ਸਿੱਖ ਤੇ ਪੰਜਾਬੀ ਭਾਈਚਾਰੇ ਵੱਲੋਂ ਇਤਿਹਾਸ ਤੇ ਸਭਿਆਚਾਰ ਵਿੱਚ ਯੋਗਦਾਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ
ਅੰਮ੍ਰਿਤਸਰ ਟਾਈਮਜ਼
ਸੈਕਰਾਮੈਂਟੋ (ਹੁਸਨ ਲੜੋਆ ਬੰਗਾ)- ਸਿੱਖ ਤੇ ਪੰਜਾਬੀ ਭਾਈਚਾਰੇ ਨੇ ਸਿੱਖ ਇਤਿਹਾਸ, ਰਵਾਇਤਾਂ ਤੇ ਸਭਿਆਚਾਰ ਨੂੰ ਬੜ੍ਹਾਵਾ ਦੇਣ ਲਈ ਪਾਏ ਯੋਗਦਾਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕੀਤਾ ਹੈ। ਇਸ ਸਬੰਧੀ ਵਾਸ਼ਿੰਗਟਨ, ਡੀ ਸੀ ਵਿਚ ਇਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ ਜਿਸ ਵਿਚ ਬੁਲਾਰਿਆਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਿੱਖਾਂ ਤੇ ਪੰਜਾਬੀਆਂ ਨਾਲ ਦਿਲੋਂ ਜੁੜੇ ਹੋਏ ਹਨ ਤੇ ਉਨ੍ਹਾਂ ਨੇ ਸਾਹਿਬਜ਼ਾਦਿਆਂ ਦੀ ਯਾਦ ਵਿਚ ਹਰ ਸਾਲ 'ਵੀਰ ਬਾਲ ਦਿਵਸ' ਮਨਾਉਣ, ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਕਰਤਾਰ ਪੁਰ ਲਾਂਘਾ ਖੋਲ੍ਹਣ, ਅਫਗਾਨਿਸਤਾਨ ਵਿਚੋਂ ਸਿੱਖਾਂ ਤੇ ਸ੍ਰੀ ਗੁਰੂ ਗਰੰਥ ਸਾਹਿਬ ਦੇ ਸਰੂਪਾਂ ਨੂੰ ਭਾਰਤ ਲਿਆਉਣ ਤੇ ਤਿੰਨ ਖੇਤੀ ਕਾਨੂੰਨ ਰੱਦ ਕਰਨ ਸਮੇਤ ਅਨੇਕਾਂ ਕਦਮ ਚੁੱਕੇ ਹਨ। ਬੁਲਾਰਿਆਂ ਨੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਦੀ ਐਫ ਸੀ ਆਰ ਏ ਲਈ ਰਜਿਸਟ੍ਰੇਸ਼ਨ ਕਰਵਾਉਣ ਤੇ ਲੰਗਰ ਨੂੰ ਟੈਕਸ ਮੁਕਤ ਕਰਨ ਵਾਸਤੇ ਵੀ ਪ੍ਰਧਾਨ ਮੰਤਰੀ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦੇ ਪਸਾਰ ਲਈ ਵਰਣਨਯੋਗ ਕੰਮ ਕੀਤਾ ਹੈ ਜਿਸ ਲਈ ਸਿੱਖ ਭਾਈਚਾਰਾ ਉਨ੍ਹਾਂ ਦਾ ਰਿਣੀ ਹੈ।
Comments (0)