ਟਰਾਂਸਪੋਰਟ ਮੰਤਰੀ ਭੁੱਲਰ ਘਿਰੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਵਿਚ  

ਟਰਾਂਸਪੋਰਟ ਮੰਤਰੀ ਭੁੱਲਰ ਘਿਰੇ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੇ ਮਾਮਲੇ 'ਵਿਚ  

*ਖਹਿਰਾ ,ਭਾਜਪਾ ਨੇ ਮਾਨ ਤੇ ਕੇਜਰੀਵਾਲ ਤੋਂ ਮੰਗਿਆ ਜਵਾਬ       

ਅੰਮ੍ਰਿਤਸਰ ਟਾਈਮਜ਼

ਜਲੰਧਰ-ਰਾਜ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਦਾ ਪਿਛਲੇ ਸਮੇਂ ਦੌਰਾਨ ਤੇਜ਼ ਰਫਤਾਰ ਗੱਡੀ 'ਤੇ ਸਟੰਟ ਕਰਨ ਦਾ ਮਾਮਲਾ ਅਜੇ ਠੰਡਾ ਹੋਇਆ ਸੀ ਕਿ ਉਹ ਹੁਣ ਇਕ ਹੋਰ ਨਵੇਂ ਮਾਮਲੇ ਵਿਚ ਘਿਰਦੇ ਨਜ਼ਰ ਆ ਰਹੇ ਹਨ ।ਇਸ ਵਾਰ ਉਹ ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਸਮੇਂ ਸਵਰਗੀ ਦੀਪ ਸਿੱਧੂ ਵਲੋਂ ਬਣਾਈ ਇਕ ਵੀਡੀਓ ਵਿਚ ਨਜ਼ਰ ਆਉਣ ਕਾਰਨ ਚਰਚਾ ਵਿਚ ਹਨ । ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਸਮੇਂ ਦੀਪ ਸਿੱਧੂ ਨਾਲ ਉਨ੍ਹਾਂ ਦੀ ਵੀਡੀਓ ਸ਼ੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ । ਹਾਲਾਂਕਿ ਉਸ ਸਮੇਂ ਉਹ ਮੰਤਰੀ ਦੇ ਅਹੁਦੇ 'ਤੇ ਨਹੀਂ ਸਨ ਪਰ ਦਿੱਲੀ ਪੁਲਿਸ ਵਲੋਂ ਇਸ ਮਾਮਲੇ ਵਿਚ ਦੀਪ ਸਿੱਧੂ ਸਮੇਤ ਕਈ ਹੋਰਨਾਂ ਵਿਅਕਤੀਆਂ 'ਤੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗਿ੍ਫਤਾਰ ਕਰ ਲਿਆ ਗਿਆ ਸੀ ।ਆਮ ਆਦਮੀ ਪਾਰਟੀ ਦੇ ਕਈ ਸੀਨੀਅਰ ਆਗੂ ਦੀਪ ਸਿੱਧੂ ਵਲੋਂ ਲਾਲ ਕਿਲ੍ਹੇ 'ਤੇ ਝੰਡਾ ਲਹਿਰਾਉਣ ਦੀ ਕਾਰਵਾਈ ਦਾ ਵਿਰੋਧ ਕਰਦੇ ਰਹੇ ਹਨ ਤੇ ਹੁਣ ਇਹ ਨਵੀਂ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜਿੱਥੇ ਕੈਬਨਿਟ ਮੰਤਰੀ ਭੁੱਲਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ, ਉਥੇ ਸਰਕਾਰ ਨੂੰ ਵੀ ਇਸ ਮਾਮਲੇ ਵਿਚ ਜਵਾਬ ਦੇਣਾ ਪੈ ਸਕਦਾ ਹੈ । ਇਸ ਮਾਮਲੇ 'ਤੇ ਵਿਰੋਧੀ ਪਾਰਟੀਆਂ ਨੇ ਵੀ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਘੇਰਿਆ ਹੈ ।

  ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵਿੱਟਰ 'ਤੇ ਵੀਡੀਓ ਜਾਰੀ ਕਰਦੇ ਹੋਏ ਮੁੱਖ ਮੰਤਰੀ ਮਾਨ ਅਤੇ ਅਰਵਿੰਦ ਕੇਜਰੀਵਾਲ ਤੋਂ ਜਵਾਬ ਮੰਗਿਆ ਹੈ  ਕਿ ਕਿਰਪਾ ਕਰਕੇ ਸਪੱਸ਼ਟ ਕਰੋ ਕਿ ਕੀ ਤੁਹਾਡੇ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਦੀਪ ਸਿੱਧੂ ਨਾਲ ਲਾਲ ਕਿਲੇ 'ਤੇ ਕੇਸਰੀ ਨਿਸ਼ਾਨ ਸਾਹਿਬ ਲਹਿਰਾਉਣ ਦਾ ਹਿੱਸਾ ਹਨ? ਜੇਕਰ ਹਾਂ ਤਾਂ ਸਾਡਾ ਮੁੱਖ ਮੰਤਰੀ ਉਨ੍ਹਾਂ ਨੂੰ ਦੇਸ਼ ਵਿਰੋਧੀ ਕਿਵੇਂ ਕਹਿੰਦਾ ਹੈ ਅਤੇ ਉਨ੍ਹਾਂ ਨੂੰ ਆਪਣੀ ਕੈਬਨਿਟ ਵਿੱਚ ਮੰਤਰੀ ਕਿਵੇਂ ਰੱਖਦਾ ਹੈ ?  ਹਾਲਾਂਕਿ ਕੇਜਰੀਵਾਲ ਜਾਂ ਮਾਨ ਦੀ ਇਸ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਵੀਡੀਓ ਵਾਇਰਲ ਹੋਣ 'ਤੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਜੀਵਨ ਗੁਪਤਾ ਨੇ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਿਹਾ ਕਿ ਲਾਲਜੀਤ ਸਿੰਘ ਭੁੱਲਰ ਨੂੰ ਤੁਰੰਤ ਮੰਤਰੀ ਦੇ ਅਹੁਦੇ 'ਤੇ ਹਟਾ ਕੇ ਉਸ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ । ਜੀਵਨ ਗੁਪਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਵੱਡੇ-ਵੱਡੇ ਦਾਅਵੇ ਕਰਦੇ ਹਨ ਕਿ ਉਨ੍ਹਾਂ ਦੀ ਪਾਰਟੀ ਰਾਸ਼ਟਰਵਾਦੀ ਪਾਰਟੀ ਹੈ, ਪਰ ਉਨ੍ਹਾਂ ਦੀ ਪਾਰਟੀ ਦੇ ਪੰਜਾਬ ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਲਾਲ ਕਿਲ੍ਹੇ 'ਤੇ ਕੌਮੀ ਝੰਡੇ ਦੇ ਵਿਰੋਧ ਅਤੇ ਅਪਮਾਨ ਸਮੇਂ ਉਥੇ ਮੌਜੂਦ ਸਨ ।