ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨੱਚਦਿਆਂ ਵੀਡੀਓ ਬਣਾ ਕੇ ਟਿੱਕ-ਟਾਕ 'ਤੇ ਪਾਉਣ ਵਾਲੇ ਦੋ ਗ੍ਰਿਫਤਾਰ
ਅੰਮ੍ਰਿਤਸਰ: ਟਿੱਕ-ਟਾਕ ਅਤੇ ਹੋਰ ਸੋਸ਼ਲ ਮੀਡੀਆਂ ਐਪਲੀਕੇਸ਼ਨਾਂ ਨੇ ਲੋਕਾਂ ਦੇ ਦਿਮਾਗਾਂ ਨੂੰ ਇਸ ਹੱਦ ਤੱਕ ਖਰਾਬ ਕਰ ਦਿੱਤਾ ਹੈ ਕਿ ਉਹ ਊਲ-ਜ਼ਲੂਲ ਹਰਕਤਾਂ ਕਰਨ ਲੱਗਿਆਂ ਕਿਸੇ ਥਾਂ ਦੀ ਪਵਿੱਤਰਤਾ ਅਤੇ ਮਰਿਆਦਾ ਦਾ ਵੀ ਧਿਆਨ ਨਹੀਂ ਕਰਦੇ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਟਿੱਕ-ਟਾਕ 'ਤੇ ਗੀਤਾਂ ਉੱਤੇ ਨੱਚਦਿਆਂ ਦੀਆਂ ਵੀਡੀਓ ਬਣਾਉਣ ਦੇ ਕਈ ਕਈ ਮਾਮਲੇ ਸਾਹਮਣੇ ਆ ਚੁੱਕੇ ਹਨ। ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ ਜਿਸ ਵਿੱਚ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੀ ਪਰਿਕਰਮਾ ਵਿੱਚ ਗੀਤ ’ਤੇ ਨਾਚ ਕਰਦੇ ਦੋ ਨੌਜਵਾਨਾਂ ਦੀ ਵੀਡੀਓ ਵਾਇਰਲ ਹੋਈ ਹੈ। ਸ਼੍ਰੋਮਣੀ ਕਮੇਟੀ ਦੀ ਸ਼ਿਕਾਇਤ 'ਤੇ ਇਸ ਮਾਮਲੇ ਵਿਚ ਕਾਰਵਾਈ ਕਰਦਿਆਂ ਪੁਲੀਸ ਨੇ ਹਰਿਆਣਾ ਦੇ ਯਮੁਨਾਨਗਰ ਦੇ ਰਹਿਣ ਵਾਲੇ ਦੋ ਨੌਜਵਾਨਾਂ ਨੂੰ ਧਾਰਮਿਕ ਭਾਵਨਾਵਾਂ ਨੂੰ ਸੱਟ ਮਾਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸਰਵਜੀਤ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ।
ਇਹ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਇਸ ਸਬੰਧੀ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਇਸ ਵੀਡੀਓ ਵਿੱਚ ਇਹ ਨੌਜਵਾਨ ਇਕ ਪੰਜਾਬੀ ਗੀਤ ਦੀ ਧੁਨ ’ਤੇ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਵਿੱਚ ਨ੍ਰਿਤ ਕਰਦੇ ਨਜ਼ਰ ਆ ਰਹੇ ਸਨ। ਇਸ ਸਬੰਧ ਵਿੱਚ ਸ੍ਰੀ ਦਰਬਾਰ ਸਾਹਿਬ ਦੀ ਪਰਿਕਰਮਾ ਦੇ ਇੰਚਾਰਜ ਹਰਿੰਦਰ ਸਿੰਘ ਵੱਲੋਂ ਪੁਲੀਸ ਕੋਲ ਸ਼ਿਕਾਇਤ ਕੀਤੀ ਗਈ ਸੀ, ਜਿਸ ਦੇ ਆਧਾਰ ’ਤੇ ਪੁਲੀਸ ਨੇ ਆਈਪੀਸੀ ਦੀ ਧਾਰਾ 295 ਤਹਿਤ ਕੇਸ ਦਰਜ ਕੀਤਾ ਸੀ।
ਹਰਿੰਦਰ ਸਿੰਘ ਨੇ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਦੱਸਿਆ ਕਿ ਇਹ ਘਟਨਾ 25 ਅਪਰੈਲ ਰਾਤ ਕਰੀਬ 12 ਵਜੇ ਦੀ ਹੈ, ਜਦੋਂ ਉਕਤ ਨੌਜਵਾਨਾਂ ਨੇ ਪਰਿਕਰਮਾ ਵਿਚ ਸਰੋਵਰ ਦੇ ਕੰਢੇ ਐਕਟਿੰਗ ਅਤੇ ਨ੍ਰਿਤ ਕਰਦਿਆਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਈ ਸੀ। ਇਸ ਵੀਡੀਓ ਖ਼ਿਲਾਫ਼ ਲੋਕਾਂ ਵੱਲੋਂ ਸਖ਼ਤ ਟਿੱਪਣੀਆਂ ਕੀਤੀਆਂ ਗਈਆਂ ਸਨ। ਹਰਿੰਦਰ ਸਿੰਘ ਨੇ ਇਸ ਸਬੰਧੀ ਜਾਣਕਾਰੀ ਪੁਲੀਸ ਨੂੰ ਦੇ ਕੇ ਦੋਸ਼ ਲਾਇਆ ਕਿ ਇਹ ਨੌਜਵਾਨ ਅਜਿਹਾ ਕਰ ਕੇ ਸ੍ਰੀ ਦਰਬਾਰ ਸਾਹਿਬ ਦੇ ਅਕਸ ਨੂੰ ਢਾਹ ਲਾ ਰਹੇ ਹਨ ਅਤੇ ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸੱਟ ਵੱਜੀ ਹੈ। ਉਨਾਂ ਦੱਸਿਆ ਕਿ ਇਹ ਵੀਡਿਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਤੁਰੰਤ ਇਨ੍ਹਾਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਸੀ।
ਆਪਣੇ ਵਟਸਐਪ ਨੰਬਰ 'ਤੇ ਖ਼ਬਰਾਂ ਹਾਸਿਲ ਕਰਨ ਲਈ ਅੰਮ੍ਰਿਤਸਰ ਟਾਈਮਜ਼ ਦੇ ਵਟਸਐਪ ਨੰਬਰ +91-90413-95718 'ਤੇ ਆਪਣਾ ਨਾਂ ਲਿਖ ਕੇ ਸੁਨੇਹਾ ਭੇਜੋ
Comments (0)