ਬਹਿਬਲ ਕਲਾਂ ਅਤੇ ਕੋਟਕਪੂਰਾ ਕਾਂਡ ਦੇ ਦੋਸ਼ੀ ਉਮਰਾਨੰਗਲ ਨੂੰ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ

ਬਹਿਬਲ ਕਲਾਂ ਅਤੇ ਕੋਟਕਪੂਰਾ ਕਾਂਡ ਦੇ ਦੋਸ਼ੀ ਉਮਰਾਨੰਗਲ ਨੂੰ ਸ਼੍ਰੋਮਣੀ ਕਮੇਟੀ ਨੇ ਸਨਮਾਨਿਤ ਕੀਤਾ

ਅੰਮ੍ਰਿਤਸਰ ਟਾਈਮਜ਼ ਬਿਊਰੋ
ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਵਿਚ ਦੋਸ਼ੀ ਵਜੋਂ ਨਾਮਜ਼ਦ ਪੰਜਾਬ ਪੁਲਸ ਦੇ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਦਰਬਾਰ ਸਾਹਿਬ ਕੰਪਲੈਕਸ ਵਿਖੇ ਸਨਮਾਨਿਤ ਕੀਤਾ ਗਿਆ ਹੈ। ਇਸ ਖਿਲਾਫ ਸਿੱਖ ਜਥੇਬੰਦੀਆਂ ਵੱਲੋਂ ਰੋਸ ਪ੍ਰਗਟ ਕੀਤਾ ਜਾ ਰਿਹਾ ਹੈ ਅਤੇ ਸ਼੍ਰੋਮਣੀ ਕਮੇਟੀ ਦੀ ਸਖਤ ਨਿੰਦਾ ਹੋ ਰਹੀ ਹੈ। 

ਪਰਮਰਾਜ ਸਿੰਘ ਉਮਰਾਨੰਗਲ ਵੱਲੋਂ ਦਰਬਾਰ ਸਾਹਿਬ ਲੰਗਰ ਹਾਲ ਵਿਚ ਲੰਗਰਾਂ ਦੀ ਸੇਵਾ ਵਾਸਤੇ ਰਸਦਾਂ ਦਿੱਤੀਆਂ ਗਈਆਂ ਸੀ ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹਨਾਂ ਨੂੰ ਸਨਮਾਨਿਤ ਕੀਤਾ ਗਿਆ। ਸਨਮਾਨਿਤ ਕਰਨ ਵਾਲਿਆਂ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ ਤੇ ਐਡੀਸ਼ਨਲ ਮੈਨੇਜਰ  ਸ਼੍ਰੀ ਦਰਬਾਰ ਸਾਹਿਬ ਗੁਰਾ ਸਿੰਘ  ਸ਼ਾਮਲ ਸਨ। 

ਦੱਸ ਦਈਏ ਕਿ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ ਤੋਂ ਇਲਾਵਾ ਪਰਮਰਾਜ ਸਿੰਘ ਉਮਰਾਨੰਗਲ ਖਿਲਾਫ ਸਿੱਖ ਨੌਜਵਾਨ ਦੇ ਝੂਠੇ ਮੁਕਾਬਲੇ ਦਾ ਮਾਮਲਾ ਵੀ ਅਦਾਲਤ ਵਿਚ ਚੱਲ ਰਿਹਾ ਹੈ, ਜਿਸ ਅੰਦਰ ਦੋਸ਼ ਹੈ ਕਿ ਗੁਰਨਾਮ ਸਿੰਘ ਬੰਡਾਲਾ ਨਾਮੀਂ ਖਾੜਕੂ ਦੇ ਸਿਰ 'ਤੇ ਰੱਖੇ ਇਨਾਮ ਨੂੰ ਹਾਸਲ ਕਰਨ ਲਈ ਉਮਰਾਨੰਗਲ ਨੇ ਕਿਸੇ ਹੋਰ ਸਿੱਖ ਨੌਜਵਾਨ ਦਾ ਝੂਠਾ ਮੁਕਾਬਲ ਬਣਾ ਕੇ ਉਸਨੂੰ ਬੰਡਾਲਾ ਵਜੋਂ ਪੇਸ਼ ਕਰ ਦਿੱਤਾ ਸੀ। 

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਜੱਜ ਅਜੀਤ ਸਿੰਘ ਬੈਂਸ ਦੀ ਪ੍ਰਧਾਨਗੀ ਵਾਲੀ ਪੰਜਾਬ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਵੱਲੋਂ ਜਾਰੀ ਬਿਆਨ ਵਿਚ ਇਸ ਸਨਮਾਨ ਲਈ ਸ਼੍ਰੋਮਣੀ ਕਮੇਟੀ ਦੀ ਸਖਤ ਨਿੰਦਾ ਕੀਤੀ ਗਈ ਹੈ। 

ਧਿਆਨ ਦਿਓ: ਆਪਣੇ ਵਟਸਐਪ ਨੰਬਰ ਤੋਂ ਸਾਡੇ ਵਟਸਐਪ ਨੰਬਰ +91-90413-95718 'ਤੇ ਸਤਿਸ਼੍ਰੀਅਕਾਲ ਬੁਲਾਓ, ਅਸੀਂ ਤੁਹਾਨੂੰ ਹਰ ਤਾਜ਼ਾ ਖ਼ਬਰ ਤੁਹਾਡੇ ਵਟਸਐਪ ਨੰਬਰ 'ਤੇ ਪਹੁੰਚਦੀ ਕਰਾਂਗੇ।