾਰਤ ਨੇ ਅੱਜ ਚੌਕਸ ਵੀ ਕੀਤਾ ਕਿ ਜੇ ਇਹ ਮੁੱਦਾ ਅਣਸੁਲਝਿਆ ਰਿਹਾ ਤਾਂ ਦੇਸ਼ ਨੂੰ ਕਈ ਦਹਾਕਿਆਂ ਤੱਕ ਭਾਰੀ ਕੀਮਤ ਚੁਕਾਉਣੀ ਪਵੇਗੀ। ਇਸ ਕਰਕੇ ਭਾਰਤ ਸਰਕਾਰ ਇਸ ਮਸਲੇ ਨੂੰ ਹਊਮੈ ਦਾ ਸੁਆਲ ਨਾ ਬਣਾਵੇ।

ਬੈਠਕ ਦੌਰਾਨ ਕਿਸਾਨੀ ਘੋਲ ਵਿਚ ਮਰਨ ਵਾਲੇ ਲੋਕਾਂ ਨੂੰ 2 ਮਿੰਟ ਦਾ ਮੋਨ ਰੱਖ ਕੇ ਸ਼ਰਧਾਂਜਲੀ ਦਿੱਤੀ ਗਈ। ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ ਹੀ ਪੰਜਾਬ ਵਜਾਰਤ ਨੇ ਮੰਗ ਕੀਤੀ ਕਿ ਘੱਟੋ ਘੱਟ ਸਮਰਥਨ ਮੁੱਲ ਨੂੰ ਕਿਸਾਨਾਂ ਦਾ ਕਾਨੂੰਨੀ ਹੱਕ ਬਣਾਇਆ ਜਾਵੇ।